ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਬੀਤੇ ਦਿਨ ਸ਼ਨੀਵਾਰ 6 ਜਨਵਰੀ ਨੂੰ ਪੰਜਾਬ ਭਰ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ‘ਚ ਲੋਕਹਿੱਤ ਦੇ ਮੱਦੇਨਜ਼ਰ ਇੰਤਕਾਲ ਦੇ ਪੈਂਡਿੰਗ ਪਏ ਮਾਮਲੇ ਨਿਪਟਾਉਣ ਲਈ ਵਿਸ਼ੇਸ਼ ਕੈਂਪ ਲਗਾਏ ਗਏ।
15 ਜਨਵਰੀ ਨੂੰ ਫਿਰ ਲੱਗਣਗੇ ਵਿਸ਼ੇਸ਼ ਕੈਂਪ
ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿੱਟਰ 'ਤੇ ਇਹ ਜਾਣਕਾਰੀ ਦਿੱਤੀ ਹੈ ਕਿ ਬੀਤੇ ਦਿਨੀਂ ਪੰਜਾਬ 'ਚ ਇੰਤਕਾਲਾਂ ਦੇ ਮਾਮਲਿਆਂ ਨੂੰ ਨਿਪਟਾਉਣ ਲਈ ਤਹਿਸੀਲਾਂ ਤੇ ਸਬ-ਤਹਿਸੀਲਾਂ 'ਚ ਵਿਸ਼ੇਸ਼ ਕੈਂਪ ਲਗਾਏ ਗਏ, ਜਿੱਥੇ 31 ਹਜ਼ਾਰ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਹ ਇੱਕ ਚੰਗੀ ਪਹਿਲ ਹੈ ਤੇ ਅਸੀਂ ਲੋਕਾਂ ਨੂੰ ਸਹੂਲਤ ਦੇਣ ਲਈ ਲਗਾਤਾਰ ਅਜਿਹੇ ਉਪਰਾਲੇ ਕਰਾਂਗੇ। ਅਸੀਂ ਦੋਬਾਰਾ 15 ਜਨਵਰੀ ਨੂੰ ਇਹ ਕੈਂਪ ਲਾਵਾਂਗੇ।
ਮਾਲ ਮਤਰੀ ਜਿੰਪਾ ਨੇ ਕੈਂਪਾਂ ਦਾ ਕੀਤਾ ਦੌਰਾ
ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਇੰਤਕਾਲ ਦੇ ਲੰਬਿਤ ਪਏ 31538 ਮਾਮਲੇ ਨਿਪਟਾਏ ਗਏ ਹਨ।
ਇਕ ਦਿਨ ਵਿਚ ਏਨੇ ਇੰਤਕਾਲ ਦਰਜ ਕਰਨ ਦਾ ਇਹ ਨਵਾਂ ਰਿਕਾਰਡ ਹੈ। ਜਿੰਪਾ ਨੇ ਖੁਦ ਹੁਸ਼ਿਆਰਪੁਰ, ਫਗਵਾੜਾ, ਫਿਲੌਰ, ਲੁਧਿਆਣਾ ਪੂਰਬੀ, ਲੁਧਿਆਣਾ ਪੱਛਮੀ ਅਤੇ ਸ਼ਹੀਦ ਭਗਤ ਸਿੰਘ ਨਗਰ ਤਹਿਸੀਲਾਂ ਦਾ ਦੌਰਾ ਕਰ ਕੇ ਕੰਮ-ਕਾਜ ਦਾ ਜਾਇਜ਼ਾ ਲਿਆ।
ਹੈਲਪਲਾਈਨ ਨੰਬਰ ਜਾਰੀ
ਜੇਕਰ ਲੋਕਾਂ ਨੂੰ ਮਾਲ ਵਿਭਾਗ ਵਿੱਚ ਕੋਈ ਸਮੱਸਿਆ ਆਉਂਦੀ ਹੈ ਤਾਂ ਸਰਕਾਰ ਨੇ ਇੱਕ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੈ। ਜਿਸ 'ਤੇ ਵਟਸਐਪ 'ਤੇ ਲਿਖਤੀ ਸ਼ਿਕਾਇਤ ਕੀਤੀ ਜਾ ਸਕਦੀ ਹੈ। ਪ੍ਰਵਾਸੀ ਭਾਰਤੀ ਆਪਣੀ ਲਿਖਤੀ ਸ਼ਿਕਾਇਤ ਨੰਬਰ 9464100168 'ਤੇ ਭੇਜ ਸਕਦੇ ਹਨ। ਇਸੇ ਤਰ੍ਹਾਂ 43 ਪ੍ਰਸ਼ਾਸਨਿਕ ਸੇਵਾਵਾਂ ਪਹਿਲਾਂ ਹੀ ਲੋਕਾਂ ਦੇ ਘਰਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਲੋਕਾਂ ਨੂੰ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਹੈ। ਮਾਲ ਵਿਭਾਗ ਦਾ ਕੰਮ-ਕਾਜ ਫਿਰ ਤੋਂ ਸੁਚਾਰੂ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਜਾਇਦਾਦ ਸਬੰਧੀ ਕਿਸੇ ਕਿਸਮ ਦੇ ਝਗੜਿਆਂ ਦਾ ਸਾਹਮਣਾ ਨਾ ਕਰਨਾ ਪਵੇ।