ਹਰਿਆਣਾ ਸਰਹੱਦ 'ਤੇ ਕਿਸਾਨਾਂ ਦੇ ਧਰਨੇ ਦੌਰਾਨ ਮਾਰੇ ਗਏ ਕਿਸਾਨ ਸ਼ੁਭਕਰਨ ਸਿੰਘ ਦੀ ਭੈਣ ਗੁਰਪ੍ਰੀਤ ਕੌਰ ਨੇ ਪੰਜਾਬ ਪੁਲਿਸ ਵਿਚ ਨੌਕਰੀ ਜੁਆਇਨ ਕਰ ਲਈ ਹੈ। CM ਮਾਨ ਨੇ ਦੋ ਦਿਨ ਪਹਿਲਾਂ ਉਨ੍ਹਾਂ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਦਿੱਤਾ। ਜਾਣਕਾਰੀ ਮੁਤਾਬਕ ਉਨ੍ਹਾਂ ਦੀਆਂ ਸਾਰੀਆਂ ਮੈਡੀਕਲ ਪ੍ਰਕਿਰਿਆਵਾਂ ਪੂਰੀਆਂ ਹੋ ਚੁੱਕੀਆਂ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਅੱਜ ਹੀ ਨੌਕਰੀ ਜੁਆਇਨ ਕਰ ਸਕਦੇ ਹਨ, ਇਸ ਸਬੰਧੀ ਉਨ੍ਹਾਂ ਨੂੰ ਹੁਕਮ ਮਿਲ ਗਏ ਹਨ।
CM ਮਾਨ ਨੇ ਹਾਲ ਹੀ 'ਚ ਪੂਰੇ ਕੀਤੇ ਦੋਵੇਂ ਵਾਅਦੇ
ਸ਼ੁਭਕਰਨ ਸਿੰਘ ਦੀ ਮੌਤ ’ਤੇ ਕਿਸਾਨਾਂ ਵੱਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਬਾਅਦ ਹਾਲ ਹੀ 'ਚ ਚੰਡੀਗੜ੍ਹ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ। ਸ਼ੁਭਕਰਨ ਦਾ ਪਰਿਵਾਰ ਸੀਐਮ ਮਾਨ ਨੂੰ ਮਿਲਣ ਲਈ ਮੁੱਖ ਮੰਤਰੀ ਨਿਵਾਸ ਪਹੁੰਚਿਆ ਸੀ। ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੇ ਧਰਨੇ ਦੌਰਾਨ ਜਾਨ ਗਵਾਉਣ ਵਾਲੇ ਸ਼ੁਭਕਰਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ੁਭਕਰਨ ਦੀ ਭੈਣ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਦਿੱਤਾ ਹੈ। ਪੰਜਾਬ ਸਰਕਾਰ ਨੇ ਇਹ ਦੋਵੇਂ ਵਾਅਦੇ ਹਾਲ ਹੀ ਵਿੱਚ ਪੂਰੇ ਕੀਤੇ ਹਨ।
ਪ੍ਰਦਰਸ਼ਨ ਦੌਰਾਨ ਲੱਗੀ ਸੀ ਗੋਲੀ
ਪੰਜਾਬ ਦੇ ਕਿਸਾਨ ਫਰਵਰੀ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਲਈ ਸੰਘਰਸ਼ ਕਰ ਰਹੇ ਹਨ। 21 ਫਰਵਰੀ ਨੂੰ ਖਨੌਰੀ ਸਰਹੱਦ 'ਤੇ ਕਿਸਾਨ ਸ਼ੁਭਕਰਨ ਦੀ ਮੌਤ ਹੋ ਗਈ ਸੀ। ਉਸ ਸਮੇਂ ਕਿਹਾ ਗਿਆ ਸੀ ਕਿ ਪੁਲਿਸ ਦੀ ਗੋਲੀ ਨਾਲ ਸ਼ੁਭਕਰਨ ਦੀ ਮੌਤ ਹੋ ਗਈ ਸੀ। ਜਦੋਂ ਕਿ ਹਾਈ ਕੋਰਟ ਦੇ ਹੁਕਮਾਂ 'ਤੇ ਬਣੀ ਕਮੇਟੀ ਨੇ ਅਦਾਲਤ ਨੂੰ ਦੱਸਿਆ ਹੈ ਕਿ ਸ਼ੁਭਕਰਨ ਦੀ ਮੌਤ ਸ਼ਾਟ ਗੰਨ ਨਾਲ ਹੋਈ ਹੈ। ਹਾਲਾਂਕਿ, ਪੁਲਿਸ ਸ਼ਾਟ ਗੰਨ ਦੀ ਵਰਤੋਂ ਨਹੀਂ ਕਰਦੀ।
ਦੋ ਭੈਣਾਂ ਦਾ ਇਕਲੌਤਾ ਭਰਾ ਸੀ ਸ਼ੁਭਕਰਨ
22 ਸਾਲਾ ਸ਼ੁਭਕਰਨ ਸਿੰਘ ਸੂਬੇ ਦੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲ੍ਹੋ ਦਾ ਰਹਿਣ ਵਾਲਾ ਸੀ। ਉਹ 13 ਫਰਵਰੀ ਤੋਂ ਖਨੌਰੀ ਸਰਹੱਦ 'ਤੇ ਕਿਸਾਨਾਂ ਦੇ ਧਰਨੇ 'ਚ ਮੌਜੂਦ ਸੀ ਅਤੇ ਆਪਣੇ ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਸੀ। ਸ਼ੁਭਕਰਨ ਸਿੰਘ ਆਪਣੇ ਚਾਚਾ ਬਲਜੀਤ ਸਿੰਘ ਨਾਲ ਖੇਤੀ ਦਾ ਕੰਮ ਕਰਦਾ ਸੀ। ਉਸ ਦੇ ਪਰਿਵਾਰ ਕੋਲ ਸਿਰਫ਼ 2 ਏਕੜ ਜ਼ਮੀਨ ਸੀ ਜਦਕਿ ਬਾਕੀ ਜ਼ਮੀਨ ਠੇਕੇ 'ਤੇ ਲੈ ਕੇ 15 ਏਕੜ ਉੱਤੇ ਖੇਤੀ ਕਰਦੇ ਸਨ।