ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਨੂੰ ਕਾਇਮ ਰੱਖਣ ਲਈ ਵਿਸ਼ੇਸ਼ ਡੀਜੀਪੀ (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਨੂੰ ਨਿਯੁਕਤ ਕੀਤਾ ਗਿਆ ਹੈ। ਪੰਜਾਬ ਵਿੱਚ ਪਿਛਲੇ ਦੋ ਮਹੀਨਿਆਂ ਵਿੱਚ ਪਰਾਲੀ ਸਾੜਨ ਦੀ ਗਿਣਤੀ 30 ਹਜ਼ਾਰ ਤੋਂ ਵੱਧ ਹੋ ਗਈ ਹੈ।
ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਜੇਕਰ ਕੋਈ ਵੀ ਪਰਾਲੀ ਸਾੜਨ ਦਾ ਮਾਮਲਾ ਸਾਹਮਣੇ ਆਇਆ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਦੱਸ ਦੇਈਏ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਨਿਗਰਾਨੀ ਕਰਨ ਲਈ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਨਿਯੁਕਤ ਕੀਤਾ ਹੈ।
2 ਮਹੀਨਿਆਂ 'ਚ 30 ਹਜ਼ਾਰ ਦਾ ਅੰਕੜਾ ਕੀਤਾ ਪਾਰ
ਪਿਛਲੇ ਦੋ ਮਹੀਨਿਆਂ ਦੌਰਾਨ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 30,000 ਦਾ ਅੰਕੜਾ ਪਾਰ ਕਰ ਗਈਆਂ ਹਨ, ਜਦੋਂ ਕਿ ਬੁੱਧਵਾਰ (15 ਨਵੰਬਰ) ਨੂੰ ਸੂਬੇ ਵਿੱਚ ਪਰਾਲੀ ਸਾੜਨ ਦੀਆਂ 2,544 ਤਾਜ਼ਾ ਘਟਨਾਵਾਂ ਦਰਜ ਕੀਤੀਆਂ ਗਈਆਂ ਹਨ।
ਇੱਕ ਦਿਨ ਵਿੱਚ 2 ਹਜ਼ਾਰ ਪਰਾਲੀ ਸਾੜਨ ਦੇ ਮਾਮਲੇ
ਬੁੱਧਵਾਰ (15 ਨਵੰਬਰ) ਨੂੰ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 2,544 ਘਟਨਾਵਾਂ ਦਰਜ ਕੀਤੀਆਂ ਗਈਆਂ, ਜਿਸ ਨਾਲ 15 ਸਤੰਬਰ ਤੋਂ ਹੁਣ ਤੱਕ ਕੁੱਲ ਮਾਮਲਿਆਂ ਦੀ ਗਿਣਤੀ 30,661 ਹੋ ਗਈ ਹੈ। ਦਿੱਲੀ ਵਿੱਚ 24 ਘੰਟੇ ਦੀ ਔਸਤ ਹਵਾ ਗੁਣਵੱਤਾ ਸੂਚਕਾਂਕ (AQI) ਸ਼ਾਮ 4 ਵਜੇ 401 ਦਰਜ ਕੀਤਾ ਗਿਆ।