ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਚਾਇਤੀ ਚੋਣਾਂ ਨਾਲ ਸਬੰਧਤ 1000 ਤੋਂ ਵੱਧ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਜਿਸ ਕਾਰਨ ਪੰਚਾਇਤੀ ਚੋਣਾਂ ਦਾ ਰਾਹ ਸਾਫ ਹੋ ਗਿਆ ਹੈ। ਇਸ ਤੋਂ ਇਲਾਵਾ ਹਾਈ ਕੋਰਟ ਨੇ 206 ਪੰਚਾਇਤਾਂ ਦੀ ਚੋਣ ਪ੍ਰਕਿਰਿਆ ’ਤੇ ਲੱਗੀ ਰੋਕ ਵੀ ਹਟਾ ਦਿੱਤੀ ਹੈ। ਅਜਿਹੇ 'ਚ ਸਪੱਸ਼ਟ ਹੈ ਕਿ ਭਲਕੇ ਸਵੇਰੇ 8 ਵਜੇ ਵੋਟਿੰਗ ਹੋਵੇਗੀ।
ਦੱਸ ਦੇਈਏ ਕਿ ਪੰਜਾਬ ਵਿੱਚ ਪੰਚਾਇਤੀ ਚੋਣਾਂ 15 ਅਕਤੂਬਰ ਯਾਨੀ ਕੱਲ੍ਹ ਨੂੰ ਹੋਣੀਆਂ ਹਨ। ਇਸ ਵਾਰ ਪਾਰਟੀ ਚੋਣ ਨਿਸ਼ਾਨ ’ਤੇ ਵੀ ਚੋਣਾਂ ਨਹੀਂ ਹੋ ਰਹੀਆਂ। ਪਰ ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨਾਲ ਜੁੜੇ ਲੋਕਾਂ ਅਤੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਜ਼ਬਰਦਸਤੀ ਰੱਦ ਕੀਤੀਆਂ ਗਈਆਂ ਹਨ। ਕਿਸੇ ਨੂੰ ਵੀ NOC ਜਾਰੀ ਨਹੀਂ ਕੀਤੀ ਗਈ।
ਸੁਣਵਾਈ ਸਵੇਰ ਤੋਂ ਹੀ ਚੱਲ ਰਹੀ ਸੀ
ਦੱਸ ਦੇਈਏ ਕਿ ਅੱਜ ਸਵੇਰ ਤੋਂ ਹੀ ਹਾਈ ਕੋਰਟ ਵਿੱਚ ਪੰਚਾਇਤੀ ਚੋਣਾਂ ਸਬੰਧੀ ਸੁਣਵਾਈ ਚੱਲ ਰਹੀ ਸੀ। ਪੰਜਾਬ ਦੇ ਐਡਵੋਕੇਟ ਜਨਰਲ ਆਪਣੀ ਟੀਮ ਨਾਲ ਅਦਾਲਤ ਵਿੱਚ ਹਾਜ਼ਰ ਸਨ। ਇਸ ਦੌਰਾਨ ਜਿਨ੍ਹਾਂ ਪੰਚਾਇਤਾਂ ਦੀ ਚੋਣ ਪ੍ਰਕਿਰਿਆ 'ਤੇ ਰੋਕ ਲਗਾਈ ਗਈ ਸੀ, ਉਸ ਖ਼ਿਲਾਫ਼ ਅਦਾਲਤ ਵਿੱਚ ਪਟੀਸ਼ਨ ਵੀ ਪਾਈ ਗਈ ਸੀ। ਇਸ ਸਬੰਧੀ ਫੈਸਲਾ ਸ਼ਾਮ ਨੂੰ ਪੌਣੇ ਚਾਰ ਵਜੇ ਸੁਣਾਇਆ ਗਿਆ। ਜ਼ਿਆਦਾਤਰ ਪਟੀਸ਼ਨਾਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨਾਲ ਜੁੜੇ ਆਗੂਆਂ ਅਤੇ ਸਮਰਥਕਾਂ ਦੀਆਂ ਸਨ।
250 ਪੰਚਾਇਤਾਂ ਦੀ ਚੋਣ ਪ੍ਰਕਿਰਿਆ 'ਤੇ ਲੱਗੀ ਰੋਕ ਵੀ ਹਟਾਈ
ਹਾਈ ਕੋਰਟ ਨੇ ਕਰੀਬ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ 'ਤੇ 14 ਤੱਕ ਰੋਕ ਲਗਾਈ ਸੀ, ਵੀ ਹਟਾ ਦਿੱਤੀ ਹੈ। ਅਜਿਹੇ 'ਚ ਸਪੱਸ਼ਟ ਹੈ ਕਿ ਕੱਲ੍ਹ ਸਵੇਰੇ 8 ਵਜੇ ਤੋਂ ਉਥੇ ਵੋਟਿੰਗ ਹੋਵੇਗੀ। ਪੰਜਾਬ ਦੇ ਐਡਵੋਕੇਟ ਜਨਰਲ (ਏਜੀ) ਗੁਰਮਿੰਦਰ ਸਿੰਘ ਨੇ ਕਿਹਾ ਕਿ ਇਹ ਆਮ ਲੋਕਾਂ ਲਈ ਵੱਡੀ ਰਾਹਤ ਹੈ। ਇਸ ਤੋਂ ਪਹਿਲਾਂ ਚੋਣਾਂ ਨੂੰ ਲੈ ਕੇ ਕਈ ਬੱਦਲ ਮੰਡਰਾ ਰਹੇ ਸਨ ਪਰ ਹੁਣ ਇਹ ਸਪੱਸ਼ਟ ਹੈ ਕਿ ਚੋਣਾਂ ਹੋਣਗੀਆਂ।
1 ਕਰੋੜ 33 ਲੱਖ ਵੋਟਰ
15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਇਸ ਸਮੇਂ ਰਾਜ ਵਿੱਚ 13937 ਗ੍ਰਾਮ ਪੰਚਾਇਤਾਂ ਹਨ। ਚੋਣਾਂ ਵਿੱਚ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸਰਕਾਰ ਵੱਲੋਂ ਚੋਣਾਂ ਨੂੰ ਸ਼ਾਂਤੀਪੂਰਵਕ ਕਰਵਾਉਣ ਲਈ ਕਈ ਕਦਮ ਚੁੱਕੇ ਜਾ ਰਹੇ ਹਨ।