ਪੰਜਾਬ ਰੋਡਵੇਜ਼ ਅਤੇ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਇੱਕ ਵਾਰ ਫਿਰ ਹੜਤਾਲ ਦਾ ਐਲਾਨ ਕਰ ਦਿੱਤਾ ਹੈ। ਉਸ ਦਾ ਕਹਿਣਾ ਹੈ ਕਿ ਸਰਕਾਰ ਨਾਲ ਲਗਾਤਾਰ ਮੀਟਿੰਗਾਂ ਕਰਨ ਤੋਂ ਬਾਅਦ ਵੀ ਉਸ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ, ਜਿਸ ਕਾਰਨ ਉਸ ਨੇ ਹੜਤਾਲ ਕਰਨ ਦਾ ਐਲਾਨ ਕੀਤਾ ਹੈ।
ਮੰਗਾਂ ਨਾ ਮੰਨਣ 'ਤੇ ਅਣਮਿੱਥੇ ਸਮੇਂ ਲਈ ਹੜਤਾਲ ਜਾਰੀ ਰੱਖਣ ਦਾ ਕੀਤਾ ਐਲਾਨ
ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਦੱਸਿਆ ਕਿ ਸਰਕਾਰ ਨੇ ਅਜੇ ਤੱਕ ਸਾਡੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ। ਨਾ ਤਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ ਹੈ ਅਤੇ ਨਾ ਹੀ ਕਿਲੋਮੀਟਰ ਸਕੀਮ ਬੰਦ ਕੀਤੀ ਗਈ ਹੈ। ਇਸ ਤੋਂ ਇਲਾਵਾ ਹੋਰ ਕਈ ਮੰਗਾਂ ਨੂੰ ਲੈ ਕੇ 6, 7 ਅਤੇ 8 ਜਨਵਰੀ ਨੂੰ ਇੱਕ ਵਾਰ ਫਿਰ ਹੜਤਾਲ ਕੀਤੀ ਜਾ ਰਹੀ ਹੈ ਅਤੇ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਇਹ ਹੜਤਾਲ ਅਣਮਿੱਥੇ ਸਮੇਂ ਲਈ ਜਾਰੀ ਰਹੇਗੀ।
ਤਿੰਨ ਦਿਨ ਕੀਤਾ ਜਾਵੇਗਾ ਚੱਕਾ ਜਾਮ
ਉਨ੍ਹਾਂ ਇਹ ਵੀ ਦੱਸਿਆ ਹੈ ਕਿ ਇਸ ਤੋਂ ਪਹਿਲਾਂ 7 ਜਨਵਰੀ ਨੂੰ CM ਦੀ ਰਿਹਾਇਸ਼ ਦਾ ਘਿਰਾਓ ਵੀ ਕੀਤਾ ਜਾਵੇਗਾ। ਵਰਕਰ 18 ਦਸੰਬਰ ਤੋਂ ਸੰਘਰਸ਼ ਸ਼ੁਰੂ ਕਰਨਗੇ। ਸਭ ਤੋਂ ਪਹਿਲਾਂ 18 ਦਸੰਬਰ ਨੂੰ ਗੇਟ ਰੈਲੀਆਂ ਕੀਤੀਆਂ ਜਾਣਗੀਆਂ, ਫਿਰ 22 ਦਸੰਬਰ ਨੂੰ ਪੰਜਾਬ ਦੇ ਸਾਰੇ ਵਿਧਾਇਕ ਅਤੇ ਮੰਤਰੀਆਂ ਦੇ ਘਰਾਂ ਦੇ ਬਾਹਰ ਜਾ ਕੇ ਉਨ੍ਹਾਂ ਨੂੰ ਮੰਗ ਪੱਤਰ ਦੇਣਗੇ ਅਤੇ ਫਿਰ 2 ਜਨਵਰੀ ਨੂੰ ਗੇਟ ਰੈਲੀ ਤੋਂ ਬਾਅਦ 3 ਦਿਨ ਦਾ ਚੱਕਾ ਜਾਮ ਕੀਤਾ ਜਾਵੇਗਾ।