ਲੁਧਿਆਣਾ ਪੁਲਸ ਨੇ ਲੁਧਿਆਣਾ ਤੋਂ ਸੰਸਦ ਰਵਨੀਤ ਸਿੰਘ ਬਿੱਟੂ ਨੂੰ ਅੱਜ ਬਾਅਦ ਦੁਪਹਿਰ ਘਰ ਵਿਚ ਨਜ਼ਰਬੰਦ ਕਰ ਦਿੱਤਾ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਰਵਨੀਤ ਬਿੱਟੂ ਖਿਲਾਫ ਨਗਰ ਨਿਗਮ ਦਫਤਰ ਨੂੰ ਤਾਲਾ ਲਗਾਉਣ ਦੇ ਦੋਸ਼ 'ਚ ਐੱਫ.ਆਈ.ਆਰ. ਦਰਜ ਕੀਤੀ ਗਈ ਸੀ।
ਇਸ ਦੌਰਾਨ ਬਿੱਟੂ ਨੇ ਪੁਲਸ ਕਮਿਸ਼ਨਰ ਦਫਤਰ ਵਿਚ ਪ੍ਰਦਰਸ਼ਨ ਕਰਦੇ ਹੋਏ ਗ੍ਰਿਫਤਾਰੀ ਦਿੱਤੀ ਸੀ। ਭਾਵੇਂ ਰਵਨੀਤ ਬਿੱਟੂ ਨੂੰ ਜ਼ਮਾਨਤ ਮਿਲ ਗਈ ਸੀ ਪਰ ਉਸ ਨੇ ਕਿਹਾ ਸੀ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਹੋਰ ਸਰਕਾਰੀ ਦਫ਼ਤਰਾਂ ਨੂੰ ਤਾਲੇ ਲਾਉਣਗੇ। ਇਸ ਦੌਰਾਨ ਬਿੱਟੂ ਇੱਕ ਕਮਿਊਨਿਟੀ ਸੈਂਟਰ ਦਾ ਉਦਘਾਟਨ ਕਰਨ ਦੀ ਤਿਆਰੀ ਕਰ ਰਹੇ ਸਨ ਪਰ ਪੁਲਸ ਨੇ ਰਵਨੀਤ ਬਿੱਟੂ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ।
ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਾਨੂੰਨ ਵਿਵਸਥਾ ਵਿਗੜ ਸਕਦੀ ਸੀ, ਜਿਸ ਕਾਰਨ ਪੁਲਸ ਵਲੋਂ ਇਹ ਕਾਰਵਾਈ ਕੀਤੀ ਗਈ ਹੈ।ਉਨ੍ਹਾਂ ਦੇ ਘਰ ਦੇ ਬਾਹਰ ਸੁਰੱਖਿਆ ਲਈ ਵੱਡੀ ਗਿਣਤੀ ਵਿੱਚ ਪੁਲਸ ਤਾਇਨਾਤ ਕੀਤੀ ਗਈ ਹੈ। ਰਵਨੀਤ ਸਿੰਘ ਬਿੱਟੂ ਦੇ ਨਾਲ ਹੀ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਨੂੰ ਵੀ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ।