ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਰੱਦ ਕਰ ਦਿੱਤਾ ਹੈ। ਬੀਤੇ ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਸਿੱਖ ਪੰਥ ਨੂੰ ਉਨ੍ਹਾਂ ਦੀਆਂ ਸੇਵਾਵਾਂ ਦੀ ਲੋੜ
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਨਾਮਨਜ਼ੂਰ ਕਰਦੇ ਹੋਏ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਦੀ ਸਿੱਖ ਪੰਥ ਨੂੰ ਬਹੁਤ ਹੀ ਲੋੜ ਹੈ। ਸਿੰਘ ਸਾਹਿਬ ਨੇ ਹਰ ਸਮੇਂ ਸਾਡੀ ਤਰਜ਼ਮਾਨੀ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਲਈ ਸਿੰਘ ਸਾਹਿਬ ਸਤਿਕਾਰਯੋਗ ਹਨ। ਹਰਪ੍ਰੀਤ ਸਿੰਘ ਜੀ ਨੂੰ ਬੇਨਤੀ ਕੀਤੀ ਗਈ ਕਿ ਤੁਸੀਂ ਸਾਡੀ ਅਗਵਾਈ ਕਰਦੇ ਰਹੋ।
ਬੀਤੇ ਦਿਨ ਦਿੱਤਾ ਸੀ ਅਸਤੀਫਾ
ਜ਼ਿਕਰਯੋਗ ਹੈ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਸੀ। ਕਿਉਂਕਿ ਗਿਆਨੀ ਹਰਪ੍ਰੀਤ ਸਿੰਘ ’ਤੇ ਲਗਾਤਾਰ ਵਿਰਸਾ ਸਿੰਘ ਵਲਟੋਹਾ ਵੱਲੋਂ ਸਵਾਲ ਚੁੱਕੇ ਜਾ ਰਹੇ ਸਨ। ਜਿਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਭਾਵੁਕ ਹੁੰਦਿਆਂ ਬਿਆਨ ਦਿੱਤਾ ਅਤੇ ਵੀਡੀਓ ਜਾਰੀ ਕਰਕੇ ਆਪਣਾ ਅਸਤੀਫਾ ਦੇਣਾ ਦੀ ਪੁਸ਼ਟੀ ਕੀਤੀ ਸੀ।
ਵਿਰਸਾ ਸਿੰਘ ਵਲਟੋਹਾ ਦਾ ਅਸਤੀਫ਼ਾ ਕੀਤਾ ਸੀ ਮਨਜ਼ੂਰ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਵਿਰਸਾ ਸਿੰਘ ਵਲਟੋਹਾ ਦਾ ਮੁੱਢਲੀ ਮੈਂਬਰਸ਼ਿਪ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਮਨਜ਼ੂਰ ਕਰ ਲਿਆ ਹੈ।
ਸ਼੍ਰੀ ਅਕਾਲ ਤਖਤ ਸਾਹਿਬ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਹੁਕਮ ਕੀਤਾ ਸੀ ਕਿ ਵਲਟੋਹਾ ਨੂੰ 10 ਸਾਲ ਲਈ ਪਾਰਟੀ 'ਚੋਂ ਕੱਢ ਦੇਣਾ ਚਾਹੀਦਾ ਹੈ ਕਿਉਂਕਿ ਉਸ ਨੇ ਜਥੇਦਾਰਾਂ ਦਾ ਅਪਮਾਨ ਕੀਤਾ ਹੈ। ਵਲਟੋਹਾ ਨੇ ਭਰੋਸੇ ਦੀ ਉਲੰਘਣਾ ਕੀਤੀ ਹੈ, ਜਿਸ ਕਾਰਨ ਜਥੇਦਾਰ ਸਾਹਿਬਾਨਾਂ ਵੱਲੋਂ ਸੁਣਾਏ ਗਏ ਫੈਸਲੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਇਹ ਅਸਤੀਫਾ ਮਨਜ਼ੂਰ ਕੀਤਾ ਹੈ।
ਪਾਰਟੀ ਛੱਡਣ ਦਾ ਕੀਤਾ ਸੀ ਐਲਾਨ
ਦੱਸ ਦੇਈਏ ਕਿ ਵਲਟੋਹਾ ਨੇ ਬੀਤੇ ਦਿਨੀਂ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਛੱਡਣ ਦਾ ਐਲਾਨ ਕਰ ਦਿੱਤਾ ਸੀ। ਉਨ੍ਹਾਂ ਖੁਦ ਇਸ ਬਾਰੇ ਐਲਾਨ ਕੀਤਾ।
ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟਿਆਂ ਵਿੱਚ ਪਾਰਟੀ ਵਿੱਚੋਂ ਕੱਢਣ ਲਈ ਕਿਹਾ ਗਿਆ ਸੀ। ਵਲਟੋਹਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ 15 ਅਕਤੂਬਰ ਨੂੰ ਤਲਬ ਕੀਤਾ ਗਿਆ ਸੀ।