ਦਿੱਲੀ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਹਵਾ ਪ੍ਰਦੂਸ਼ਣ ਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਸਰਕਾਰ ਨੇ ਅਗਲੇ ਹੁਕਮਾਂ ਤੱਕ ਸਾਰੇ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਹਰਿਆਣਾ ਅਤੇ ਪੰਜਾਬ ਵੀ ਪ੍ਰਦੂਸ਼ਣ ਦੀ ਮਾਰ ਝੱਲ ਰਹੇ ਹਨ। ਪੰਜਾਬ ਵਿੱਚ ਹਵਾ ਦੀ ਗੁਣਵੱਤਾ (ਏਕਿਊਆਈ) ਪਿਛਲੇ ਕਈ ਦਿਨਾਂ ਤੋਂ ਬਹੁਤ ਖ਼ਰਾਬ ਬਣੀ ਹੋਈ ਹੈ।
ਪ੍ਰਾਇਮਰੀ ਸਕੂਲ ਕੀਤੇ ਬੰਦ
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਨੁਸਾਰ ਜਲੰਧਰ ਅਤੇ ਰੂਪਨਗਰ ਪੰਜਾਬ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਹਨ। ਇੱਥੇ AQI 241 ਅਤੇ 228 ਦੇ ਆਸਪਾਸ ਦਰਜ ਕੀਤਾ ਗਿਆ। ਪ੍ਰਦੂਸ਼ਣ ਦੀ ਗੰਭੀਰ ਸਥਿਤੀ ਕਾਰਨ ਜਿੱਥੇ ਦਿੱਲੀ 'ਚ ਪ੍ਰਾਇਮਰੀ ਸਕੂਲ ਬੰਦ ਕਰ ਦਿੱਤੇ ਗਏ ਹਨ, ਉਥੇ ਹੀ ਪੰਜਾਬ ਦੇ ਨਾਲ-ਨਾਲ ਹਰਿਆਣਾ ਵਿੱਚ ਵੀ ਪੰਜਵੀਂ ਜਮਾਤ ਤੱਕ ਦੇ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਲਿਆ ਜਾ ਸਕਦਾ ਹੈ।
ਦਫਤਰਾਂ ਦਾ ਸਮਾਂ ਵੀ ਬਦਲਿਆ
ਹਾਲਾਂਕਿ ਸਰਕਾਰ ਵੱਲੋਂ ਅਜੇ ਤੱਕ ਅਜਿਹਾ ਕੋਈ ਹੁਕਮ ਜਾਰੀ ਨਹੀਂ ਕੀਤਾ ਗਿਆ ਹੈ। ਇਹ ਵੀ ਚਰਚਾ ਹੈ ਕਿ ਸਰਕਾਰ ਇਸ ਬਾਰੇ ਜਲਦ ਕੋਈ ਫੈਸਲਾ ਲੈ ਸਕਦੀ ਹੈ। ਵਧਦੇ ਹਵਾ ਪ੍ਰਦੂਸ਼ਣ ਕਾਰਨ ਦਿੱਲੀ 'ਚ ਦਫਤਰਾਂ ਦਾ ਸਮਾਂ ਵੀ ਬਦਲਿਆ ਗਿਆ ਹੈ। ਦਿੱਲੀ ਦੇ ਸੀਐਮ ਆਤਿਸ਼ੀ ਨੇ ਸੋਸ਼ਲ ਮੀਡੀਆ 'ਤੇ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਲਿਖਿਆ ਕਿ ਦਿੱਲੀ ਨਗਰ ਨਿਗਮ ਦਫ਼ਤਰ ਸਵੇਰੇ 8:30 ਵਜੇ ਤੋਂ ਸ਼ਾਮ 5 ਵਜੇ ਤੱਕ ਕੰਮ ਕਰਨਗੇ, ਕੇਂਦਰ ਸਰਕਾਰ ਦੇ ਦਫ਼ਤਰ ਸਵੇਰੇ 9 ਵਜੇ ਤੋਂ ਸ਼ਾਮ 5:30 ਵਜੇ ਤੱਕ ਅਤੇ ਦਿੱਲੀ ਸਰਕਾਰ ਦੇ ਦਫ਼ਤਰ ਸਵੇਰੇ 10 ਵਜੇ ਤੋਂ ਸ਼ਾਮ 6:30 ਵਜੇ ਤੱਕ ਖੁੱਲਣਗੇ।