ਸੰਯੁਕਤ ਕਿਸਾਨ ਮੋਰਚਾ (SKM) ਦੀ ਅੱਜ ਲੁਧਿਆਣਾ ਵਿਖੇ ਮੀਟਿੰਗ ਹੋਈ। ਮੀਟਿੰਗ ਵਿੱਚ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ 25 ਦੇ ਕਰੀਬ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ। ਹੁਣ ਕਿਸਾਨ 14 ਮਾਰਚ ਨੂੰ ਰੇਲਾਂ ਅਤੇ ਬੱਸਾਂ ਰਾਹੀਂ ਦਿੱਲੀ ਵੱਲ ਮਾਰਚ ਕਰਨਗੇ।
ਇਸ ਮੀਟਿੰਗ ਵਿੱਚ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾਪੰਚਾਇਤ ਕਰਵਾਉਣ ਦਾ ਫੈਸਲਾ ਕੀਤਾ ਗਿਆ। ਕਿਸਾਨ 17 ਦਿਨਾਂ ਤੋਂ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਡਟੇ ਹੋਏ ਹਨ। ਕਿਸਾਨ ਅਤੇ ਜਵਾਨ ਆਹਮੋ-ਸਾਹਮਣੇ ਹਨ। ਕਿਸਾਨ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਕਈ ਮੀਟਿੰਗਾਂ ਕਰ ਚੁੱਕੇ ਹਨ ਪਰ ਕੋਈ ਹੱਲ ਨਹੀਂ ਨਿਕਲਿਆ।
ਜਾਣਕਾਰੀ ਅਨੁਸਾਰ ਬੀਕੇਯੂ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਕਿ 14 ਮਾਰਚ ਨੂੰ ਐਸਕੇਐਮ ਵੱਲੋਂ ਦਿੱਲੀ ਦੇ ਰਾਮਲੀਲਾ ਮੈਦਾਨ ਤੱਕ ਰੋਸ ਮਾਰਚ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਵਿੱਚ 1 ਲੱਖ ਤੋਂ ਵੱਧ ਕਿਸਾਨਾਂ ਦੇ ਪਹੁੰਚਣ ਦੀ ਉਮੀਦ ਹੈ।
ਵੱਡੀ ਗਿਣਤੀ ਵਿਚ ਇਕੱਠੇ ਹੋਣਗੇ ਕਿਸਾਨ
ਇਸ ਮਹਾਪੰਚਾਇਤ ਵਿੱਚ ਦੇਸ਼ ਦੇ 400 ਤੋਂ ਵੱਧ ਕਿਸਾਨ ਜਥੇਬੰਦੀਆਂ ਦੇ ਭਾਗ ਲੈਣ ਦੀ ਉਮੀਦ ਹੈ। ਕੋਈ ਵੀ ਕਿਸਾਨ ਟਰੈਕਟਰ ਲੈ ਕੇ ਦਿੱਲੀ ਨਹੀਂ ਜਾਵੇਗਾ। ਕਿਸਾਨ ਬੱਸ, ਰੇਲ ਜਾਂ ਆਪਣੀਆਂ ਕਾਰਾਂ ਰਾਹੀਂ ਦਿੱਲੀ ਜਾਣਗੇ। ਜੇਕਰ ਸਰਕਾਰ ਨੇ ਹੁਣ ਵੀ ਕਿਸਾਨਾਂ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਬੈਠਣ ਤੋਂ ਰੋਕਿਆ ਤਾਂ ਵੱਡਾ ਸੰਘਰਸ਼ ਕੀਤਾ ਜਾਵੇਗਾ।
ਫਿਲਹਾਲ ਦਿੱਲੀ ਨਗਰ ਨਿਗਮ ਨੂੰ ਮਨਜ਼ੂਰੀ ਲੈਣ ਲਈ ਪੱਤਰ ਲਿਖਿਆ ਗਿਆ ਹੈ। ਜੇਕਰ ਮਨਜ਼ੂਰੀ ਨਾ ਮਿਲੀ ਤਾਂ ਅਗਲੀ ਮੀਟਿੰਗ 11 ਮਾਰਚ ਨੂੰ ਲੁਧਿਆਣਾ ਵਿਖੇ ਰੱਖੀ ਗਈ ਹੈ।