ਖਬਰਿਸਤਾਨ ਨੈੱਟਵਰਕ- ਪੰਜਾਬ ਕੈਬਨਿਟ ਦਾ 3 ਸਾਲਾਂ ਵਿਚ 7ਵੀਂ ਵਾਰ ਅੱਜ ਵਿਸਥਾਰ ਕੀਤਾ ਗਿਆ ਹੈ। ਇਸ ਦੌਰਾਨ ਸਹੁੰ ਚੁੱਕ ਸਮਾਗਮ ਰਾਜ ਭਵਨ ਵਿਚ ਹੋਇਆ। ਰਾਜ ਸਭਾ ਛੱਡ ਕੇ ਲੁਧਿਆਣਾ ਵੈਸਟ ਤੋਂ ਉਪ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਨੇ ਪੰਜਾਬ ਕੈਬਨਿਟ ਦੇ ਨਵੇਂ ਮੰਤਰੀ ਵਜੋਂ ਰਾਜ ਭਵਨ ਵਿਖੇ ਹੋਏ ਇਕ ਸਮਾਗਮ ਵਿਚ ਹਲਫ਼ ਲਿਆ। ਉਨ੍ਹਾਂ ਨੂੰ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ ਅਹੁਦੇ ਦੀ ਸਹੁੰ ਚੁਕਵਾਈ।
ਦੱਸ ਦੇਈਏ ਕਿ ਸੰਜੀਵ ਅਰੋੜਾ ਨੇ ਪੰਜਾਬ ਸਰਕਾਰ ਦੇ 17ਵੇਂ ਮੰਤਰੀ ਵਜੋਂ ਸਹੁੰ ਚੁੱਕੀ ਹੈ। ਸੰਜੀਵ ਅਰੋੜਾ ਨੇ ਲੁਧਿਆਣਾ ਉਪ ਚੋਣ 10 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤੀ ਸੀ।
ਅਰੋੜਾ ਨੂੰ ਮਿਲੇ ਇਹ ਵਿਭਾਗ
ਪੰਜਾਬ ਸਰਕਾਰ ਨੇ ਐਨਆਰਆਈ ਮੰਤਰੀ ਕੁਲਦੀਪ ਧਾਲੀਵਾਲ ਨੂੰ ਕੈਬਨਿਟ ਤੋਂ ਹਟਾ ਦਿੱਤਾ ਹੈ। ਸੰਜੀਵ ਅਰੋੜਾ ਨੂੰ ਹੁਣ ਉਨ੍ਹਾਂ ਦੀ ਜਗ੍ਹਾ ਐਨਆਰਆਈ ਮੰਤਰੀ ਬਣਾਇਆ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਕੁਲਦੀਪ ਧਾਲੀਵਾਲ ਨੇ ਵੀ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹਾਲਾਂਕਿ, ਇਸਦਾ ਅਧਿਕਾਰਤ ਐਲਾਨ ਅਜੇ ਨਹੀਂ ਕੀਤਾ ਗਿਆ ਹੈ।
ਸੰਜੀਵ ਅਰੋੜਾ ਨੂੰ 35 ਹਜ਼ਾਰ ਤੋਂ ਵੱਧ ਵੋਟਾਂ ਮਿਲੀਆਂ
ਤੁਹਾਨੂੰ ਦੱਸ ਦੇਈਏ ਕਿ ਲੁਧਿਆਣਾ ਉਪ ਚੋਣ ਵਿੱਚ 'ਆਪ' ਉਮੀਦਵਾਰ ਸੰਜੀਵ ਅਰੋੜਾ ਨੂੰ 35,179 ਵੋਟਾਂ ਮਿਲੀਆਂ। ਉਨ੍ਹਾਂ ਨੇ 10,637 ਵੋਟਾਂ ਦੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ ਸੀ। ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੂਜੇ ਸਥਾਨ 'ਤੇ ਰਹੇ ਜਿਨ੍ਹਾਂ ਨੂੰ 24,542 ਵੋਟਾਂ ਮਿਲੀਆਂ, ਜਦੋਂ ਕਿ ਭਾਜਪਾ ਉਮੀਦਵਾਰ ਜੀਵਨ ਗੁਪਤਾ 20,323 ਵੋਟਾਂ ਨਾਲ ਤੀਜੇ ਸਥਾਨ 'ਤੇ ਰਹੇ। ਜਦੋਂ ਕਿ ਅਕਾਲੀ ਦਲ ਦੇ ਪਰਉਪਕਾਰ ਘੁੰਮਣ ਨੂੰ 8,203 ਵੋਟਾਂ ਮਿਲੀਆਂ ਅਤੇ ਉਹ ਚੌਥੇ ਸਥਾਨ 'ਤੇ ਰਹੇ।
ਸੰਹੁ ਚੁੱਕ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਪਾਰਟੀ ਪ੍ਰਧਾਨ ਮੰਤਰੀ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਤੇ ਹੋਰ ਕਈ ਆਗੂ ਵੀ ਪਹੁੰਚੇ ਸਨ।
ਇਸ ਤੋਂ ਪਹਿਲਾਂ 2024 ਵਿਚ ਕੀਤਾ ਗਿਆ ਸੀ ਮੰਤਰੀ ਮੰਡਲ ਦਾ ਵਿਸਥਾਰ
ਦੱਸ ਦਈਏ ਕਿ ਪੰਜਾਬ ਸਰਕਾਰ ਨੇ ਆਖ਼ਰੀ ਵਾਰ ਸਤੰਬਰ 2024 ਵਿਚ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਸੀ। ਇਸ ਦੌਰਾਨ ਹਰਦੀਪ ਸਿੰਘ ਮੁੰਡੀਆ, ਬਰਿੰਦਰ ਕੁਮਾਰ ਗੋਇਲ, ਤਰੁਨਪ੍ਰੀਤ ਸਿੰਘ ਸੌਂਦ ਅਤੇ ਮਹਿੰਦਰ ਭਗਤ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਕੀਤਾ ਗਿਆ ਸੀ।