ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਚੋਣ ਅਧਿਕਾਰੀ ਅਨਿਲ ਮਸੀਹ ਨੂੰ ਫਟਕਾਰ ਲਗਾਈ ਹੈ। ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਸਖ਼ਤ ਲਹਿਜੇ ਵਿੱਚ ਕਿਹਾ, ਕੀ ਤੁਸੀਂ ਇਸ ਤਰ੍ਹਾਂ ਚੋਣਾਂ ਕਰਵਾਉਂਦੇ ਹੋ? ਇਹ ਲੋਕਤੰਤਰ ਦਾ ਕਤਲ ਹੈ। ਇਸ ਅਧਿਕਾਰੀ 'ਤੇ ਕਾਰਵਾਈ ਹੋਣੀ ਚਾਹੀਦੀ ਹੈ।
ਬੈਲਟ ਪੇਪਰ ਅਤੇ ਵੀਡੀਓਗ੍ਰਾਫੀ ਜਮ੍ਹਾ ਕਰਵਾਉਣ ਲਈ ਕਿਹਾ
ਸੁਪਰੀਮ ਕੋਰਟ ਨੇ ਆਪਣੇ ਹੁਕਮਾਂ ਵਿੱਚ ਕਿਹਾ ਕਿ ਚੋਣਾਂ ਦਾ ਪੂਰਾ ਰਿਕਾਰਡ ਅੱਜ ਸ਼ਾਮ 5 ਵਜੇ ਤੱਕ ਪੰਜਾਬ ਤੇ ਹਰਿਆਣਾ ਕੋਰਟ ਦੇ ਰਜਿਸਟਰਾਰ ਜਨਰਲ ਕੋਲ ਰੱਖਿਆ ਜਾਵੇ। ਸਾਰੇ ਦਸਤਾਵੇਜ਼, ਬੈਲਟ ਪੇਪਰ ਅਤੇ ਵੀਡੀਓਗ੍ਰਾਫੀ ਨੂੰ ਸੰਭਾਲਿਆ ਜਾਣਾ ਚਾਹੀਦਾ ਹੈ। ਚੰਡੀਗੜ੍ਹ ਨਗਰ ਨਿਗਮ ਦੀਆਂ ਸਾਰੀਆਂ ਮੀਟਿੰਗਾਂ ਅਗਲੀ ਸੁਣਵਾਈ ਤੱਕ ਮੁਲਤਵੀ ਰਹਿਣਗੀਆਂ।
ਜੇਕਰ ਲੋੜ ਪਈ ਤਾਂ ਮੁੜ ਚੋਣਾਂ ਕਰਵਾਈਆਂ ਜਾਣਗੀਆਂ
ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਇਹ ਵੀ ਕਿਹਾ ਕਿ ਅਸੀਂ ਇਸ ਮਾਮਲੇ 'ਤੇ ਪੂਰੀ ਨਜ਼ਰ ਰੱਖ ਰਹੇ ਹਾਂ। ਅਸੀਂ ਨਹੀਂ ਚਾਹੁੰਦੇ ਕਿ ਲੋਕਤੰਤਰ ਦਾ ਕਤਲ ਹੋਵੇ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਬੈਲਟ ਪੇਪਰ ਨਾਲ ਛੇੜ-ਛਾੜ ਕੀਤੀ ਗਈ ਹੈ। ਜੇਕਰ ਲੋੜ ਪਈ ਤਾਂ ਚੋਣਾਂ ਦੁਬਾਰਾ ਕਰਵਾਈਆਂ ਜਾਣਗੀਆਂ।
'ਆਪ' ਅਤੇ ਕਾਂਗਰਸ ਨੇ ਪਟੀਸ਼ਨ ਦਾਇਰ ਕੀਤੀ ਸੀ
ਦੱਸ ਦੇਈਏ ਕਿ 'ਆਪ' ਅਤੇ ਕਾਂਗਰਸ ਦੇ ਸਾਂਝੇ ਉਮੀਦਵਾਰ ਕੁਲਦੀਪ ਕੁਮਾਰ ਨੇ ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ 'ਚ ਉਨ੍ਹਾਂ ਚੋਣਾਂ ਦੀ ਜਾਂਚ ਕਰਵਾਉਣ ਅਤੇ ਮੁੜ ਤੋਂ ਕਰਵਾਉਣ ਦੀ ਮੰਗ ਵੀ ਕੀਤੀ ਸੀ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਧਾਂਦਲੀ ਹੋਈ ਹੈ।