ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦੇ ਅਸਤੀਫੇ ਨੂੰ ਲੈ ਕੇ ਬੰਗਲਾਦੇਸ਼ 'ਚ ਲਗਾਤਾਰ ਲੋਕਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਕਾਰਨ ਦੇਸ਼ ਭਰ ਵਿੱਚ ਹਿੰਸਾ ਭੜਕ ਰਹੀ ਸੀ। ਜਿਸ ਤੋਂ ਬਾਅਦ ਹੁਣ ਸ਼ੇਖ ਹਸੀਨਾ ਨੇ ਅਸਤੀਫਾ ਦੇ ਦਿੱਤਾ ਹੈ।
ਸ਼ੇਖ ਹਸੀਨਾ ਨੇ ਬੰਗਲਾਦੇਸ਼ ਛੱਡਿਆ
ਲੋਕਾਂ ਦੇ ਹਿੰਸਕ ਪ੍ਰਦਰਸ਼ਨ ਤੋਂ ਬਾਅਦ ਸੋਮਵਾਰ ਨੂੰ ਬੰਗਲਾਦੇਸ਼ ਦੀ ਰਾਜਧਾਨੀ ਢਾਕਾ 'ਚ ਸਥਿਤੀ ਕਾਬੂ ਤੋਂ ਬਾਹਰ ਹੋ ਗਈ ਹੈ। ਕਰੀਬ 4 ਲੱਖ ਲੋਕ ਸੜਕਾਂ 'ਤੇ ਹਨ। ਰਾਜਧਾਨੀ 'ਚ ਵੱਖ-ਵੱਖ ਥਾਵਾਂ 'ਤੇ ਹਿੰਸਾ ਅਤੇ ਭੰਨਤੋੜ ਹੋ ਰਹੀ ਹੈ। ਪ੍ਰਧਾਨ ਮੰਤਰੀ ਸ਼ੇਖ ਹਸੀਨਾ ਪ੍ਰਧਾਨ ਮੰਤਰੀ ਨਿਵਾਸ ਤੋਂ ਰਵਾਨਾ ਹੋ ਗਈ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਉਹ ਹੈਲੀਕਾਪਟਰ ਰਾਹੀਂ ਭਾਰਤ ਪਹੁੰਚ ਗਈ ਹੈ। ਹਾਲਾਂਕਿ ਇਸ ਦੀ ਕੋਈ ਪੁਸ਼ਟੀ ਨਹੀਂ ਹੋਈ ਹੈ।
ਅੰਦੋਲਨ 'ਚ ਤਿੰਨ ਹਫ਼ਤਿਆਂ 'ਚ 300 ਤੋਂ ਵੱਧ ਮੌਤਾਂ
ਐਤਵਾਰ ਨੂੰ 98 ਲੋਕਾਂ ਦੀ ਮੌਤ ਹੋ ਗਈ। ਰਿਪੋਰਟਾਂ ਮੁਤਾਬਕ ਪਿਛਲੇ ਤਿੰਨ ਹਫ਼ਤਿਆਂ ਵਿੱਚ ਇੱਥੇ ਹਿੰਸਾ ਵਿੱਚ 300 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ ਥਲ ਸੈਨਾ ਮੁਖੀ ਜਨਰਲ ਵਕਾਰ-ਉਜ਼-ਜ਼ਮਾਨ ਨੇ ਕਿਹਾ ਕਿ ਜੋ ਕਤਲ ਹੋਏ ਹਨ ਉਸ ਦਾ ਇਨਸਾਫ਼ ਮਿਲੇਗਾ। ਅਸੀਂ ਸਾਰੀਆਂ ਪਾਰਟੀਆਂ ਨਾਲ ਗੱਲ ਕੀਤੀ।
ਇਸੇ ਕਰਕੇ ਬੰਗਲਾਦੇਸ਼ ਵਿੱਚ ਹੋ ਰਹੀ ਹੈ ਹਿੰਸਾ
ਹਾਲ ਹੀ 'ਚ ਬੰਗਲਾਦੇਸ਼ 'ਚ ਰਾਖਵੇਂਕਰਨ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ ਸੀ, ਜਿਸ ਨੂੰ ਉੱਥੋਂ ਦੀ ਸੁਪਰੀਮ ਕੋਰਟ ਨੇ ਖਤਮ ਕਰ ਦਿੱਤਾ ਸੀ। ਹੁਣ ਪ੍ਰਦਰਸ਼ਨਕਾਰੀ ਸਰਕਾਰੀ ਨੌਕਰੀਆਂ ਵਿੱਚ ਰਾਖਵੇਂਕਰਨ ਦੇ ਮੁੱਦੇ ਨੂੰ ਲੈ ਕੇ ਹੋ ਰਹੇ ਹੰਗਾਮੇ ਨੂੰ ਲੈ ਕੇ ਸਰਕਾਰ ਤੋਂ ਅਸਤੀਫ਼ੇ ਦੀ ਮੰਗ ਕਰ ਰਹੇ ਹਨ। ਐਤਵਾਰ ਨੂੰ ਪ੍ਰਦਰਸ਼ਨਕਾਰੀ ਵਿਦਿਆਰਥੀ ਵਿਤਕਰੇ ਵਿਰੁੱਧ ਨਾ-ਮਿਲਵਰਤਣ ਪ੍ਰੋਗਰਾਮ ਵਿਚ ਹਿੱਸਾ ਲੈਣ ਪਹੁੰਚੇ ਸਨ। ਅਵਾਮੀ ਲੀਗ, ਸਟੂਡੈਂਟ ਲੀਗ ਅਤੇ ਜੁਬੋ ਲੀਗ ਦੇ ਵਰਕਰਾਂ ਨੇ ਉਨ੍ਹਾਂ ਦਾ ਵਿਰੋਧ ਕੀਤਾ ਅਤੇ ਦੋਵਾਂ ਧਿਰਾਂ 'ਚ ਝੜਪ ਹੋਈ ।