ਸੁਪਰੀਮ ਕੋਰਟ ਦੇ ਨੋਟਿਸ ਤੋਂ ਬਾਅਦ ਡੇਰਾ ਮੁਖੀ ਰਾਮ ਰਹੀਮ ਦੀ ਪ੍ਰਤੀਕਿਰਿਆ ਆਈ ਹੈ। ਡੇਰੇ ਦੀ ਤਰਫੋਂ ਕਿਹਾ ਗਿਆ ਹੈ ਕਿ ਉਹ ਸੁਪਰੀਮ ਕੋਰਟ ਵਿੱਚ ਵੀ ਆਪਣਾ ਪੱਖ ਪੇਸ਼ ਕਰੇਗਾ। ਕਿਉਂਕਿ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਅੱਗੇ ਅਧੂਰੇ ਸਬੂਤ ਪੇਸ਼ ਕੀਤੇ ਹਨ। ਜਲਦੀ ਹੀ ਅਸੀਂ ਪੂਰੇ ਤੱਥ ਸੁਪਰੀਮ ਕੋਰਟ 'ਚ ਪੇਸ਼ ਕਰਾਂਗੇ। ਕਿਉਂਕਿ ਅਸੀਂ ਹਾਈਕੋਰਟ ਵਿੱਚ ਸਾਰੇ ਸਬੂਤ ਪੇਸ਼ ਕੀਤੇ ਸਨ। ਜਿਸ ਤੋਂ ਬਾਅਦ ਹੀ ਹਾਈਕੋਰਟ ਨੇ ਇਸ ਮਾਮਲੇ 'ਤੇ ਰੋਕ ਲਗਾ ਦਿੱਤੀ ਸੀ।
ਸੁਪਰੀਮ ਕੋਰਟ ਨੇ ਹਟਾਈ ਪਾਬੰਦੀ, ਜਾਰੀ ਕੀਤਾ ਨੋਟਿਸ
ਦਰਅਸਲ ਬੀਤੇ ਦਿਨ ਸੁਪਰੀਮ ਕੋਰਟ ਨੇ ਫਰੀਦਕੋਟ ਦੇ ਬਰਗਾੜੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ 'ਚ ਬਾਬਾ ਰਾਮ ਰਹੀਮ ਨੂੰ ਝਟਕਾ ਦਿੰਦਿਆਂ ਹਾਈਕੋਰਟ ਦੀ ਸਟੇਅ ਨੂੰ ਹਟਾ ਦਿੱਤਾ ਸੀ। ਇਸ ਦੇ ਨਾਲ ਹੀ ਰਾਮ ਰਹੀਮ ਨੂੰ ਨੋਟਿਸ ਵੀ ਜਾਰੀ ਕੀਤਾ ਗਿਆ ਤੇ ਇੱਕ ਮਹੀਨੇ ਦੇ ਅੰਦਰ ਜਵਾਬ ਮੰਗਿਆ ਗਿਆ ਸੀ।
ਹਾਈਕੋਰਟ ਨੇ ਲਗਾਈ ਸੀ ਰੋਕ
ਮਾਰਚ 2023 'ਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਮਾਮਲੇ 'ਚ 3 ਮਾਮਲਿਆਂ ਦੀ ਜਾਂਚ 'ਤੇ ਰੋਕ ਲਗਾ ਦਿੱਤੀ ਸੀ। ਹਾਲਾਂਕਿ ਪੰਜਾਬ ਸਰਕਾਰ ਨੇ ਇਸ ਹੁਕਮ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਸੀ, ਜਿਸ ਤੋਂ ਬਾਅਦ ਅੱਜ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਣਾਇਆ। ਇਸ ਫੈਸਲੇ ਨਾਲ ਰਾਮ ਰਹੀਮ ਖਿਲਾਫ ਕੇਸ ਦੀ ਸੁਣਵਾਈ ਦੀ ਪ੍ਰਕਿਰਿਆ ਮੁੜ ਸ਼ੁਰੂ ਹੋ ਜਾਵੇਗੀ, ਜਿਸ ਨਾਲ ਉਸ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।
ਧਾਰਮਿਕ ਭਾਵਨਾਵਾਂ ਤੇ ਇਨਸਾਫ਼ ਦੀ ਲੋੜ
ਪੰਜਾਬ ਸਰਕਾਰ ਨੇ ਸੁਪਰੀਮ ਕੋਰਟ 'ਚ ਦਲੀਲ ਦਿੱਤੀ ਕਿ ਇਸ ਸੰਵੇਦਨਸ਼ੀਲ ਮਾਮਲੇ 'ਚ ਇਨਸਾਫ਼ ਜ਼ਰੂਰੀ ਹੈ, ਕਿਉਂਕਿ ਇਹ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਸਰਕਾਰ ਨੇ ਕਿਹਾ ਕਿ ਹਾਈ ਕੋਰਟ ਵੱਲੋਂ ਜਾਂਚ ’ਤੇ ਰੋਕ ਲਾਉਣ ਨਾਲ ਕੇਸ ਦੀ ਸੁਣਵਾਈ ’ਚ ਰੁਕਾਵਟ ਆ ਰਹੀ ਹੈ, ਜਿਸ ਕਾਰਨ ਨਿਆਂ ਪ੍ਰਕਿਰਿਆ ’ਚ ਦੇਰੀ ਹੋ ਰਹੀ ਹੈ। ਸੁਪਰੀਮ ਕੋਰਟ ਨੇ ਸਰਕਾਰ ਦੀਆਂ ਦਲੀਲਾਂ ਨੂੰ ਸਵੀਕਾਰ ਕਰਦਿਆਂ ਹਾਈ ਕੋਰਟ ਦਾ ਸਟੇਅ ਹਟਾ ਦਿੱਤਾ ਹੈ।