ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਅਕਾਲ ਤਖ਼ਤ ਸਾਹਿਬ ਸਕੱਤਰੇਤ ਪਹੁੰਚੇ। ਇਸ ਦੌਰਾਨ ਉਨ੍ਹਾਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਲਿਖਤੀ ਪੱਤਰ ਸੌਂਪਿਆ ਤੇ ਬੇਨਤੀ ਕੀਤੀ ਹੈ ਕਿ ਉਨ੍ਹਾਂ ਨੂੰ ਲਾਈ ਜਾਣ ਵਾਲੀ ਧਾਰਮਕ ਸਜ਼ਾ ਦਾ ਜਲਦੀ ਐਲਾਨ ਕੀਤਾ ਜਾਵੇ।
ਕੀ ਲਿਖਿਆ ਪੱਤਰ ਵਿਚ
ਸੁਖਬੀਰ ਬਦਲ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਹਰ ਸਿੱਖ ਲਈ ਅਕਾਲ ਤਖ਼ਤ ਸਾਹਿਬ ਸੁਪਰੀਮ ਹੈ ਅਤੇ ੳਹ ਅਕਾਲ ਤਖਤ ਦਾ ਹਰ ਹੁਕਮ ਮੰਨਣ ਲਈ ਤਿਆਰ ਹਨ। ਉਨ੍ਹਾਂ ਅੱਗੇ ਲਿਖਿਆ ਹੈ ਕਿ ਢਾਈ ਮਹੀਨੇ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਨੂੰ ਧਾਰਮਕ ਸਜ਼ਾ ਨਹੀਂ ਸੁਣਾਈ ਗਈ।
ਉਨ੍ਹਾਂ ਨੇ ਅੱਗੇ ਲਿਖਿਆ ਕਿ ਪਾਰਟੀ ਕੰਮਾਂ ‘ਚ ਉਨ੍ਹਾਂ ਦੀ ਸ਼ਮੂਲੀਅਤ ਨਾ ਹੋਣ ਕਰਕੇ ਨਾ ਤਾਂ ਪਾਰਟੀ ਚਾਰ ਸੀਟਾਂ ਦੀਆਂ ਚੋਣਾਂ ‘ਚ ਹਿੱਸਾ ਲੈ ਸਕੀ ਹੈ ਅਤੇ ਨਾ ਹੀ ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਦੀ ਬਹਾਲੀ ਦੇ ਚੱਲ ਰਹੇ ਘੋਲ ਵਿੱਚ ਹਿੱਸਾ ਲੈ ਸਕੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਖਿਲਾਫ ਲੱਗੇ ਇਲਜ਼ਾਮ ਝੂਠੇ ਤੇ ਸਿਆਸਤ ਤੋਂ ਪ੍ਰੇਰਿਤ ਹਨ। ਆਖਰ ‘ਚ ਉਨ੍ਹਾਂ ਸਿੰਘ ਸਾਹਿਬ ਨੂੰ ਫਿਰ ਬੇਨਤੀ ਕੀਤੀ ਹੈ ਕਿ ਉਨ੍ਹਾਂ ਬਾਰੇ ਫੈਸਲਾ ਜਲਦੀ ਕੀਤਾ ਜਾਵੇ ਅਤੇ ਉਹ ਅਕਾਲ ਤਖਤ ਸਾਹਿਬ ਦਾ ਹਰ ਹੁਕਮ ਮੰਨਣ ਲਾਈ ਤਿਆਰ ਹਨ।
ਸੁਖਬੀਰ ਬਾਦਲ ਨੂੰ ਤਨੜਖਾਹੀਆ ਐਲਾਨਿਆ ਹੋਇਐ
ਸ੍ਰੀ ਅਕਾਲ ਤਖ਼ਤ ਸਾਹਿਬ ਨੇ 30 ਅਗਸਤ 2024 ਨੂੰ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਸੀ। ਸੁਖਬੀਰ ਬਾਦਲ ਦੇ ਵਿਰੋਧੀ ਧੜੇ ਦੇ ਆਗੂਆਂ ਨੇ 2007 ਤੋਂ 2017 ਦਰਮਿਆਨ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੌਰਾਨ ਲਏ ਗਏ ਕੁਝ ਧਾਰਮਿਕ ਫੈਸਲਿਆਂ 'ਤੇ ਸਵਾਲ ਉਠਾਏ ਸਨ। ਫਿਲਹਾਲ ਸੁਖਬੀਰ ਬਾਦਲ ਦੀ ਸਜ਼ਾ ਉਤੇ ਫੈਸਲਾ ਹੋਵੇਗਾ।
ਤਨਖਾਹੀਆ ਕਦੋਂ ਘੋਸ਼ਿਤ ਕੀਤਾ ਜਾਂਦਾ ਹੈ?
ਸਿੱਖ ਸੰਪਰਦਾਵਾਂ ਅਨੁਸਾਰ ਜੇਕਰ ਕੋਈ ਸਿੱਖ ਧਾਰਮਿਕ ਤੌਰ 'ਤੇ ਕੋਈ ਗਲਤ ਕੰਮ ਕਰਦਾ ਹੈ ਤਾਂ ਉਸ ਨੂੰ ਤਨਖਾਹੀਆ ਕਰਾਰ ਦਿੱਤਾ ਜਾਂਦਾ ਹੈ। ਇਹ ਫੈਸਲਾ ਸਿੱਖਾਂ ਦੇ ਸਰਵਉੱਚ ਤਖਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲਿਆ ਜਾਂਦਾ ਹੈ। ਇਸ ਤੋਂ ਬਾਅਦ ਸਬੰਧਤ ਵਿਅਕਤੀ ਸਿੱਖ ਸੰਗਤ ਦੇ ਸਾਹਮਣੇ ਪੇਸ਼ ਹੋ ਕੇ ਆਪਣੀ ਗਲਤੀ ਦੀ ਮੁਆਫੀ ਮੰਗ ਸਕਦਾ ਹੈ। ਇਸ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਉਸ ਦੇ ਜੁਰਮ ਦੀ ਸਮੀਖਿਆ ਕੀਤੀ ਜਾਂਦੀ ਹੈ। ਫਿਰ ਉਸ ਅਨੁਸਾਰ ਸਜ਼ਾ ਦਾ ਫੈਸਲਾ ਕੀਤਾ ਜਾਂਦਾ ਹੈ।
ਸੁਖਬੀਰ ਬਾਦਲ ਦੀਆਂ ਚਾਰ ਗਲਤੀਆਂ
1. ਡੇਰਾ ਸੱਚਾ ਸੌਦਾ ਖਿਲਾਫ ਸ਼ਿਕਾਇਤ ਵਾਪਸ ਲੈ ਲਈ ਗਈ
2. ਸੁਖਬੀਰ ਬਾਦਲ ਨੇ ਡੇਰਾ ਮੁਖੀ ਨੂੰ ਮੁਆਫੀ ਦਿਵਾਈ ਸੀ
3. ਬੇਅਦਬੀ ਦੀਆਂ ਘਟਨਾਵਾਂ ਦੀ ਸਹੀ ਢੰਗ ਨਾਲ ਜਾਂਚ ਨਹੀਂ ਕੀਤੀ ਗਈ
4. ਝੂਠੇ ਕੇਸਾਂ ਵਿੱਚ ਮਾਰੇ ਸਿੱਖਾਂ ਨੂੰ ਇਨਸਾਫ਼ ਨਹੀਂ ਦੇ ਸਕੇ