ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਈ-ਕਾਮਰਸ ਵੈੱਬਸਾਈਟ ਐਮਾਜ਼ਾਨ 'ਤੇ ਕਈ ਸਵਾਲ ਖੜ੍ਹੇ ਕੀਤੇ ਹਨ। ਸ਼੍ਰੋਮਣੀ ਕਮੇਟੀ ਨੇ ਕਿਹਾ ਹੈ ਕਿ ਅਮੇਜ਼ਨ ਵੱਲੋਂ ਗੁਟਕਾ ਸਾਹਿਬ ਆਨਲਾਈਨ ਵੇਚੇ ਜਾ ਰਹੇ ਹਨ, ਜਿਸ ਨੂੰ ਤੁਰੰਤ ਰੋਕਿਆ ਜਾਵੇ। ਉਨ੍ਹਾਂ ਕਿਹਾ ਹੈ ਕਿ ਇਹ ਸਿੱਖ ਮਰਿਆਦਾ ਦੀ ਉਲੰਘਣਾ ਹੈ।
ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਐਮਾਜ਼ਾਨ ਅਤੇ ਈ-ਕਾਮਰਸ ਵੈੱਬਸਾਈਟਾਂ ਵੱਲੋਂ ਸਿੱਖ ਧਰਮ ਦੇ ਗ੍ਰੰਥਾਂ ਅਤੇ ਪਵਿੱਤਰ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਇਹ ਪਾਰਸਲ ਜਾਂ ਕੋਰੀਅਰ ਰਾਹੀਂ ਇੱਕ ਥਾਂ ਤੋਂ ਦੂਜੀ ਥਾਂ ਪਹੁੰਚਦਾ ਹੈ ਤਾਂ ਸਿੱਖ ਮਰਿਆਦਾ ਦੀ ਪਾਲਣਾ ਨਾ ਕਰਨ ਕਰਕੇ ਇਸ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਦੀ ਹੈ।
ਆਨਲਾਈਨ ਵਿਕਰੀ ਤੋਂ ਸਿੱਖ ਨਾਰਾਜ਼
ਧਾਮੀ ਨੇ ਅੱਗੇ ਕਿਹਾ ਕਿ ਸਿੱਖ ਕੌਮ ਅਤੇ ਸੰਗਤਾਂ ਵਿੱਚ ਗੁਰਬਾਣੀ ਪ੍ਰਤੀ ਬਹੁਤ ਸ਼ਰਧਾ ਅਤੇ ਸਤਿਕਾਰ ਹੈ ਅਤੇ ਐਮਾਜ਼ਾਨ ਅਤੇ ਕੁਝ ਹੋਰ ਈ-ਕਾਮਰਸ ਵੈੱਬਸਾਈਟਾਂ ਵੱਲੋਂ ਗੁਟਕਾ ਸਾਹਿਬ ਦੀ ਆਨਲਾਈਨ ਵਿੱਕਰੀ ਕਾਰਣ ਸਿੱਖਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਐਮਾਜ਼ਾਨ ਅਤੇ ਅਜਿਹੀਆਂ ਹੋਰ ਕੰਪਨੀਆਂ ਨੂੰ ਆਪਣੀਆਂ ਵੈੱਬਸਾਈਟਾਂ ਤੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਨੂੰ ਤੁਰੰਤ ਹਟਾਉਣ ਲਈ ਕਿਹਾ।
ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਵਿੱਚ ਵਿਚਾਰ ਚਰਚਾ ਹੋਵੇਗੀ
ਉਨ੍ਹਾਂ ਪ੍ਰਕਾਸ਼ਕਾਂ ਨੂੰ ਅਪੀਲ ਕੀਤੀ ਕਿ ਉਹ ਗੁਰਬਾਣੀ ਦੇ ਸਤਿਕਾਰ ਵਜੋਂ ਗੁਟਕਾ ਸਾਹਿਬ ਅਤੇ ਪਵਿੱਤਰ ਸਾਂਚੀ ਨੂੰ ਆਨਲਾਈਨ ਵੇਚਣ ਤੋਂ ਗੁਰੇਜ਼ ਕਰਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਗੰਭੀਰ ਮਾਮਲਾ ਹੈ, ਜਿਸ ਬਾਰੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਹੋਣ ਵਾਲੀ ਮੀਟਿੰਗ ਵਿੱਚ ਵਿਚਾਰ ਕੀਤਾ ਜਾਵੇਗਾ।
ਐਮਾਜ਼ਾਨ ਨੂੰ ਨੋਟਿਸ ਜਾਰੀ
ਧਾਮੀ ਨੇ ਦੱਸਿਆ ਕਿ ਹਾਲ ਹੀ ਵਿੱਚ ਅਜਿਹੇ ਮਾਮਲੇ ਸਾਹਮਣੇ ਆਉਣ 'ਤੇ ਐਮਾਜ਼ਾਨ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਸੀ, ਜਿਸ ਤੋਂ ਬਾਅਦ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ਕੁਝ ਸਮੇਂ ਲਈ ਬੰਦ ਕਰ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਹੁਣ ਸਿੱਖ ਕੌਮ ਦੇ ਲੋਕਾਂ ਨੇ ਦੇਖਿਆ ਹੈ ਕਿ ਅਜਿਹਾ ਵਰਤਾਰਾ ਮੁੜ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਐਮਾਜ਼ਾਨ ਨੂੰ ਪੱਤਰ ਲਿਖ ਕੇ ਆਪਣੀ ਵੈੱਬਸਾਈਟ ਤੋਂ ਗੁਰਬਾਣੀ ਅਤੇ ਗੁਟਕਾ ਸਾਹਿਬ ਨੂੰ ਤੁਰੰਤ ਹਟਾ ਕੇ ਸ਼੍ਰੋਮਣੀ ਕਮੇਟੀ ਨੂੰ ਸਪੱਸ਼ਟੀਕਰਨ ਭੇਜਣ ਲਈ ਕਿਹਾ ਜਾ ਰਿਹਾ ਹੈ।