ਅੰਮ੍ਰਿਤਸਰ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਇਸ ਹਮਲੇ ਦੀ ਕੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕੋਈ ਸੱਚਾ ਸਿੱਖ ਨਹੀਂ ਕਰ ਸਕਦਾ। ਪ੍ਰਮਾਤਮਾ ਸਾਡੇ 'ਤੇ ਮਿਹਰਬਾਨ ਸੀ ਅਤੇ ਇਸ ਹਮਲੇ ਵਿਚ ਕਿਸੇ ਨੂੰ ਨੁਕਸਾਨ ਨਹੀਂ ਪਹੁੰਚਿਆ। ਸੁਰੱਖਿਆ ਬਲਾਂ ਦੀ ਬਹਾਦਰੀ ਕਾਰਨ ਸੁਖਬੀਰ ਬਾਦਲ ਅਤੇ ਉਥੇ ਮੌਜੂਦ ਲੋਕਾਂ ਦੀ ਜਾਨ ਬਚ ਗਈ।
ਮਾਮਲੇ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ- ਜਾਖੜ
ਸੁਖਬੀਰ ਸਿੰਘ ਦੇ ਨਾਲ ਖੜ੍ਹੇ ਸੁਰੱਖਿਆ ਅਧਿਕਾਰੀ ਜਸਬੀਰ ਸਿੰਘ ਨੇ ਬਹਾਦਰੀ ਨਾਲ ਉਸ ਦਾ ਬਚਾਅ ਕੀਤਾ। ਮੈਂ ਉਨ੍ਹਾਂ ਦੀ ਕਦਰ ਕਰਦਾ ਹਾਂ। ਜਿਸ ਕਾਰਨ ਹਮਲਾਵਰ ਨੂੰ ਕਾਬੂ ਕੀਤਾ ਜਾ ਸਕਿਆ ਪਰ ਇਸ ਗੱਲ ਉਤੇ ਪਰਦਾ ਨਹੀਂ ਪਾਇਆ ਜਾ ਸਕਦਾ ਕਿ ਪੰਜਾਬ ਵਿੱਚ ਕਿਹੋ ਜਿਹੇ ਹਾਲਾਤ ਹਨ। ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ।
ਮੈਨੂੰ ਵੀ ਮਾਰਨ ਦੀ ਕੀਤੀ ਸੀ ਕੋਸ਼ਿਸ਼- ਰਵਨੀਤ ਬਿੱਟੂ
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਹੈ ਕਿ ਇਸ ਦੋਸ਼ੀ ਨੇ ਉਨ੍ਹਾਂ ਨੂੰ ਮਾਰਨ ਦੀ ਵੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਕਿਹਾ ਕਿ ਜਦੋਂ ਉਹ 2009 ਵਿੱਚ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਸਨ ਤਾਂ ਇਸ ਹਮਲੇ ਦਾ ਦੋਸ਼ੀ ਨਰਾਇਣ ਸਿੰਘ ਉਨ੍ਹਾਂ ਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਰੂਪਨਗਰ ਦੇ ਤਤਕਾਲੀ ਐਸਐਸਪੀ ਨੇ ਉਨ੍ਹਾਂ ਨੂੰ ਚੇਤਾਵਨੀ ਦਿੱਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਦੋਸ਼ੀ ਉਸ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕਰ ਸਕਦਾ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਤਿੰਨ ਦਿਨਾਂ ਲਈ ਆਪਣੇ ਪ੍ਰੋਗਰਾਮ ਰੱਦ ਕਰ ਦਿੱਤੇ ਸਨ। ਇਸ ਤੋਂ ਬਾਅਦ ਦੋਸ਼ੀ ਨੂੰ ਫੜ ਲਿਆ ਗਿਆ ਸੀ।
ਹਮਲਾਵਰ ਦੀ ਪਤਨੀ ਆਈ ਮੀਡੀਆ ਸਾਹਮਣੇ
ਸੁਖਬੀਰ ਬਾਦਲ ਉਤੇ ਹਮਲਾ ਕਰਨ ਵਾਲੇ ਨਾਰਾਇਣ ਸਿੰਘ ਚੌੜਾ ਦੀ ਪਤਨੀ ਮੀਡੀਆ ਸਾਹਮਣੇ ਆਈ ਹੈ। ਗੁਰਦਾਸਪੁਰ ‘ਚ ਚੌੜਾ ਦੀ ਪਤਨੀ ਜਸਮੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਨਾਰਾਇਣ ਸਿੰਘ ਸਵੇਰੇ ਲਗਭਗ ਸਵਾ ਛੇ ਵਜੇ ਘਰੋਂ ਨਿਕਲਿਆ ਸੀ। ਉਹ ਸ੍ਰੀ ਦਰਬਾਰ ਸਾਹਿਬ ਵਿਖੇ ਕੋਈ ਬਰਸੀ ਦਾ ਪ੍ਰੋਗਰਾਮ ਹੋਣ ਦੀ ਗੱਲ ਕਹਿ ਕੇ ਘਰੋਂ ਗਿਆ ਸੀ। ਸੁਖਬੀਰ ਬਾਦਲ ਉਤੇ ਹੋਏ ਹਮਲੇ ਦਾ ਉਸ ਨੂੰ ਪਤਾ ਨਹੀਂ ਸੀ।
ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਸ ਦਾ ਪਤੀ ਅੰਮ੍ਰਿਤਸਰ, ਗੁਰਦਾਸਪੁਰ, ਲੁਧਿਆਣਾ, ਚੰਡੀਗੜ੍ਹ ਦੀਆਂ ਜੇਲ੍ਹਾਂ ਵਿਚ ਸਜ਼ਾ ਕੱਟ ਚੁੱਕਾ ਹੈ। ਜਸਮੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਜੋ ਵੀ ਕੀਤਾ ਹੈ ਉਹ ਬਿਲਕੁਲ ਗਲਤ ਹੈ।
ਦੱਸ ਦੇਈਏ ਕਿ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਦੇ ਘਰ ਡੇਰਾ ਬਾਬਾ ਨਾਨਕ ਵਿਖੇ ਪੁਲਸ ਜਾਂਚ ਕਰਨ ਲਈ ਪਹੁੰਚੀ ਸੀ। ਇਸ ਵੇਲੇ ਉਨ੍ਹਾਂ ਦੀ ਧਰਮ ਪਤਨੀ ਬੀਬੀ ਜਸਮੀਤ ਕੌਰ ਇੱਕਲੀ ਘਰ ਵਿੱਚ ਮੌਜੂਦ ਸੀ।