ਦੇਸ਼ ਵਿੱਚ ਭਾਰੀ ਬਾਰਸ਼ ਲਗਾਤਾਰ ਜਾਰੀ ਹੈ। ਮੌਸਮ ਵਿਭਾਗ ਨੇ ਅੱਜ 11 ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਜਦੋਂ ਕਿ ਮੁੰਬਈ ਵਿੱਚ ਛੇ ਘੰਟਿਆਂ ਵਿੱਚ 300 ਮਿਲੀਮੀਟਰ ਤੋਂ ਵੱਧ ਮੀਂਹ ਦਰਜ ਕੀਤਾ ਗਿਆ। ਜਿਸ ਕਾਰਨ ਇਲਾਕੇ ਵਿੱਚ ਪਾਣੀ ਭਰ ਗਿਆ। ਮੁੰਬਈ ਵਿੱਚ ਬੀਐਮਸੀ ਨੇ ਅੱਜ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
ਰੇਲਵੇ ਨੇ ਦੱਸਿਆ ਕਿ ਪਟੜੀਆਂ 'ਤੇ ਪਾਣੀ ਭਰ ਜਾਣ ਕਾਰਨ ਮੁੰਬਈ ਡਿਵੀਜ਼ਨ ਦੀਆਂ 5 ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ। ਕੁਝ ਲੋਕਲ ਟਰੇਨਾਂ ਵੀ ਕਈ ਘੰਟੇ ਦੇਰੀ ਨਾਲ ਚੱਲ ਰਹੀਆਂ ਹਨ।ਰੇਲਵੇ ਸਟੇਸ਼ਨ ਤੋਂ ਇਲਾਵਾ ਸੜਕਾਂ ਦੀ ਹਾਲਤ ਹੋਰ ਵੀ ਮਾੜੀ ਹੈ। ਕਈ-ਕਈ ਫੁੱਟ ਤੱਕ ਪਾਣੀ ਭਰ ਗਿਆ ਹੈ। ਸੜਕਾਂ ’ਤੇ ਪਾਣੀ ਭਰਨ ਕਾਰਨ ਲੰਬੇ ਟ੍ਰੈਫਿਕ ਜਾਮ ਵਰਗੀਆਂ ਸਮੱਸਿਆਵਾਂ ਵੀ ਦੇਖਣ ਨੂੰ ਮਿਲ ਰਹੀਆਂ ਹਨ।
11 ਰਾਜਾਂ ਵਿੱਚ ਭਾਰੀ ਬਾਰਿਸ਼ ਦਾ ਅਲਰਟ
ਆਈਐਮਡੀ ਨੇ ਸੋਮਵਾਰ ਨੂੰ 11 ਰਾਜਾਂ - ਸਿੱਕਮ, ਅਰੁਣਾਚਲ ਪ੍ਰਦੇਸ਼, ਮਨੀਪੁਰ, ਮੇਘਾਲਿਆ, ਅਸਾਮ, ਨਾਗਾਲੈਂਡ, ਤ੍ਰਿਪੁਰਾ, ਮਿਜ਼ੋਰਮ, ਗੋਆ, ਮਹਾਰਾਸ਼ਟਰ, ਕਰਨਾਟਕ 'ਚ ਬਹੁਤ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ ਅਤੇ 10 ਰਾਜਾਂ - ਉੱਤਰਾਖੰਡ, ਉੱਤਰ ਪ੍ਰਦੇਸ਼, ਬਿਹਾਰ, ਉੜੀਸਾ,ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਕੇਰਲ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਉੱਤਰਾਖੰਡ ਵਿੱਚ ਪਿਛਲੇ 4 ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਕੇਦਾਰਨਾਥ ਅਤੇ ਬਦਰੀਨਾਥ ਹਾਈਵੇਅ ਸਮੇਤ 115 ਤੋਂ ਵੱਧ ਸੜਕਾਂ ਬੰਦ ਹੋ ਗਈਆਂ ਹਨ। ਚਾਰ ਧਾਮ ਯਾਤਰਾ ਰੋਕ ਦਿੱਤੀ ਗਈ। ਇਸ ਕਾਰਨ ਜਗ੍ਹਾ-ਜਗ੍ਹਾ 6 ਹਜ਼ਾਰ ਸ਼ਰਧਾਲੂ ਫਸੇ ਹੋਏ ਹਨ। ਗੰਗਾ, ਅਲਕਨੰਦਾ, ਭਾਗੀਰਥੀ ਸਮੇਤ ਕਈ ਨਦੀਆਂ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਵਹਿ ਰਹੀਆਂ ਹਨ।
ਦੇਸ਼ ਭਰ ਵਿੱਚ ਮੌਸਮ ਦੀ ਸਥਿਤੀ
ਮੌਸਮ ਵਿਭਾਗ ਨੇ ਹਰਿਆਣਾ ਦੇ 6 ਅਤੇ ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਹਰਿਆਣਾ ਦੇ ਭਿਵਾਨੀ, ਹਿਸਾਰ, ਕਰਨਾਲ, ਯਮੁਨਾਨਗਰ, ਕੁਰੂਕਸ਼ੇਤਰ ਅਤੇ ਅੰਬਾਲਾ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਐਸਏਐਸ ਨਗਰ ਵਿੱਚ ਆਮ ਨਾਲੋਂ ਵੱਧ ਮੀਂਹ ਪੈ ਸਕਦਾ ਹੈ।
ਹਿਮਾਚਲ ਵਿੱਚ 76 ਸੜਕਾਂ ਬੰਦ
ਹਿਮਾਚਲ ਪ੍ਰਦੇਸ਼ ਵਿੱਚ ਵੀ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ 76 ਸੜਕਾਂ ਬੰਦ ਹੋ ਗਈਆਂ ਹਨ। 69 ਜਲ ਸਪਲਾਈ ਸਕੀਮਾਂ ਅਤੇ 34 ਬਿਜਲੀ ਸਪਲਾਈ ਸਕੀਮਾਂ ਵਿੱਚ ਵੀ ਵਿਘਨ ਪਿਆ ਹੈ। ਸੂਬੇ ਵਿੱਚ 1 ਜੁਲਾਈ ਤੋਂ 7 ਜੁਲਾਈ ਦਰਮਿਆਨ 72.1 ਮਿਲੀਮੀਟਰ ਬਾਰਿਸ਼ ਹੋਈ ਹੈ। ਇਹ ਇਸ ਮਿਆਦ ਲਈ ਆਮ ਵਰਖਾ ਨਾਲੋਂ 66% ਵੱਧ ਹੈ।
ਅਸਾਮ ਵਿੱਚ ਹੜ੍ਹ ਦੀ ਸਥਿਤੀ ਲਗਾਤਾਰ ਗੰਭੀਰ ਬਣੀ ਹੋਈ ਹੈ। ਐਤਵਾਰ ਨੂੰ ਹੜ੍ਹ 'ਚ 8 ਹੋਰ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇਸ ਸਾਲ ਹੜ੍ਹ, ਜ਼ਮੀਨ ਖਿਸਕਣ ਅਤੇ ਤੂਫਾਨ 'ਚ ਮਰਨ ਵਾਲਿਆਂ ਦੀ ਗਿਣਤੀ 78 ਹੋ ਗਈ ਹੈ। ਕਾਜ਼ੀਰੰਗਾ ਨੈਸ਼ਨਲ ਪਾਰਕ ਵਿੱਚ 128 ਜਾਨਵਰਾਂ ਦੀ ਜਾਨ ਚਲੀ ਗਈ ਹੈ। 28 ਜ਼ਿਲ੍ਹਿਆਂ ਦੇ 3,446 ਪਿੰਡਾਂ ਦੇ 22.74 ਲੱਖ ਲੋਕ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ।