ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਰਾਹਤ ਦਿੰਦਿਆਂ ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਲਈ ਹੈ। ਸੁਖਪਾਲ ਖਹਿਰਾ ਜਲਦ ਹੀ ਜੇਲ੍ਹ 'ਚੋਂ ਰਿਹਾਅ ਹੋਣਗੇ। ਉਨ੍ਹਾਂ ਨੂੰ ਇਹ ਰਾਹਤ ਡਰੱਗਜ਼ ਮਾਮਲੇ 'ਚ ਮਿਲੀ ਹੈ।
2015 ਦੇ ਕੇਸ ਵਿੱਚ ਹੋਈ ਸੀ ਗ੍ਰਿਫ਼ਤਾਰੀ
ਦੱਸ ਦਈਏ ਕਿ 3 ਮਹੀਨੇ ਪਹਿਲਾਂ ਸਤੰਬਰ 'ਚ ਜਲਾਲਾਬਾਦ ਪੁਲਸ ਨੇ ਸੁਖਪਾਲ ਖਹਿਰਾ ਨੂੰ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਘਰ ਤੋਂ ਸਵੇਰੇ 5.30 ਵਜੇ ਗ੍ਰਿਫਤਾਰ ਕੀਤਾ ਸੀ। ਇਹ ਗ੍ਰਿਫ਼ਤਾਰੀ 2015 ਦੇ ਡਰੱਗਜ਼ ਕੇਸ ਦੇ ਸਬੰਧ ਵਿੱਚ ਕੀਤੀ ਗਈ ਸੀ।
SIT ਦੀ ਰਿਪੋਰਟ ਦੇ ਆਧਾਰ 'ਤੇ ਗ੍ਰਿਫਤਾਰੀ
ਜਾਣਕਾਰੀ ਮੁਤਾਬਕ ਸੁਖਪਾਲ ਖਹਿਰਾ ਖਿਲਾਫ 2015 ਦੇ ਇਕ ਪੁਰਾਣੇ ਡਰੱਗ ਮਾਮਲੇ 'ਚ ਜਾਂਚ ਚੱਲ ਰਹੀ ਸੀ। ਹੁਣ ਉਹਨਾਂ ਨੂੰ ਡੀਆਈਜੀ ਦੀ ਅਗਵਾਈ ਵਾਲੀ ਐਸਆਈਟੀ ਦੀ ਰਿਪੋਰਟ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਐਸਆਈਟੀ ਵਿੱਚ ਦੋ ਐਸਐਸਪੀਜ਼ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਇਹ ਝੂਠਾ ਕੇਸ ਸੀ, ਉਥੇ ਹੀ ਸੁਪਰੀਮ ਕੋਰਟ ਨੇ ਵੀ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਰਾਹਤ ਦਿੱਤੀ ਹੈ।
ਜਾਣੋ ਕੀ ਸੀ ਪੂਰਾ ਮਾਮਲਾ
ਦੱਸ ਦੇਈਏ ਕਿ ਸਾਲ 2015 ਵਿੱਚ ਜਲਾਲਾਬਾਦ ਪੁਲਿਸ ਨੇ ਮਾਰਕੀਟ ਕਮੇਟੀ ਢਿਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਸਮੇਤ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਦੇ ਕਬਜ਼ੇ 'ਚੋਂ 2 ਕਿਲੋ ਹੈਰੋਇਨ, 24 ਸੋਨੇ ਦੇ ਬਿਸਕੁਟ, ਇੱਕ ਦੇਸੀ 315 ਬੋਰ ਦਾ ਪਿਸਤੌਲ, ਦੋ ਪਾਕਿਸਤਾਨੀ ਸਿਮ ਕਾਰਡ ਅਤੇ ਇੱਕ ਟਾਟਾ ਸਫਾਰੀ ਕਾਰ ਬਰਾਮਦ ਹੋਈ ਹੈ।
ਇਸ ਮਾਮਲੇ ਵਿੱਚ ਖਹਿਰਾ ਦਾ ਨਾਂ ਮਾਰਕੀਟ ਕਮੇਟੀ ਢਿਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਨਾਲ ਕਥਿਤ ਸਬੰਧਾਂ ਕਾਰਨ ਸਾਹਮਣੇ ਆਇਆ ਸੀ। ਖਹਿਰਾ ਦੇ ਨਾਲ-ਨਾਲ ਨਿੱਜੀ ਸੁਰੱਖਿਆ ਅਧਿਕਾਰੀ (ਪੀਐਸਓ) ਜੋਗਾ ਸਿੰਘ, ਨਿੱਜੀ ਸਹਾਇਕ ਮਨੀਸ਼, ਬਾਠ ਪਿੰਡ (ਜਲੰਧਰ) ਦਾ ਇੱਕ ਵਿਅਕਤੀ, ਐਨਆਰਆਈ ਯੂਕੇ ਨਿਵਾਸੀ ਚਰਨਜੀਤ ਕੌਰ ਅਤੇ ਬਾਜਵਾ ਕਲਾਂ ਪਿੰਡ (ਜਲੰਧਰ) ਦੇ ਮੇਜਰ ਸਿੰਘ ਬਾਜਵਾ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ।