ਸੁਪਰੀਮ ਕੋਰਟ ਨੇ ਨਸ਼ਿਆਂ ਦੇ ਮਾਮਲੇ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੀ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਸੁਖਪਾਲ ਖਹਿਰਾ ਦੀ ਜ਼ਮਾਨਤ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ।
ਦੋਸ਼ ਗੰਭੀਰ ਹਨ, ਪਰ ਅਸੀਂ ਹਾਲਾਤਾਂ ਨਾਲ ਸਹਿਮਤ ਨਹੀਂ ਹਾਂ
ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਦੋਸ਼ ਬਹੁਤ ਗੰਭੀਰ ਹਨ। ਪਰ, ਤੱਥਾਂ ਅਤੇ ਹਾਲਾਤਾਂ ਵਿੱਚ ਅਸੀਂ ਸਹਿਮਤ ਨਹੀਂ ਹਾਂ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਅਰਜ਼ੀ ਰੱਦ ਕਰ ਦਿੱਤੀ।
ਝੂਠੇ ਕੇਸ ਵਿੱਚ ਫਸਾ ਰਹੀ ਪੰਜਾਬ ਸਰਕਾਰ
ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਸੁਖਪਾਲ ਖਹਿਰਾ ਨੇ ਪੰਜਾਬ ਸਰਕਾਰ 'ਤੇ ਹਮਲਾ ਬੋਲਿਆ ਹੈ। ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਝੂਠਾ ਕੇਸ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹ ਵਿੱਚ ਰੱਖਣਾ ਚਾਹੁੰਦੀ ਹੈ। ਮੈਨੂੰ ਸੱਚ ਬੋਲਣ ਦੀ ਸਜ਼ਾ ਦਿੱਤੀ ਜਾ ਰਹੀ ਹੈ। ਜੋ ਕੇਂਦਰ ਸਰਕਾਰ ਦੇਸ਼ ਦੀਆਂ ਵਿਰੋਧੀ ਪਾਰਟੀਆਂ ਨਾਲ ਕਰ ਰਹੀ ਹੈ, ਉਹੀ ਕੁਝ ਪੰਜਾਬ 'ਚ 'ਆਪ' ਸਰਕਾਰ ਵਿਰੋਧੀ ਪਾਰਟੀਆਂ ਨਾਲ ਕਰ ਰਹੀ ਹੈ।
ਜਾਣੋ ਕਿ ਹੈ ਪੂਰਾ ਮਾਮਲਾ
ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਪੰਜਾਬ ਪੁਲਿਸ ਨੇ 28 ਸਤੰਬਰ 2023 ਦੀ ਸਵੇਰ ਨੂੰ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਡਰੱਗਜ਼ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਵਿੱਚ ਹਾਈ ਕੋਰਟ ਨੇ 4 ਜਨਵਰੀ 2024 ਨੂੰ ਸੁਖਪਾਲ ਖਹਿਰਾ ਦੀ ਜ਼ਮਾਨਤ ਮਨਜ਼ੂਰ ਕਰ ਲਈ ਸੀ।
ਪਰ ਉਸੇ ਦਿਨ ਤੜਕੇ ਕਰੀਬ 3 ਵਜੇ ਕਪੂਰਥਲਾ ਦੇ ਸੁਭਾਨਪੁਰ ਥਾਣੇ ਵਿੱਚ ਉਨ੍ਹਾਂ ਦੇ ਖਿਲਾਫ ਐਫ.ਆਈ.ਆਰ. ਦਰਜ ਹੋਈ। ਕਪੂਰਥਲਾ ਅਦਾਲਤ ਨੇ ਵੀ ਬਾਅਦ ਵਿਚ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਸੀ।