ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਸੈਂਟਰਲ ਬੋਰਡ ਆਫ਼ ਫਿਲਮ ਸਰਟੀਫਿਕੇਸ਼ਨ (CBFC) ਦਾ ਖੇਤਰੀ ਸੁਵਿਧਾ ਦਫਤਰ ਚੰਡੀਗੜ੍ਹ ਵਿਖੇ ਸਥਾਪਤ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਖੇਤਰ ਵਿੱਚ ਫਿਲਮ ਨਿਰਮਾਤਾਵਾਂ ਲਈ ਕਾਰੋਬਾਰ ਕਰਨਾ ਹੋਰ ਸੌਖਾ ਹੋ ਜਾਵੇਗਾ ਹੈ। ਦੱਸ ਦੇਈਏ ਕਿ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਚੰਡੀਗੜ੍ਹ ਵਿਖੇ ਐਤਵਾਰ ਨੂੰ ਇੰਦਰਧਨੁਸ਼ ਆਡੀਟੋਰੀਅਮ ਵਿੱਚ 5ਵੇਂ ਚਿੱਤਰ ਭਾਰਤੀ ਫਿਲਮ ਫੈਸਟੀਵਲ ਦੌਰਾਨ ਇਹ ਐਲਾਨ ਕੀਤਾ।
CBFC ਸਰਟੀਫਿਕੇਟ ਪ੍ਰਾਪਤ ਕਰਨ ਲਈ ਦਿੱਲੀ ਜਾਂ ਮੁੰਬਈ ਜਾਣ ਦੀ ਲੋੜ ਨਹੀਂ
ਮੰਤਰੀ ਠਾਕੁਰ ਨੇ ਅੱਗੇ ਕਿਹਾ ਕਿ ਖੇਤਰ ਦੇ ਫਿਲਮ ਨਿਰਮਾਤਾਵਾਂ ਨੂੰ ਹੁਣ ਆਪਣੀਆਂ ਫਿਲਮਾਂ ਲਈ CBFC ਸਰਟੀਫਿਕੇਟ ਪ੍ਰਾਪਤ ਕਰਨ ਲਈ ਦਿੱਲੀ ਜਾਂ ਮੁੰਬਈ ਜਾਣ ਦੀ ਲੋੜ ਨਹੀਂ ਹੋਵੇਗੀ, ਇਸ ਤੋਂ ਇਲਾਵਾ ਬਿਨਾਂ ਫਿਲਮਾਂ ਦੀ ਸਕ੍ਰੀਨਿੰਗ ਤੇ ਉਹਨਾਂ ਦੇ ਵੱਖ-ਵੱਖ ਕਟੌਤੀਆਂ/ਸੋਧਾਂ ਨੂੰ ਪੇਸ਼ ਕਰਨ ਦੀ ਸਹੂਲਤ ਪ੍ਰਾਪਤ ਕਰ ਸਕਣਗੇ।
ਪੰਜਾਬੀ ਫਿਲਮ ਇੰਡਸਟਰੀ ਨੂੰ ਹੋਰ ਮਜ਼ਬੂਤ ਕਰੇਗਾ
ਉਨ੍ਹਾਂ ਕਿਹਾ ਕਿ ਫੀਚਰ ਫਿਲਮਾਂ ਤੋਂ ਲੈ ਕੇ ਡਾਕੂਮੈਂਟਰੀ ਅਤੇ ਲਘੂ ਫਿਲਮਾਂ ਤੋਂ ਲੈ ਕੇ ਸੀਰੀਅਲਾਂ ਤੱਕ ਭਾਰਤੀ ਸਿਨੇਮਾ ਅੱਜ ਜੀਵਨ ਦੇ ਹਰ ਰੰਗ ਨੂੰ ਆਪਣੇ ਕੈਨਵਸ ਉੱਤੇ ਪੇਂਟ ਕਰ ਰਿਹਾ ਹੈ। ਮੈਨੂੰ ਭਰੋਸਾ ਹੈ ਕਿ ਪੰਜਾਬ ਵਿੱਚ ਬਣੀਆਂ ਫ਼ਿਲਮਾਂ ਵਿੱਚ ਵੀ ਅਪਾਰ ਸੰਭਾਵਨਾਵਾਂ ਹਨ। ਇਸ ਲਈ, ਸਰਕਾਰ ਨੇ ਸਰਟੀਫਿਕੇਟ ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਆਸਾਨ ਬਣਾਉਣ ਅਤੇ ਫਿਲਮ ਨੂੰ ਪੂਰਾ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਚੰਡੀਗੜ੍ਹ ਵਿੱਚ ਇੱਕ CBFC ਸੁਵਿਧਾ ਦਫਤਰ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ।ਉਨ੍ਹਾਂ ਕਿਹਾ ਕਿ ਇਹ ਕਦਮ ਪੰਜਾਬੀ ਫਿਲਮ ਇੰਡਸਟਰੀ ਨੂੰ ਹੋਰ ਮਜ਼ਬੂਤ ਕਰੇਗਾ।
ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (ਸੈਂਸਰ ਬੋਰਡ) ਦਾ ਖੇਤਰੀ ਸੁਵਿਧਾ ਦਫਤਰ ਦੇ ਚੰਡੀਗੜ੍ਹ ਵਿੱਚ ਖੁੱਲ੍ਹਣ ਨਾਲ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਲੱਦਾਖ ਅਤੇ ਉਤਰਾਖੰਡ ਦੇ ਫਿਲਮ ਨਿਰਮਾਤਾਵਾਂ ਨੂੰ ਵਿਸ਼ੇਸ਼ ਲਾਭ ਮਿਲੇਗਾ।