ਜਲੰਧਰ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਏ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ 12 ਨਵੰਬਰ ਨੂੰ ਜਲੰਧਰ ਦੇ ਡੀ ਸੀ ਵੱਲੋਂ ਅਹਿਮ ਹੁਕਮ ਜਾਰੀ ਕੀਤੇ ਗਏ ਹਨ। ਡੀਸੀ ਹਿਮਾਂਸ਼ੂ ਅਗਰਵਾਲ ਨੇ ਨਗਰ ਕੀਰਤਨ ਦੇ ਰੂਟ 'ਤੇ ਹਰ ਤਰ੍ਹਾਂ ਦੀਆਂ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਨੂੰ ਬੰਦ ਕਰਨ ਰੱਖਣ ਦੇ ਹੁਕਮ ਦਿੱਤੇ ਹਨ।
ਸ਼ਰਾਬ ਅਤੇ ਮੀਟ ਦੀ ਵਿਕਰੀ 'ਤੇ ਪਾਬੰਦੀ
ਡੀਸੀ ਅਗਰਵਾਲ ਨੇ ਇਹ ਵੀ ਕਿਹਾ ਕਿ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਭਾਰਤੀ ਸਿਵਲ ਡਿਫੈਂਸ ਕੋਡ 2023 ਦੀ ਧਾਰਾ 163 ਤਹਿਤ ਇਹ ਫੈਸਲਾ ਲਿਆ ਗਿਆ ਹੈ, ਜਿਸ ਕਾਰਨ 12 ਨਵੰਬਰ 2024 ਨੂੰ ਜਲੰਧਰ ਵਿਖੇ ਨਗਰ ਕੀਰਤਨ ਰੂਟਾਂ ਅਤੇ ਧਾਰਮਿਕ ਸਮਾਗਮਾਂ ਵਾਲੇ ਸਥਾਨਾਂ ਨੇੜੇ ਸ਼ਰਾਬ ਅਤੇ ਮੀਟ ਦੀ ਵਿਕਰੀ 'ਤੇ ਪਾਬੰਦੀ ਲਗਾਈ ਜਾ ਰਹੀ ਹੈ।
ਸਕੂਲਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 12 ਨਵੰਬਰ ਨੂੰ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, 12 ਨਵੰਬਰ 2024 ਨੂੰ ਬਾਅਦ ਦੁਪਹਿਰ ਨਗਰ ਨਿਗਮ ਦੀ ਹੱਦ ਵਿਚ ਆਉਂਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ।