ਪੰਜਾਬ ਤੇ ਹਰਿਆਣਾ ਵਿੱਚ ਮੌਸਮ ਵਿਭਾਗ ਨੇ ਇੱਕ ਵਾਰ ਫਿਰ ਧੁੰਦ ਤੇ ਸੀਤ ਲਹਿਰ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਐਤਵਾਰ ਸਵੇਰੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਛਾਈ ਰਹੀ। ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸਵੇਰ ਵੇਲੇ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਸੀ।
15 ਜ਼ਿਲਿਆਂ 'ਚ ਹੋਵੇਗਾ ਮੌਸਮ ਖਰਾਬ
ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਨਵਾਂਸ਼ਹਿਰ, ਜਲੰਧਰ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਰੈੱਡ ਫੋਗ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਭਰ 'ਚ ਸਵੇਰ ਵੇਲੇ ਧੁੰਦ ਅਤੇ ਠੰਡ ਪੈਣ ਦੀ ਸੰਭਾਵਨਾ ਹੈ।
ਹਰਿਆਣਾ ਦੇ 11 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ
ਹਰਿਆਣਾ ਦੇ 11 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਅੰਬਾਲਾ, ਕੁਰੂਕਸ਼ੇਤਰ, ਕੈਥਲ, ਕਰਨਾਲ, ਮਹਿੰਦਰਗੜ੍ਹ, ਰੇਵਾੜੀ, ਝੱਜਰ, ਗੁਰੂਗ੍ਰਾਮ, ਮੇਵਾਤ, ਪਲਵਲ, ਫਰੀਦਾਬਾਦ ਵਿੱਚ ਸੰਘਣੀ ਧੁੰਦ-ਸ਼ੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਦੇ ਮੈਦਾਨੀ ਇਲਾਕਿਆਂ 'ਚ ਧੁੰਦ ਦੇਖਣ ਨੂੰ ਮਿਲ ਰਹੀ ਹੈ। ਮੰਡੀ, ਬਿਲਾਸਪੁਰ, ਹਮੀਰਪੁਰ, ਊਨਾ, ਕਾਂਗੜਾ, ਸਿਰਮੌਰ ਅਤੇ ਸੋਲਨ ਵਿੱਚ ਧੁੰਦ ਦਾ ਅਲਰਟ ਹੈ।
ਪੰਜਾਬ ਦੇ ਇਹ ਜ਼ਿਲ੍ਹੇ ਰਹੇ ਸਭ ਤੋਂ ਠੰਡੇ
ਚੰਡੀਗੜ੍ਹ, ਅੰਮ੍ਰਿਤਸਰ, ਮੁਹਾਲੀ ਅਤੇ ਰੂਪਨਗਰ ਵਿੱਚ ਵੱਧ ਤੋਂ ਵੱਧ ਤਾਪਮਾਨ ਨੌ ਡਿਗਰੀ ਦਰਜ ਕੀਤਾ ਗਿਆ, ਜਦੋਂ ਕਿ ਪਟਿਆਲਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ ਅਤੇ ਮੋਗਾ ਵਿੱਚ ਦਿਨ ਦਾ ਤਾਪਮਾਨ ਦਸ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ ਸੱਤ ਤੋਂ ਅੱਠ ਡਿਗਰੀ ਸੈਲਸੀਅਸ ਘੱਟ ਰਿਹਾ ਜਦੋਂਕਿ ਰਾਤ ਦਾ ਤਾਪਮਾਨ ਇੱਕ ਤੋਂ ਦੋ ਡਿਗਰੀ ਸੈਲਸੀਅਸ ਵੱਧ ਰਿਹਾ।
5 ਦਿਨਾਂ ਤੱਕ ਰਾਹਤ ਦੀ ਕੋਈ ਉਮੀਦ ਨਹੀਂ
ਚੰਡੀਗੜ੍ਹ 'ਚ ਠੰਡ ਅਤੇ ਧੁੰਦ ਤੋਂ ਰਾਹਤ ਨਹੀਂ ਮਿਲੀ ਹੈ। ਐਤਵਾਰ ਨੂੰ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 5.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਅਗਲੇ 4 ਤੋਂ 5 ਦਿਨਾਂ ਤੱਕ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਕੜਾਕੇ ਦੀ ਠੰਡ ਤੋਂ ਰਾਹਤ ਮਿਲਣ ਦੀ ਸੰਭਾਵਨਾ ਘੱਟ ਹੈ।