ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵਾਇਰਲ ਵੀਡੀਓ 'ਚ ਉਨ੍ਹਾਂ ਦੇ ਸਾਹਮਣੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ ਜਾ ਰਹੇ ਹਨ। ਹਾਲਾਂਕਿ ਇਸ ਵੀਡੀਓ ਦੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਦੀ ਕੋਈ ਪੁਸ਼ਟੀ ਨਹੀਂ ਹੋਈ ਹੈ। ਵਾਇਰਲ ਵੀਡੀਓ ਤੋਂ ਬਾਅਦ ਭਾਰਤ ਤੇ ਕੈਨੇਡਾ ਵਿਚਾਲੇ ਖਟਾਸ ਇੱਕ ਵਾਰ ਫਿਰ ਵਧ ਸਕਦੀ ਹੈ।
ਸਿੱਖ ਭਾਈਚਾਰੇ ਨੂੰ ਸੰਬੋਧਨ ਕਰਨ ਆਏ ਸਨ ਟਰੂਡੋ
ਵਾਇਰਲ ਵੀਡੀਓ 'ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਜਿਵੇਂ ਹੀ ਟੋਰਾਂਟੋ 'ਚ ਸਿੱਖ ਭਾਈਚਾਰੇ ਨੂੰ ਸੰਬੋਧਨ ਕਰਨ ਲਈ ਅੱਗੇ ਵਧੇ ਤਾਂ ਭੀੜ 'ਚੋਂ ਖਾਲਿਸਤਾਨ ਦੇ ਸਮਰਥਨ 'ਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਤੇ ਇਸ ਦੌਰਾਨ ਟਰੂਡੋ ਨੇ ਦੇਸ਼ 'ਚ ਸਿੱਖ ਭਾਈਚਾਰੇ ਨੂੰ ਭਰੋਸਾ ਦਿੱਤਾ ਸਰਕਾਰ ਹਰ ਕੀਮਤ 'ਤੇ ਉਨ੍ਹਾਂ ਦੇ ਅਧਿਕਾਰਾਂ ਅਤੇ ਆਜ਼ਾਦੀ ਦੀ ਰੱਖਿਆ ਲਈ ਹਮੇਸ਼ਾ ਮੌਜੂਦ ਹੈ। ਵਿਭਿੰਨਤਾ ਕੈਨੇਡਾ ਦੀ ਸਭ ਤੋਂ ਵੱਡੀ ਤਾਕਤ ਹੈ।
ਸਿੱਖ ਕਦਰਾਂ-ਕੀਮਤਾਂ ਕੈਨੇਡੀਅਨ ਕਦਰਾਂ-ਕੀਮਤਾਂ ਹਨ
ਟਰੂਡੋ ਨੇ ਐਤਵਾਰ ਨੂੰ ਟੋਰਾਂਟੋ ਵਿੱਚ ਖਾਲਸਾ ਸਾਜਨਾ ਦਿਵਸ ਸਮਾਗਮ ਦੌਰਾਨ ਕਿਹਾ ਕਿ ਸਾਨੂੰ ਇਹ ਯਾਦ ਰੱਖਣਾ ਹੋਵੇਗਾ ਕਿ ਸਿੱਖਾਂ ਦੀਆਂ ਕਦਰਾਂ ਕੀਮਤਾਂ ਕੈਨੇਡਾ ਦੀਆਂ ਕਦਰਾਂ-ਕੀਮਤਾਂ ਹਨ। ਦੇਸ਼ ਭਰ ਵਿੱਚ ਸਿੱਖ ਭਾਈਚਾਰੇ ਦੇ 8 ਲੱਖ ਤੋਂ ਵੱਧ ਲੋਕ ਹਨ ਅਤੇ ਅਸੀਂ ਤੁਹਾਡੇ ਅਧਿਕਾਰਾਂ ਤੇ ਤੁਹਾਡੀਆਂ ਆਜ਼ਾਦੀਆਂ ਦੀ ਰਾਖੀ ਲਈ ਹਮੇਸ਼ਾ ਮੌਜੂਦ ਰਹਾਂਗੇ ਤੇ ਅਸੀਂ ਹਮੇਸ਼ਾ ਨਫ਼ਰਤ ਅਤੇ ਵਿਤਕਰੇ ਵਿਰੁੱਧ ਤੁਹਾਡੇ ਭਾਈਚਾਰੇ ਦੀ ਰੱਖਿਆ ਕਰਾਂਗੇ।