ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਗਾਮੀ ਚੋਣਾਂ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪਾਰਟੀ ਵੱਲੋਂ ਉਮੀਦਵਾਰ ਬਣਾਇਆ ਗਿਆ ਹੈ।
ਇਹ ਚੋਣ 8 ਨਵੰਬਰ 2023 ਨੂੰ ਹੋਵੇਗੀ। ਦੱਸ ਦੇਈਏ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਤੀਜੀ ਵਾਰ ਚੋਣਾਂ ਲਈ ਉਮੀਦਵਾਰ ਬਣਾਇਆ ਗਿਆ ਹੈ।
ਇਸ ਸਬੰਧੀ ਟਵੀਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਡਾ: ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਸਲਾਹ ਕਰ ਕੇ ਐਡਵੋਕੇਟ ਧਾਮੀ ਦੇ ਨਾਂ ਦਾ ਐਲਾਨ ਕੀਤਾ ਹੈ।
ਦੋ ਵਾਰ ਰਹਿ ਚੁੱਕੇ ਪ੍ਰਧਾਨ
ਦੱਸ ਦੇਈਏ ਕਿ 8 ਨਵੰਬਰ ਨੂੰ ਹੋਣ ਵਾਲੀ ਸ਼੍ਰੋਮਣੀ ਕਮੇਟੀ ਦੀ ਚੋਣ ਦੌਰਾਨ ਪ੍ਰਧਾਨ ਸਮੇਤ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਅਹੁਦੇਦਾਰਾਂ ਦੀ ਚੋਣ ਕਰਵਾਈ ਜਾ ਰਹੀ ਹੈ। ਧਾਮੀ ਪਿਛਲੇ ਦੋ ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਨ ਅਤੇ ਇਸ ਵਾਰ ਵੀ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਮੁੜ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਬਣਾਇਆ ਗਿਆ ਹੈ।
ਇਸ ਦੇ ਨਾਲ ਹੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਇਸ ਲਈ ਵਧਾਈ ਦਿੱਤੀ ਹੈ। ਅਸੀਂ ਉਹਨਾਂ ਦੇ ਪਿਛਲੇ ਕਾਰਜਕਾਲ ਵਿੱਚ ਉਹਨਾਂ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਾਂ ਅਤੇ ਗੁਰੂ ਸਾਹਿਬ ਅੱਗੇ ਅਰਦਾਸ ਕਰਦੇ ਹਾਂ ਕਿ ਉਹਨਾਂ ਨੂੰ ਖਾਲਸਾ ਪੰਥ ਦੀ ਇਸ ਵੱਕਾਰੀ ਸੰਸਥਾ ਦੀ ਸੇਵਾ ਕਰਨ ਦਾ ਇੱਕ ਹੋਰ ਮੌਕਾ ਦਿੱਤਾ ਜਾਵੇ।