ਪੰਜਾਬ ‘ਚ ਅੱਜ ਯਾਨੀ ਸ਼ੁੱਕਰਵਾਰ ਨੂੰ ਵਿਧਾਨ ਸਭਾ ਜ਼ਿਮਨੀ ਚੋਣਾਂ ਦਾ ਐਲਾਨ ਹੋ ਸਕਦਾ ਹੈ। ਵਿਧਾਨ ਸਭਾ ਜ਼ਿਮਨੀ ਚੋਣਾਂ ਦਾ ਐਲਾਨ ਕਰਨ ਲਈ ਚੋਣ ਕਮਿਸ਼ਨ ਨੇ ਦਿੱਲੀ ‘ਚ ਦੁਪਹਿਰ 3 ਵਜੇ ਪ੍ਰੈੱਸ ਕਾਨਫਰੰਸ ਬੁਲਾਈ ਹੈ।
ਇਨ੍ਹਾਂ ਰਾਜਾਂ 'ਚ ਵੀ ਹੋਣਗੀਆਂ ਚੋਣਾਂ
ਇਸ ਦੌਰਾਨ ਜੰਮੂ-ਕਸ਼ਮੀਰ, ਝਾਰਖੰਡ, ਮਹਾਰਾਸ਼ਟਰ ਤੇ ਹਰਿਆਣਾ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਵਿਚ ਵੀ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਹੋ ਸਕਦਾ ਹੈ।
ਜੰਮੂ-ਕਸ਼ਮੀਰ 'ਚ ਧਾਰਾ 370 ਹਟਣ ਮਗਰੋਂ ਇਹ ਪਹਿਲੀਆਂ ਵਿਧਾਨ ਸਭਾ ਚੋਣਾਂ ਹੋਣਗੀਆਂ। 2019 ਵਿਚ ਧਾਰਾ 370 ਨੂੰ ਖ਼ਤਮ ਕਰਨ ਤੋਂ ਬਾਅਦ, ਜੰਮੂ-ਕਸ਼ਮੀਰ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾ ਦਿੱਤਾ ਗਿਆ ਸੀ। ਉਦੋਂ ਤੋਂ ਹੀ ਉਥੋਂ ਦੀਆਂ ਸਿਆਸੀ ਪਾਰਟੀਆਂ ਲਗਾਤਾਰ ਰਾਜ ਦਾ ਦਰਜਾ ਵਾਪਸ ਲੈਣ ਦੀ ਮੰਗ ਕਰ ਰਹੀਆਂ ਸਨ।
ਇਨ੍ਹਾਂ ਚਾਰ ਸੀਟਾਂ ਤੇ ਹੋਣਗੀਆਂ ਚੋਣਾਂ
ਇਹ ਚੋਣਾਂ ਡੇਰਾ ਬਾਬਾ ਨਾਨਕ, ਬਰਨਾਲਾ, ਚੱਬੇਵਾਲ ਅਤੇ ਗਿੱਦੜਬਾਹਾ ਸੀਟਾਂ ‘ਤੇ ਹੋਣੀਆਂ ਹਨ। ਡੇਰਾ ਬਾਬਾ ਨਾਨਕ, ਗਿੱਦੜਬਾਹਾ ਅਤੇ ਚੱਬੇਵਾਲ ਸੀਟਾਂ ਕਾਂਗਰਸ ਕੋਲ ਸਨ। ਪਰ ਇਹ ਸੀਟਾਂ ਸਾਬਕਾ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਖਾਲੀ ਹੋ ਗਈਆਂ ਸਨ।
ਚੱਬੇਵਾਲ ਸੀਟ ਤੋਂ ਸਾਬਕਾ ਸੰਸਦ ਮੈਂਬਰ ਡਾ. ਰਾਜ ਕੁਮਾਰ ‘ਆਪ’ ‘ਚ ਸ਼ਾਮਲ ਹੋ ਕੇ ਸੰਸਦ ਮੈਂਬਰ ਚੋਣ ਜਿੱਤ ਗਏ ਹਨ। ਜਦਕਿ ਬਰਨਾਲਾ ਸੀਟ ਆਮ ਆਦਮੀ ਪਾਰਟੀ ਦੇ ਸਾਬਕਾ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਕੋਲ ਸੀ। ਉਨ੍ਹਾਂ ਨੇ ਸੰਸਦ ਦੀ ਚੋਣ ਜਿੱਤਣ ਤੋਂ ਬਾਅਦ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ।