ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਪੁੱਜੇ, ਮੱਥਾ ਟੇਕਣ ਉਪਰੰਤ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਉਨ੍ਹਾਂ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਲਾਏ ਦੋਸ਼ਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੂੰ ਸੀਲਬੰਦ ਲਿਫ਼ਾਫ਼ੇ ਵਿੱਚ ਲਿਖਤੀ ਪੱਤਰ ਸੌਂਪਿਆ।
5 ਸਿੰਘ ਸਾਹਿਬਾਨ ਦੀ ਮੀਟਿੰਗ 'ਚ ਖੋਲ੍ਹਿਆ ਜਾਵੇਗਾ ਪੱਤਰ
ਸੁਖਬੀਰ ਬਾਦਲ ਨੇ ਮੀਡੀਆ ਨਾਲ ਗੱਲ ਨਹੀਂ ਕੀਤੀ ਪਰ ਜਥੇਦਾਰ ਰਘੁਬੀਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਪੇਸ਼ ਕੀਤਾ ਗਿਆ ਸਪੱਸ਼ਟੀਕਰਨ 5 ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਖੋਲ੍ਹ ਕੇ ਪੜ੍ਹਿਆ ਜਾਵੇਗਾ। ਇਸ ਦੌਰਾਨ ਉਨ੍ਹਾਂ ਨਾਲ ਅਕਾਲੀ ਦਲ ਦੇ ਸੀਨੀਅਰ ਆਗੂ, ਬੁਲਾਰੇ ਦਲਜੀਤ ਸਿੰਘ ਚੀਮਾ ਅਤੇ ਬਲਵਿੰਦਰ ਸਿੰਘ ਭੂੰਦੜ ਵੀ ਨਜ਼ਰ ਆਏ।
ਬਾਗੀ ਧੜੇ ਨੇ 1 ਜੁਲਾਈ ਨੂੰ ਸੌਂਪਿਆ ਸੀ ਮੁਆਫੀਨਾਮਾ
ਦੱਸ ਦੇਈਏ ਕਿ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਬਾਗੀ ਧੜਾ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਸੀ, ਜਿੱਥੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੂੰ ਮੁਆਫ਼ੀ ਪੱਤਰ ਸੌਂਪਿਆ ਸੀ। ਸੁਖਬੀਰ ਬਾਦਲ ਨੂੰ 15 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਈ ਗਈ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਵਿੱਚ 15 ਦਿਨਾਂ ਦੇ ਅੰਦਰ ਪੇਸ਼ ਹੋਣ ਲਈ ਤਲਬ ਕੀਤਾ ਗਿਆ ਸੀ।
ਬੀਤੇ ਦਿਨ ਕੋਰ ਕਮੇਟੀ ਕੀਤੀ ਸੀ ਭੰਗ
ਅਕਾਲੀ ਦਲ ਨੇ ਬੀਤੇ ਦਿਨ ਅਚਾਨਕ ਕੋਰ ਕਮੇਟੀ ਭੰਗ ਕਰ ਦਿੱਤੀ ਸੀ, ਜਿਸ ਵਿੱਚ ਬਾਗੀ ਧੜੇ ਦੇ ਆਗੂ ਵੀ ਸ਼ਾਮਲ ਹਨ। ਪਿਛਲੀਆਂ 2 ਵਿਧਾਨ ਸਭਾ ਚੋਣਾਂ ਅਤੇ ਲੋਕ ਸਭਾ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ ਅਕਾਲੀ ਦਲ ਵਿੱਚ ਬਗਾਵਤ ਦਾ ਦੌਰ ਚੱਲ ਰਿਹਾ ਹੈ।
ਲੋਕ ਸਭਾ ਚੋਣਾਂ 'ਚ ਸਿਰਫ 1 ਸੀਟ ਮਿਲੀ
ਦੱਸ ਦੇਈਏ ਕਿ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਭਾਜਪਾ ਨਾਲ ਗਠਜੋੜ ਤੋੜ ਕੇ ਉਨ੍ਹਾਂ ਨੇ 13 ਲੋਕ ਸਭਾ ਸੀਟਾਂ 'ਤੇ ਇਕੱਲੇ ਹੀ ਚੋਣ ਲੜੀ ਸੀ। ਪਰ ਬਠਿੰਡਾ ਸੀਟ ਨੂੰ ਛੱਡ ਕੇ ਪਾਰਟੀ ਕੋਈ ਵੀ ਸੀਟ ਨਹੀਂ ਜਿੱਤ ਸਕੀ। ਬਾਦਲ ਪਰਿਵਾਰ ਦੀ ਨੂੰਹ ਹਰਸਿਮਰਤ ਕੌਰ ਹੀ ਬਠਿੰਡਾ ਤੋਂ ਚੋਣ ਜਿੱਤੀ ਸੀ।
ਇਸ ਕਾਰਨ ਬਗਾਵਤ ਸ਼ੁਰੂ ਹੋ ਗਈ
ਇਸ ਤੋਂ ਬਾਅਦ ਪਾਰਟੀ 'ਚ ਬਗਾਵਤ ਸ਼ੁਰੂ ਹੋ ਗਈ। ਪਾਰਟੀ ਆਗੂਆਂ ਨੇ ਸਪੱਸ਼ਟ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਇਕੱਲਿਆਂ ਲੜਨਾ ਗਲਤੀ ਸੀ। ਜੇਕਰ ਉਹ ਭਾਜਪਾ ਨਾਲ ਚੋਣ ਲੜਦੇ ਤਾਂ ਪਾਰਟੀ ਜਿੱਤ ਸਕਦੀ ਸੀ। ਹਾਲਾਂਕਿ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਦੋ ਸੀਟਾਂ ਜਿੱਤਣ ਵਿੱਚ ਸਫਲ ਰਿਹਾ ਸੀ। ਭਾਵੇਂ ਉਸ ਸਮੇਂ ਸੂਬੇ ਵਿੱਚ ਸਰਕਾਰ ਕਾਂਗਰਸ ਦੀ ਸੀ।
ਮੁਆਫੀਨਾਮੇ 'ਚ ਸੁਖਬੀਰ ਬਾਦਲ ਦੀਆਂ 4 ਗਲਤੀਆਂ ਦਾ ਜ਼ਿਕਰ
ਬਾਗੀ ਧੜੇ ਨੇ ਸੁਖਬੀਰ ਬਾਦਲ ਦੀਆਂ ਚਾਰ ਗਲਤੀਆਂ ਲਈ ਮੁਆਫੀ ਮੰਗੀ ਸੀ, ਜਿਸ ਵਿੱਚ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮੁਆਫੀ ਦੇਣ ਨੂੰ ਗਲਤੀ ਮੰਨਿਆ ਗਿਆ ਹੈ। 2015 ਵਿੱਚ ਫਰੀਦਕੋਟ ਦੇ ਬਰਗਾੜੀ ਵਿੱਚ ਹੋਈ ਬੇਅਦਬੀ ਦੀ ਘਟਨਾ ਦੀ ਸਹੀ ਢੰਗ ਨਾਲ ਜਾਂਚ ਨਾ ਕਰਨ ਲਈ ਮੁਆਫੀ ਵੀ ਮੰਗੀ ਗਈ। ਆਈਪੀਐਸ ਅਧਿਕਾਰੀ ਸੁਮੇਧ ਸੈਣੀ ਨੂੰ ਡੀਜੀਪੀ ਬਣਾਉਣਾ ਅਤੇ ਮੁਹੰਮਦ ਇਜ਼ਹਾਰ ਆਲਮ ਦੀ ਪਤਨੀ ਨੂੰ ਟਿਕਟ ਦੇਣਾ ਵੀ ਗਲਤੀ ਮੰਨਿਆ ਗਿਆ ਹੈ।