ਖਬਰਿਸਤਾਨ ਨੈੱਟਵਰਕ ਚੰਡੀਗੜ੍ਹ- ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਭਰਤ ਇੰਦਰ ਸਿੰਘ ਚਾਹਲ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਪੰਜਾਬ ਸਰਕਾਰ ਅਤੇ ਹੋਰ ਧਿਰਾਂ ਨੂੰ ਨੋਟਿਸ ਜਾਰੀ ਕੀਤਾ ਹੈ।
ਚਾਹਲ ਨੇ ਹਾਈਕੋਰਟ 'ਚ ਦਿੱਤੀ ਸੀ ਪਟੀਸ਼ਨ
ਜਾਣਕਾਰੀ ਅਨੁਸਾਰ ਭਰਤ ਇੰਦਰ ਚਾਹਲ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਕਿਹਾ ਸੀ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸਿਆਸੀ ਰੰਜਿਸ਼ ਕਾਰਨ ਪਿਛਲੀ ਸਰਕਾਰ ਦੇ ਨੇਤਾਵਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ 'ਤੇ ਕਾਰਵਾਈ ਕਰ ਰਹੀ ਹੈ। ਇਸ ਤਹਿਤ ਪਟੀਸ਼ਨਰ ਨੂੰ ਵੀ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਚਾਹਲ 'ਤੇ FIR ਦਰਜ
ਇਸ ਦੌਰਾਨ ਚਾਹਲ ਨੇ ਮੰਗ ਕੀਤੀ ਹੈ ਕਿ ਵਿਜੀਲੈਂਸ ਨੇ ਪਿਛਲੇ ਸਾਲ ਨਵੰਬਰ ਵਿੱਚ ਉਸ ਖ਼ਿਲਾਫ਼ ਜਾਂਚ ਸ਼ੁਰੂ ਕੀਤੀ ਸੀ। ਇਸ ਮਾਮਲੇ 'ਚ ਉਸ ਦੇ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।
ਰੰਜਿਸ਼ ਤਹਿਤ ਫਸਾਇਆ ਜਾ ਰਿਹਾ
ਚਾਹਲ ਨੇ ਕਿਹਾ ਕਿ ਉਸ ਨੇ ਆਪਣੇ ਸਾਰੇ ਬੈਂਕ ਖਾਤਿਆਂ, ਜਾਇਦਾਦਾਂ ਤੇ ਆਮਦਨ ਦਾ ਪੂਰਾ ਵੇਰਵਾ ਦੇ ਦਿੱਤਾ ਹੈ ਪਰ ਫਿਰ ਵੀ ਉਸ ਨੂੰ ਫਸਾਇਆ ਜਾ ਰਿਹਾ ਹੈ। ਇਹ ਸਭ ਕੁਝ ਰੰਜਿਸ਼ ਤਹਿਤ ਹੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਉਹ 75 ਸਾਲ ਦੇ ਹੋ ਚੁੱਕੇ ਹਨ ਅਤੇ ਜਾਂਚ ਵਿੱਚ ਸਹਿਯੋਗ ਕਰਨ ਲਈ ਤਿਆਰ ਹਨ। ਇਸ ਲਈ ਉਸ ਨੂੰ ਅਗਾਊਂ ਜ਼ਮਾਨਤ ਦਿੱਤੀ ਜਾਵੇ।