ਭਾਰਤੀ ਚੋਣ ਕਮਿਸ਼ਨ ਨੇ ਜਲੰਧਰ ਪੱਛਮੀ 'ਚ ਹੋਣ ਵਾਲੀ ਜ਼ਿਮਨੀ ਚੋਣ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। 10 ਜੁਲਾਈ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਡੀਸੀ ਕਮ ਜ਼ਿਲ੍ਹਾ ਚੋਣ ਅਫ਼ਸਰ ਡਾ: ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਸ ਸਬੰਧੀ ਗਜ਼ਟ ਨੋਟੀਫਿਕੇਸ਼ਨ 14 ਜੂਨ ਨੂੰ ਜਾਰੀ ਕੀਤਾ ਜਾਵੇਗਾ।
ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 26 ਜੂਨ
ਡੀਸੀ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ 14 ਤੋਂ 21 ਜੂਨ ਤੱਕ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾ ਸਕਦੀਆਂ ਹਨ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ ਨੂੰ ਹੋਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 26 ਜੂਨ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਵੋਟਾਂ 10 ਜੁਲਾਈ ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13 ਜੁਲਾਈ ਨੂੰ ਹੋਵੇਗੀ।
ਜਲੰਧਰ ਪੱਛਮੀ 'ਚ ਚੋਣ ਜ਼ਾਬਤਾ ਲਾਗੂ
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਆਮ ਚੋਣਾਂ ਦੇ ਐਲਾਨ ਦੇ ਨਾਲ ਹੀ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਸੋਮਵਾਰ ਤੋਂ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ, ਜੋ ਕਿ 15 ਜੁਲਾਈ ਨੂੰ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਉਨ੍ਹਾਂ ਹਦਾਇਤ ਕੀਤੀ ਕਿ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਅਤੇ ਨਿਗਰਾਨ ਟੀਮਾਂ ਨੂੰ ਤੁਰੰਤ ਸਰਗਰਮ ਕੀਤਾ ਜਾਵੇ। ਸਮੁੱਚੀ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾਣਗੇ।
ਕਿਉਂ ਚਰਚਾ 'ਚ ਹੈ ਜਲੰਧਰ ਪੱਛਮੀ ਹਲਕਾ ?
ਦੱਸ ਦੇਈਏ ਕਿ ਜਲੰਧਰ ਪੱਛਮੀ ਸੀਟ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਕਾਰਨ ਪਿਛਲੇ ਦੋ ਸਾਲਾਂ ਤੋਂ ਸੁਰਖੀਆਂ ਵਿੱਚ ਹੈ। ਆਮ ਆਦਮੀ ਪਾਰਟੀ ਦੀ ਟਿਕਟ 'ਤੇ ਸ਼ੀਤਲ ਚੋਣ ਲੜੇ ਅਤੇ ਜਿੱਤੇ। ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨਾਲ ਦੁਸ਼ਮਣੀ ਤੇ ਫਿਰ ਦੋਸਤੀ। ਵਿਧਾਇਕ ਤੋਂ ਅਸਤੀਫਾ ਦੇ ਕੇ ਭਾਜਪਾ 'ਚ ਸ਼ਾਮਲ ਹੋਏ। ਅਸਤੀਫਾ ਮਨਜ਼ੂਰ ਨਹੀਂ ਹੋਇਆ, ਅਸਤੀਫਾ ਵਾਪਸ ਲੈਣ ਦਾ ਫੈਸਲਾ ਅਤੇ ਫਿਰ ਅਚਾਨਕ ਅਸਤੀਫਾ ਸਵੀਕਾਰ ਕਰ ਲਿਆ ਗਿਆ। ਇਹ ਸਭ ਕਾਰਨ ਹੈ ਕਿ ਜਲੰਧਰ ਵੈਸਟ ਸੀਟ ਬਹੁਤ ਚਰਚਾ ਵਿਚ ਹੈ।