ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੰਗਨਾ ਰਣੌਤ ਦੀ ਐਮਰਜੈਂਸੀ ਫਿਲਮ 'ਤੇ ਪੰਜਾਬ ਵਿੱਚ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਇਹ ਫਿਲਮ ਸਿੱਖ ਇਤਿਹਾਸ ਨੂੰ ਗਲਤ ਢੰਗ ਨਾਲ ਪੇਸ਼ ਕਰਦੀ ਹੈ ਅਤੇ ਲੋਕਾਂ ਵਿੱਚ ਗੁੱਸਾ ਪੈਦਾ ਕਰ ਸਕਦੀ ਹੈ।
ਸਿੱਖਾਂ 'ਚ ਗੁੱਸਾ ਫੈਲਾ ਸਕਦੀ ਹੈ ਇਹ ਫਿਲਮ
ਹਰਜਿੰਦਰ ਧਾਮੀ ਨੇ ਪੱਤਰ ਵਿੱਚ ਲਿਖਿਆ ਕਿ ਜੇਕਰ ਫਿਲਮ ਰਿਲੀਜ਼ ਹੁੰਦੀ ਹੈ ਤਾਂ ਇਸ ਨਾਲ ਸਿੱਖ ਭਾਈਚਾਰੇ ਵਿੱਚ ਗੁੱਸਾ ਅਤੇ ਰੋਸ ਪੈਦਾ ਹੋ ਸਕਦਾ ਹੈ। ਇਸ ਲਈ, ਇਹ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਇਹ ਯਕੀਨੀ ਬਣਾਏ ਕਿ ਸੂਬੇ ਵਿੱਚ ਫਿਲਮ 'ਤੇ ਪਾਬੰਦੀ ਲਗਾਈ ਜਾਵੇ। ਇਸ ਸਬੰਧੀ ਇਹ ਪੱਤਰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨੂੰ ਵੀ ਭੇਜੇ ਗਏ ਹਨ।
ਸ਼੍ਰੋਮਣੀ ਕਮੇਟੀ ਫਿਲਮ ਰਿਲੀਜ਼ ਦਾ ਕਰੇਗੀ ਸਖ਼ਤ ਵਿਰੋਧ
ਸ਼੍ਰੋਮਣੀ ਕਮੇਟੀ ਨੇ ਪੱਤਰ ਵਿੱਚ ਚੇਤਾਵਨੀ ਦਿੱਤੀ ਹੈ ਕਿ ਜੇਕਰ ਇਹ ਫਿਲਮ ਰਿਲੀਜ਼ ਹੋਈ ਤਾਂ ਉਹ ਇਸਦਾ ਸਖ਼ਤ ਵਿਰੋਧ ਕਰੇਗੀ। ਸਿੱਖ ਇਤਿਹਾਸ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜਿਸ ਕਾਰਨ ਇਸ ਫਿਲਮ ਨੂੰ ਪੰਜਾਬ ਵਿੱਚ ਰਿਲੀਜ਼ ਨਹੀਂ ਹੋਣ ਦਿੱਤਾ ਜਾਵੇਗਾ।