ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ 30 ਨਵੰਬਰ, 2023 ਤੱਕ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਆਪਣੇ ਆਪ ਨੂੰ ਰਜਿਸਟਰ ਕਰਵਾ ਕੇ 1 ਲੱਖ ਰੁਪਏ ਤੱਕ ਦਾ ਇਨਾਮ ਜਿੱਤਣ ਦੇ ਮੌਕੇ ਦਾ ਲਾਭ ਉਠਾਉਣ।
ਪੰਜਾਬ ਸਰਕਾਰ ਦੀ ਪਹਿਲਕਦਮੀ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਰਾਜ ਸਿਹਤ ਏਜੰਸੀ ਵੱਲੋਂ ਸੂਬੇ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮੇ ਅਧੀਨ ਲਿਆਉਣ ਲਈ ਡਰਾਅ ਕੱਢਿਆ ਗਿਆ ਹੈ, ਜਿਸ ਤਹਿਤ ਲੋਕ 30 ਨਵੰਬਰ 2023 ਤੱਕ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਰਜਿਸਟਰ ਕਰਨ ਵਾਲਿਆਂ ਨੂੰ 1 ਲੱਖ ਰੁਪਏ ਤੱਕ ਦੇ ਇਨਾਮ ਜਿੱਤਣ ਦਾ ਮੌਕਾ ਮਿਲੇਗਾ।
ਇਨ੍ਹਾਂ ਜੇਤੂਆਂ ਨੂੰ ਇੰਨਾ ਇਨਾਮ ਮਿਲੇਗਾ
ਡਰਾਅ ਦੌਰਾਨ 10 ਜੇਤੂਆਂ ਦੀ ਚੋਣ ਕੀਤੀ ਜਾਵੇਗੀ ਅਤੇ ਪਹਿਲਾ ਇਨਾਮ 1 ਲੱਖ ਰੁਪਏ, ਦੂਜਾ ਇਨਾਮ 50 ਹਜ਼ਾਰ ਰੁਪਏ ਅਤੇ ਤੀਜਾ ਇਨਾਮ 25 ਹਜ਼ਾਰ ਰੁਪਏ ਹੋਵੇਗਾ। ਇਸੇ ਤਰ੍ਹਾਂ ਚੌਥਾ ਇਨਾਮ 10,000 ਰੁਪਏ ਅਤੇ ਪੰਜਵਾਂ ਇਨਾਮ 8,000 ਰੁਪਏ, ਜਦਕਿ ਛੇਵੇਂ ਤੋਂ ਦਸਵੇਂ ਇਨਾਮ ਤੱਕ 5,000 ਰੁਪਏ ਹੋਵੇਗਾ। ਇਹ ਡਰਾਅ 4 ਦਸੰਬਰ 2023 ਨੂੰ ਹੋਵੇਗਾ।
ਨਕਦ ਰਹਿਤ ਇਲਾਜ ਦੀ ਸਹੂਲਤ ਮਿਲੇਗੀ
ਇਸ ਮੁਹਿੰਮ ਤਹਿਤ ਲੋਕਾਂ ਨੂੰ ਆਯੂਸ਼ਮਾਨ ਕਾਰਡ ਬਣਵਾਉਣ ਲਈ ਪ੍ਰੇਰਿਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਜ਼ਿਲ੍ਹੇ ਦੇ 13 ਸਰਕਾਰੀ ਅਤੇ 59 ਨਿੱਜੀ ਸੂਚੀਬੱਧ ਹਸਪਤਾਲਾਂ ਵਿੱਚ ਹਰ ਸਾਲ ਪੂਰੇ ਪਰਿਵਾਰ ਨੂੰ 5 ਲੱਖ ਰੁਪਏ ਤੱਕ ਦੇ ਨਗਦੀ ਰਹਿਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 2,63,658 ਯੋਗ ਪਰਿਵਾਰਾਂ ਨੂੰ ਇਸ ਸਕੀਮ ਅਧੀਨ ਕਵਰ ਕੀਤਾ ਗਿਆ ਹੈ।
ਇਨ੍ਹਾਂ ਬਿਮਾਰੀਆਂ ਦੇ ਇਲਾਜ ਦੀ ਸਹੂਲਤ ਮਿਲੇਗੀ
ਸਕੀਮ ਤਹਿਤ ਗੋਡੇ ਬਦਲਣ, ਦਿਲ ਦੀ ਸਰਜਰੀ, ਕੈਂਸਰ ਦੇ ਇਲਾਜ ਸਮੇਤ ਕਈ ਬਿਮਾਰੀਆਂ ਦੇ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਸਕੀਮ ਦੇ ਲਾਭਪਾਤਰੀ ਪਰਿਵਾਰਾਂ ਵਿੱਚ ਐਨਐਫਐਸਏ ਰਾਸ਼ਨ ਕਾਰਡ ਧਾਰਕ, ਜੇ-ਫਾਰਮ ਧਾਰਕ ਕਿਸਾਨ, ਰਜਿਸਟਰਡ ਮਜ਼ਦੂਰ, ਰਜਿਸਟਰਡ ਛੋਟੇ ਵਪਾਰੀ, ਮਾਨਤਾ ਪ੍ਰਾਪਤ ਅਤੇ ਪੀਲਾ ਕਾਰਡ ਧਾਰਕ ਸ਼ਾਮਲ ਹਨ।