ਜਲੰਧਰ/ ਭਾਰਤੀ ਕਪਾਹ ਨਿਗਮ ਨੇ ਨਰਮੇ 'ਤੇ ਘੱਟੋ-ਘੱਟ ਸਮਰਥਨ ਮੁੱਲ ਘਟਾ ਦਿੱਤਾ ਹੈ। ਇਸ ਸਬੰਧੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟਵੀਟ ਕਰ ਕੇ ਕਿਹਾ ਹੈ ਕਿ ਨਰਮੇ 'ਤੇ ਘੱਟੋ-ਘੱਟ ਸਮਰਥਨ ਮੁੱਲ ਵਧਾਇਆ ਜਾਵੇ ਅਤੇ ਇਸ ਮਾਮਲੇ 'ਚ ਦਖਲ ਦੇ ਕੇ ਖਰੀਦ ਨੂੰ ਵੀ ਯਕੀਨੀ ਬਣਾਇਆ ਜਾਵੇ।
ਸੁਖਬੀਰ ਨੇ ਆਪਣੇ ਟਵੀਟ 'ਚ ਲਿਖਿਆ ਹੈ ਕਿ ਨਰਮੇ 'ਤੇ ਘੱਟੋ-ਘੱਟ ਸਮਰਥਨ ਮੁੱਲ 'ਚ ਕਟੌਤੀ ਤੋਂ ਬਾਅਦ ਖਰੀਦ ਘਟ ਰਹੀ ਹੈ ਅਤੇ ਇਸ ਕਾਰਨ ਕਿਸਾਨਾਂ ਨੂੰ ਵੀ ਭਾਰੀ ਨੁਕਸਾਨ ਹੋ ਰਿਹਾ ਹੈ। ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹਰ ਕੀਮਤ 'ਤੇ ਨਰਮੇ ਉਤੇ ਖਰੀਦ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।
ਸੁਖਬੀਰ ਬਾਦਲ ਨੇ ਨਰਮੇ 'ਤੇ 6920 ਰੁਪਏ ਪ੍ਰਤੀ ਕੁਇੰਟਲ ਦਾ ਘੱਟੋ-ਘੱਟ ਸਮਰਥਨ ਮੁੱਲ ਦੇਣ ਲਈ ਕਿਹਾ ਹੈ। ਜਿਨ੍ਹਾਂ ਨੇ ਨਰਮਾ 6770 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕੰਪੀਟੀਸ਼ਨ ਕਮਿਸ਼ਨ ਆਫ ਇੰਡੀਆ (ਸੀ.ਸੀ.ਆਈ.) ਨੂੰ ਵੇਚਿਆ ਹੈ, ਜਿਸ ਦਾ ਨੁਕਸਾਨ ਉਨ੍ਹਾਂ ਕਿਸਾਨਾਂ ਨੂੰ ਹੋਇਆ। ਇਸ ਦੀ ਅਦਾਇਗੀ ਵੀ ਕਿਸਾਨਾਂ ਨੂੰ ਜਲਦੀ ਕੀਤੀ ਜਾਵੇ। ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਦਖਲ ਨਾਲ ਕਿਸਾਨਾਂ ਨੂੰ ਫਾਇਦਾ ਹੋਵੇਗਾ।
ਸੁਖਬੀਰ ਬਾਦਲ ਨੇ ਕਿਹਾ ਕਿ ਸੀਸੀਆਈ ਵੱਲੋਂ 30 ਨਵੰਬਰ ਨੂੰ ਖਰੀਦ ਬੰਦ ਕਰ ਦਿੱਤੀ ਗਈ ਸੀ ਅਤੇ 7 ਦਸੰਬਰ ਨੂੰ ਦੁਬਾਰਾ ਸ਼ੁਰੂ ਕੀਤੀ ਗਈ ਸੀ। 9 ਦਸੰਬਰ ਨੂੰ ਦੁਬਾਰਾ ਖਰੀਦ ਬੰਦ ਕਰ ਦਿੱਤੀ ਗਈ ਸੀ ਅਤੇ ਹੁਣ 12 ਦਸੰਬਰ ਤੋਂ ਖਰੀਦ ਸ਼ੁਰੂ ਹੋਣ ਦੀ ਉਮੀਦ ਹੈ। ਸੀਸੀਆਈ ਆਪਣੀ ਇੱਛਾ ਅਨੁਸਾਰ ਖਰੀਦ ਕਰ ਰਿਹਾ ਹੈ, ਜੋ ਕਿ ਸਹੀ ਨਹੀਂ ਹੈ। ਕਿਸਾਨ ਇਸ ਵੇਲੇ ਆਪਣੀ ਫ਼ਸਲ ਦੂਜੇ ਵਪਾਰੀਆਂ ਨੂੰ ਵੇਚਣ ਲਈ ਮਜਬੂਰ ਹਨ। ਜੋ 5200 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਭਾਅ ਦੇ ਰਹੇ ਹਨ।