ਕਪੂਰਥਲਾ ਦੀ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਵਿਚ ਲੁਟੇਰਿਆਂ ਨੇ ਪੈਟਰੋਲ ਪੰਪ ਨੂੰ ਨਿਸ਼ਾਨਾ ਬਣਾਇਆ। ਇਹ ਮਾਮਲਾ ਪਿੰਡ ਜੱਬੋਵਾਲ ਤੋਂ ਸਾਹਮਣੇ ਆਇਆ ਹੈ, ਜਿਥੇ ਮੰਗਲਵਾਰ ਦੇਰ ਸ਼ਾਮ ਕੁਝ ਹਥਿਆਰਬੰਦ ਲੁਟੇਰਿਆਂ ਨੇ ਪੈਟਰੋਲ ਪੰਪ ਦੇ ਮੁਲਾਜ਼ਮਾਂ 'ਤੇ ਹਮਲਾ ਕਰ ਕੇ ਲੁੱਟ-ਖੋਹ ਕੀਤੀ।
ਪੈਟਰੋਲ ਪੰਪ ਦੇ ਦੋ ਮੁਲਾਜ਼ਮ ਜ਼ਖਮੀ
ਦੱਸ ਦੇਈਏ ਕਿ ਸ਼ਰਾਰਤੀ ਅਨਸਰਾਂ ਦੇ ਹਮਲੇ ਕਾਰਨ ਦੋ ਮੁਲਾਜ਼ਮ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਤਿੰਨ ਹਥਿਆਰਬੰਦ ਲੁਟੇਰਿਆਂ ਨੇ ਘਟਨਾ ਨੂੰ ਦਿੱਤਾ ਅੰਜਾਮ
ਪਿੰਡ ਜੱਬੋਵਾਲ ਦੇ ਐਸ.ਆਰ.ਪੈਟਰੋਲ ਪੰਪ ਦੇ ਮਾਲਕ ਜੋਗਰਾਜ ਸਿੰਘ ਨੇ ਦੱਸਿਆ ਕਿ ਦੇਰ ਸ਼ਾਮ ਬਾਈਕ 'ਤੇ ਸਵਾਰ ਤਿੰਨ ਹਥਿਆਰਬੰਦ ਲੁਟੇਰੇ ਉਨ੍ਹਾਂ ਦੇ ਪੰਪ 'ਤੇ ਆਏ। ਬਦਮਾਸ਼ਾਂ ਨੇ ਪੈਟਰੋਲ ਪੰਪ ਦੇ ਕਰਮਚਾਰੀ ਆਨੰਦ ਕੁਮਾਰ ਅਤੇ ਸੰਤੋਸ਼ ਸ਼ੁਕਲਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਨ੍ਹਾਂ ਨੂੰ ਗੰਭੀਰ ਜ਼ਖਮੀ ਕਰ ਦਿੱਤਾ।
ਜਿਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।ਉਨ੍ਹਾਂ ਦੱਸਿਆ ਕਿ ਲੁਟੇਰਿਆਂ ਨੇ ਕਿੰਨੀ ਰਕਮ ਲੁੱਟੀ ਸੀ। ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ। ਮੁੱਢਲੀ ਜਾਂਚ ਵਿੱਚ 20 ਤੋਂ 25 ਹਜ਼ਾਰ ਰੁਪਏ ਦੀ ਲੁੱਟ ਹੋਣ ਦੀ ਗੱਲ ਕਹੀ ਜਾ ਰਹੀ ਹੈ।
ਪੁਲਸ ਕਰ ਰਹੀ ਜਾਂਚ
ਸੂਚਨਾ ਮਿਲਣ ਤੋਂ ਬਾਅਦ ਡੀਐਸਪੀ ਬਬਨਦੀਪ ਸਿੰਘ ਪੁਲਸ ਟੀਮ ਸਮੇਤ ਮੌਕੇ ’ਤੇ ਪੁੱਜੇ ਅਤੇ ਜਾਂਚ ਸ਼ੁਰੂ ਕੀਤੀ। ਜ਼ਿਕਰਯੋਗ ਹੈ ਕਿ ਆਜ਼ਾਦੀ ਦਿਹਾੜਾ ਨੇੜੇ ਹੈ, ਜਿਥੇ ਇਸ ਦੌਰਾਨ ਪੁਲਸ ਦੀ ਮੁਸਤੈਦੀ ਵਧਾਈ ਜਾਂਦੀ ਹੈ, ਉਥੇ ਹੀ ਅਜਿਹੀਆਂ ਘਟਨਾਵਾਂ ਨੂੰ ਲੁਟੇਰੇ ਸ਼ਰੇਆਮ ਅੰਜਾਮ ਦੇ ਰਹੇ ਹਨ।