ਚੰਡੀਗੜ੍ਹ ਮੇਅਰ ਚੋਣਾਂ 'ਚ ਧਾਂਦਲੀ ਦੇ ਮਾਮਲੇ 'ਚ ਮੰਗਲਵਾਰ ਨੂੰ ਸੁਪਰੀਮ ਕੋਰਟ 'ਚ ਮੁੜ ਸੁਣਵਾਈ ਹੋਈ। ਇਸ 'ਤੇ ਚੀਫ਼ ਜਸਟਿਸ ਨੇ ਸਖ਼ਤ ਨਿਰਦੇਸ਼ ਦਿੰਦਿਆਂ ਕਿਹਾ ਹੈ ਕਿ ਵੋਟਾਂ ਦੀ ਦੁਬਾਰਾ ਗਿਣਤੀ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਰੱਦ ਹੋਈਆਂ 8 ਵੋਟਾਂ ਨੂੰ ਜਾਇਜ਼ ਮੰਨਿਆ ਜਾਵੇਗਾ।
ਰਿਟਰਨਿੰਗ ਅਫ਼ਸਰ ਨੇ ਬੈਲਟ ਪੇਪਰ 'ਤੇ ਕਰਾਸ ਲਗਾ ਦਿੱਤਾ ਸੀ।
ਇਸ ਤੋਂ ਪਹਿਲਾਂ ਸੀਜੇਆਈ ਬੈਂਚ ਦੇ ਸਾਹਮਣੇ ਸੋਮਵਾਰ ਨੂੰ ਸੁਣਵਾਈ ਦੌਰਾਨ ਰਿਟਰਨਿੰਗ ਅਫਸਰ ਨੇ ਮੰਨਿਆ ਸੀ ਕਿ ਬੈਲਟ ਪੇਪਰ 'ਤੇ ਉਸ ਨੇ ਹੀ ਕਰਾਸ ਲਗਾਇਆ ਸੀ। ਅਦਾਲਤ ਨੇ ਰਿਟਰਨਿੰਗ ਅਫ਼ਸਰ ਤੋਂ ਪੁੱਛ-ਪੜਤਾਲ ਕਰਨ ਤੋਂ ਬਾਅਦ ਚੋਣਾਂ ਨਾਲ ਸਬੰਧਤ ਸਾਰੀਆਂ ਅਸਲੀ ਵੀਡੀਓ ਰਿਕਾਰਡਿੰਗ ਅਤੇ ਦਸਤਾਵੇਜ਼ ਮੰਗੇ ਸਨ, ਜੋ ਅਦਾਲਤ ਦੇ ਕਮਰੇ ਵਿੱਚ ਪਹੁੰਚ ਗਏ ਹਨ। ਰਿਟਰਨਿੰਗ ਅਫਸਰ ਦੀ ਵੀਡੀਓ ਅਤੇ ਬੈਲਟ ਪੇਪਰ ਵੀ ਕੋਰਟ ਰੂਮ ਵਿੱਚ ਜਮ੍ਹਾ ਕਰਵਾ ਦਿੱਤੇ ਗਏ ਹਨ।
ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਮਾਮਲੇ ਦੀ ਸੁਣਵਾਈ ਕਰ ਰਹੀ ਹੈ। ਆਮ ਆਦਮੀ ਪਾਰਟੀ (ਆਪ) ਦੇ ਕੌਂਸਲਰ ਕੁਲਦੀਪ ਕੁਮਾਰ ਨੇ ਪ੍ਰੀਜ਼ਾਈਡਿੰਗ ਅਫਸਰ ਯਾਨੀ ਰਿਟਰਨਿੰਗ ਅਫਸਰ ਵੱਲੋਂ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਵਿੱਚ 8 ਵੋਟਾਂ ਨੂੰ ਅਯੋਗ ਕਰਾਰ ਦੇਣ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ।
ਅਨਿਲ ਮਸੀਹ ਨੂੰ ਸਖ਼ਤ ਤਾੜਨਾ ਕੀਤੀ ਗਈ
ਦੱਸ ਦਈਏ ਕਿ ਮੇਅਰ ਚੋਣ ਦੀ ਪ੍ਰਕਿਰਿਆ 'ਤੇ ਪਿਛਲੀ ਸੁਣਵਾਈ ਦੌਰਾਨ ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਪ੍ਰਸ਼ਾਸਨ ਅਤੇ ਰਿਟਰਨਿੰਗ ਅਫਸਰ ਅਨਿਲ ਮਸੀਹ ਨੂੰ ਸਖਤ ਫਟਕਾਰ ਲਗਾਉਂਦੇ ਹੋਏ ਕਿਹਾ ਸੀ ਕਿ ਇਹ ਲੋਕਤੰਤਰ ਦਾ ਮਜ਼ਾਕ ਹੈ। ਇਸ ਚੋਣ ਵਿੱਚ ਰਿਟਰਨਿੰਗ ਅਫ਼ਸਰ ਦੀਆਂ ਕਾਰਵਾਈਆਂ ਦੀ ਵੀਡੀਓ ਦੇਖ ਕੇ ਸਾਫ਼ ਹੁੰਦਾ ਹੈ ਕਿ ਲੋਕਤੰਤਰ ਦਾ ਕਤਲ ਹੋਇਆ ਹੈ।
ਇਹ ਰਿਟਰਨਿੰਗ ਅਫਸਰ ਕੀ ਕਰ ਰਿਹਾ ਹੈ? ਅਸੀਂ ਨਹੀਂ ਚਾਹੁੰਦੇ ਕਿ ਦੇਸ਼ ਵਿੱਚ ਲੋਕਤੰਤਰ ਦਾ ਕਤਲ ਹੋਵੇ। ਅਸੀਂ ਅਜਿਹਾ ਨਹੀਂ ਹੋਣ ਦੇਵਾਂਗੇ। ਅਜਿਹੇ 'ਚ ਸੁਪਰੀਮ ਕੋਰਟ ਅੱਖਾਂ ਬੰਦ ਕਰਕੇ ਨਹੀਂ ਬੈਠੇਗਾ। ਸੁਪਰੀਮ ਕੋਰਟ ਨੇ ਇਹ ਟਿੱਪਣੀ ਮੇਅਰ ਅਤੇ ਡਿਪਟੀ ਮੇਅਰ ਚੋਣਾਂ ਦੌਰਾਨ ਹੋਈ ਵੋਟਿੰਗ ਅਤੇ ਗਿਣਤੀ ਦੀ ਵੀਡੀਓ ਦੇਖਣ ਤੋਂ ਬਾਅਦ ਕੀਤੀ ਸੀ।