ਯੌਨ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ 'ਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਮਿਲ ਗਈ ਹੈ। ਮੰਗਲਵਾਰ ਸਵੇਰੇ ਰਾਮ ਰਹੀਮ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ ਅਤੇ ਤੁਰੰਤ ਯੂਪੀ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ਲਈ ਰਵਾਨਾ ਹੋ ਗਿਆ।
ਸ਼ਰਤਾਂ ਮੁਤਾਬਕ ਮਿਲੀ ਫਰਲੋ
ਰਾਮ ਰਹੀਮ ਦੀ ਫਰਲੋ ਬਾਰੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਨੂੰ ਫਰਲੋ ਦੇਣ ਤੋਂ ਪਹਿਲਾਂ ਇਸ ਬਾਰੇ ਸੋਚਣ ਲਈ ਕਿਹਾ ਸੀ। ਹਰਿਆਣਾ ਨੇ ਰਾਮ ਰਹੀਮ ਨੂੰ ਫਰਲੋ ਦੇਣ ਲਈ ਕੁਝ ਸ਼ਰਤਾਂ ਰੱਖੀਆਂ ਸਨ, ਜਿਸ ਤੋਂ ਬਾਅਦ ਹੀ ਉਸ ਨੂੰ ਇਹ 21 ਦਿਨਾਂ ਦੀ ਫਰਲੋ ਦਿੱਤੀ ਗਈ।
ਯੂਪੀ ਦੇ ਬਰਨਾਵਾ ਆਸ਼ਰਮ ਵਿੱਚ ਰਹਿਣਾ ਹੋਵੇਗਾ
ਹਰਿਆਣਾ ਸਰਕਾਰ ਦੀ ਸ਼ਰਤ ਮੁਤਾਬਕ ਉਹ 21 ਦਿਨ ਬਾਗਪਤ ਸਥਿਤ ਬਰਨਵਾ ਆਸ਼ਰਮ 'ਚ ਰਹੇਗਾ। ਇਸ ਤੋਂ ਇਲਾਵਾ ਉਸ ਨੂੰ ਕਿਤੇ ਵੀ ਜਾਣ ਨਹੀਂ ਦਿੱਤਾ ਜਾਵੇਗਾ। ਇਸ ਸ਼ਰਤ ਨੂੰ ਮੰਨਣ ਤੋਂ ਬਾਅਦ ਹੀ ਰਾਮ ਰਹੀਮ ਜੇਲ੍ਹ ਤੋਂ ਬਾਹਰ ਆਇਆ ਅਤੇ ਯੂਪੀ ਲਈ ਰਵਾਨਾ ਹੋ ਗਿਆ।
ਸ਼੍ਰੋਮਣੀ ਕਮੇਟੀ ਨੇ ਫਰਲੋ ਦਾ ਵਿਰੋਧ ਕੀਤਾ
ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਾਮ ਰਹੀਮ ਨੂੰ ਦਿੱਤੀ ਜਾ ਰਹੀ ਫਰਲੋ ਦਾ ਵਿਰੋਧ ਕਰਦਿਆਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਪਟੀਸ਼ਨ ਨੂੰ ਹਾਈ ਕੋਰਟ ਨੇ ਰੱਦ ਕਰ ਦਿੱਤਾ ਸੀ। ਹਾਈ ਕੋਰਟ ਨੇ ਕਿਹਾ ਕਿ ਰਾਜ ਸਰਕਾਰ ਅਜਿਹੇ ਮੁੱਦਿਆਂ 'ਤੇ ਫੈਸਲੇ ਲੈਣ ਦੇ ਸਮਰੱਥ ਹੈ।
10ਵੀਂ ਵਾਰ ਮਿਲੀ ਫਰਲੋ
ਦੱਸ ਦੇਈਏ ਕਿ ਰਾਮ ਰਹੀਮ ਨੂੰ 10ਵੀਂ ਵਾਰ ਇਹ ਫਰਲੋ ਮਿਲੀ ਹੈ। 24 ਅਕਤੂਬਰ 2020 ਤੋਂ 12 ਅਗਸਤ 2024 ਤੱਕ ਰਾਮ ਰਹੀਮ 10 ਵਾਰ ਫਰਲੋ ਲੈ ਚੁੱਕਾ ਹੈ, ਜਿਸ ਵਿੱਚ ਹੁਣ ਤੱਕ ਉਹ 222 ਦਿਨਾਂ ਦੀ ਫਰਲੋ 'ਤੇ ਜੇਲ੍ਹ ਤੋਂ ਬਾਹਰ ਹੈ।