ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਵਿਧਾਨ ਸਭਾ ਹਲਕਾ ਚੱਬੇਵਾਲ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨ ਪੁੱਜੇ, ਜਿਥੇ ਵਲੰਟੀਅਰ ਮੀਟਿੰਗ ਕੀਤੀ।
ਔਰਤਾਂ ਨੂੰ ਹਰੇਕ ਮਹੀਨੇ 1100 ਰੁਪਏ ਦੇਣ ਦੀ ਯੋਜਨਾ ਜਲਦ ਸ਼ੁਰੂ ਕੀਤੀ ਜਾਵੇਗੀ
ਇਸ ਦੌਰਾਨ ਉਨ੍ਹਾਂ ਔਰਤਾਂ ਨੂੰ 1100 ਰੁਪਏ ਦੀ ਚੋਣ ਗਾਰੰਟੀ ਦੇਣ ਦਾ ਵੀ ਸੰਕੇਤ ਦਿੱਤਾ। ਮਾਨ ਨੇ ਕਿਹਾ ਕਿ ਹੁਣ ਇਹ ਉਨ੍ਹਾਂ ਦਾ ਅਗਲਾ ਟੀਚਾ ਹੈ, ਜਿਸ ਲਈ ਉਹ ਸਖਤ ਮਿਹਨਤ ਕਰ ਰਹੇ ਹਨ।
ਚੁੱਲ੍ਹੇ ਚੌਂਕੇ, ਬਿਜਲੀ, ਦਵਾਈ ਅਤੇ ਇਲਾਜ ਦੀ ਸਰਕਾਰ ਨੂੰ ਚਿੰਤਾ
ਮੁੱਖ ਮੰਤਰੀ ਮਾਨ ਜਦੋਂ ਵਲੰਟੀਅਰਾਂ ਨੂੰ ਸੰਬੋਧਨ ਕਰ ਰਹੇ ਸਨ ਤਾਂ ਕੁਝ ਔਰਤਾਂ ਖੜ੍ਹੀਆਂ ਸਨ ਜਦੋਂਕਿ ਨੌਜਵਾਨ ਬੈਠੇ ਸਨ ਤਾਂ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਕੁਰਸੀਆਂ ਛੱਡਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਬਹੁਤ ਚੰਗੀ ਗੱਲ ਹੈ ਕਿ ਮਾਵਾਂ-ਭੈਣਾਂ ਆਮ ਆਦਮੀ ਪਾਰਟੀ ਦੀਆਂ ਰੈਲੀਆਂ ਵਿੱਚ ਆਉਂਦੀਆਂ ਹਨ, ਕਿਉਂਕਿ ਉਹ ਜਾਣਦੀਆਂ ਹਨ ਕਿ ਇਹ ਉਹੀ ਸਰਕਾਰ ਹੈ ਜਿਸ ਨੂੰ ਉਨ੍ਹਾਂ ਦੇ ਚੁੱਲ੍ਹੇ ਚੌਂਕੇ, ਬਿਜਲੀ, ਦਵਾਈ ਅਤੇ ਇਲਾਜ ਦੀ ਚਿੰਤਾ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਔਰਤਾਂ ਨੂੰ 1100 ਰੁਪਏ ਮਿਲਣੇ ਸ਼ੁਰੂ ਹੋ ਜਾਣਗੇ, ਇਹ ਮੇਰਾ ਅਗਲਾ ਟੀਚਾ ਹੈ।
ਆਮ ਆਦਮੀ ਪਾਰਟੀ ਦੇ ਹਲਕਾ ਚੱਬੇਵਾਲ ਤੋਂ ਉਮੀਦਵਾਰ ਹਨ ਇਸ਼ਾਂਕ ਚੱਬੇਵਾਲ
ਸੀ ਐਮ ਮਾਨ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਜਿਸ ਤਰ੍ਹਾਂ ਜ਼ੀਰੋ ਬਿਜਲੀ ਬਿੱਲ ਸਕੀਮ ਲਾਗੂ ਕੀਤੀ ਗਈ ਹੈ, ਉਸੇ ਤਰ੍ਹਾਂ ਔਰਤਾਂ ਨੂੰ 1100 ਰੁਪਏ ਪ੍ਰਤੀ ਮਹੀਨਾ ਮਿਲਣਾ ਸ਼ੁਰੂ ਹੋ ਜਾਵੇਗਾ। ਉਹ ਇਸ ਦੀ ਤਿਆਰੀ 'ਚ ਰੁੱਝੇ ਹੋਏ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਹਲਕਾ ਚੱਬੇਵਾਲ ਤੋਂ ਉਮੀਦਵਾਰ ਇਸ਼ਾਂਕ ਚੱਬੇਵਾਲ ਨੂੰ ਜਿਤਾਉਣ ਲਈ ਕਿਹਾ ਤੇ ਕਿਹਾ ਕਿ ਬਾਕੀ ਮੇਰੀ ਜ਼ਿੰਮੇਵਾਰੀ ਹੈ।
13 ਨੂੰ ਪੈਣਗੀਆਂ ਵੋਟਾਂ , 23 ਨੂੰ ਆਉਣਗੇ ਨਤੀਜੇ
ਪੰਜਾਬ ਦੀਆਂ 4 ਸੀਟਾਂ 'ਤੇ 13 ਨਵੰਬਰ ਨੂੰ ਵੋਟਾਂ ਪੈਣਗੀਆਂ। ਜਿਸ ਤੋਂ ਬਾਅਦ 23 ਨਵੰਬਰ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ|
ਲੋਕ ਸਭਾ ਚੋਣਾਂ ਕਾਰਨ ਇਹ ਸੀਟਾਂ ਖਾਲੀ ਹੋਈਆਂ
2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਖਾਲੀ ਹੋਈਆਂ ਸਨ। ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਬਰਨਾਲਾ ਸੀਟ ਖਾਲੀ ਹੋ ਚੁੱਕੀ ਹੈ।
ਜਦਕਿ ਹੁਸ਼ਿਆਰਪੁਰ ਦੀ ਚੱਬੇਵਾਲ ਸੀਟ ਤੋਂ ਡਾ: ਰਾਜ ਕੁਮਾਰ ਚੱਬੇਵਾਲ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਖਾਲੀ ਹੋਈ ਹੈ। ਗਿੱਦੜਬਾਹਾ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਡੇਰਾ ਬਾਬਾ ਨਾਨਕ ਸੀਟ ਤੋਂ ਕਾਂਗਰਸ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਲੋਕ ਸਭਾ ਚੋਣਾਂ ਜਿੱਤ ਗਏ ਹਨ। ਇਨ੍ਹਾਂ ਚਾਰਾਂ ਸੀਟਾਂ 'ਤੇ ਚੋਣਾਂ ਹੋਣੀਆਂ ਹਨ।