ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਬੁਲਾਏ ਗਏ ਵਿਸ਼ੇਸ਼ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦੇਣ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਇਸ ਮਾਮਲੇ ਬਾਰੇ ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਕਿਹਾ ਕਿ ਮਾਮਲਾ ਅਦਾਲਤ ਵਿੱਚ ਆਉਣ ਤੋਂ ਪਹਿਲਾਂ ਰਾਜਪਾਲ ਨੂੰ ਖ਼ੁਦ ਕਾਰਵਾਈ ਕਰਨੀ ਚਾਹੀਦੀ ਸੀ।
ਇਸ ਦੇ ਨਾਲ ਹੀ ਪੰਜਾਬ ਸਰਕਾਰ ਅਤੇ ਰਾਜਪਾਲ ਨੂੰ ਸਲਾਹ ਦਿੱਤੀ ਗਈ ਹੈ ਕਿ ਅਜਿਹੇ ਮਾਮਲਿਆਂ ਨੂੰ ਮੁੱਖ ਮੰਤਰੀ ਅਤੇ ਰਾਜਪਾਲ ਖੁਦ ਸੁਲਝਾਉਣ। ਇਸ ਮਾਮਲੇ ਦੀ ਸੁਣਵਾਈ 10 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
CJI DY ਚੰਦਰਚੂੜ ਨੇ ਕਿਹਾ ਕਿ ਰਾਜਪਾਲਾਂ ਨੂੰ ਸਮਝਣਾ ਚਾਹੀਦਾ ਹੈ ਕਿ ਉਹ ਚੁਣੇ ਹੋਏ ਅਧਿਕਾਰੀ ਨਹੀਂ ਹਨ। ਰਾਜ ਸਰਕਾਰਾਂ ਦੇ ਅਦਾਲਤ ਵਿਚ ਜਾਣ ਤੋਂ ਬਾਅਦ ਹੀ ਰਾਜਪਾਲ ਬਿੱਲ 'ਤੇ ਕਾਰਵਾਈ ਕਿਉਂ ਕਰਦੇ ਹਨ? ਇਸ ਨੂੰ ਰੋਕਣਾ ਚਾਹੀਦਾ ਹੈ।
ਰਾਜਪਾਲ ਨੇ ਬਿੱਲਾਂ ਨੂੰ ਮਨਜ਼ੂਰੀ ਨਹੀਂ ਸੀ ਦਿੱਤੀ
ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਰਾਜਪਾਲ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਬਿੱਲਾਂ ਨੂੰ ਮਨਜ਼ੂਰੀ ਨਹੀਂ ਦੇ ਰਹੇ ਹਨ। ਰਾਜ ਸਰਕਾਰ ਨੇ ਰਾਜਪਾਲ ਦੇ ਰਵੱਈਏ ਖ਼ਿਲਾਫ਼ 28 ਅਕਤੂਬਰ ਨੂੰ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।
ਸੀਜੇਆਈ ਦੀ ਅਗਵਾਈ ਵਾਲੀ ਬੈਂਚ ਪੰਜਾਬ ਸਰਕਾਰ ਦੀ ਉਸ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਸੀ, ਜਿਸ 'ਚ ਰਾਜਪਾਲ ਬਨਵਾਰੀਲਾਲ ਪੁਰੋਹਿਤ 'ਤੇ ਵਿਧਾਨ ਸਭਾ ਵੱਲੋਂ ਪਾਸ ਕੀਤੇ 7 ਬਿੱਲਾਂ ਨੂੰ ਪਾਸ ਨਾ ਕਰਨ ਦਾ ਦੋਸ਼ ਹੈ।
ਸਰਕਾਰ ਇੱਕ ਹੋਰ ਸੈਸ਼ਨ ਬੁਲਾਉਣ ਦੀ ਤਿਆਰੀ 'ਚ
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ 2 ਮਨੀ ਬਿੱਲਾਂ ਨੂੰ ਮਨਜ਼ੂਰੀ ਦਿੱਤੇ ਜਾਣ ਤੋਂ ਬਾਅਦ ਹੁਣ ਭਗਵੰਤ ਮਾਨ ਸਰਕਾਰ ਨਵੰਬਰ ਮਹੀਨੇ ਵਿੱਚ ਇੱਕ ਵਾਰ ਫਿਰ ਵਿਧਾਨ ਸਭਾ ਸੈਸ਼ਨ ਬੁਲਾਉਣ ਦੀ ਤਿਆਰੀ ਕਰ ਰਹੀ ਹੈ। ਇਸ ਸਬੰਧੀ ਕਾਨੂੰਨੀ ਪਹਿਲੂਆਂ ਬਾਰੇ ਏਜੀ ਦਫ਼ਤਰ ਤੋਂ ਰਾਏ ਲਈ ਗਈ ਹੈ।
ਚਾਰ ਬਿੱਲ ਬਕਾਇਆ ਪਏ ਹਨ
ਪੰਜਾਬ ਵਿਧਾਨ ਸਭਾ ਦੇ ਜੂਨ 2023 ਦੇ ਵਿਸ਼ੇਸ਼ ਸੈਸ਼ਨ ਦੌਰਾਨ ਪਾਸ ਕੀਤੇ ਚਾਰ ਬਿੱਲਾਂ ਨੂੰ ਰਾਜਪਾਲ ਨੇ ਅਜੇ ਤੱਕ ਆਪਣੀ ਮਨਜ਼ੂਰੀ ਨਹੀਂ ਦਿੱਤੀ ਹੈ। ਇਸ 'ਤੇ ਮੁੱਖ ਮੰਤਰੀ ਨੇ ਇਤਰਾਜ਼ ਪ੍ਰਗਟਾਇਆ ਹੈ। ਦੂਜੇ ਪਾਸੇ ਸੁਪਰੀਮ ਕੋਰਟ 'ਚ ਸੁਣਵਾਈ ਦੌਰਾਨ ਰਾਜਪਾਲ ਇਸ 'ਤੇ ਆਪਣਾ ਪੱਖ ਪੇਸ਼ ਕਰ ਸਕਦੇ ਹਨ।