ਦੂਜਾ ਵੈਸਟਰਨ ਡਿਸਟਰਬੈਂਸ ਪੰਜਾਬ ਵਿੱਚ ਸਰਗਰਮ ਹੋ ਰਿਹਾ ਹੈ। ਜਿਸ ਕਾਰਨ ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਲਈ ਪੰਜਾਬ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਸ਼ਨੀਵਾਰ ਤੋਂ ਮੰਗਲਵਾਰ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਖਾਸ ਤੌਰ 'ਤੇ ਸ਼ਨੀਵਾਰ ਤੇ ਐਤਵਾਰ ਨੂੰ ਪੰਜਾਬ ਦੇ ਕਈ ਜ਼ਿਲਿਆਂ 'ਚ ਗੜੇਮਾਰੀ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਵਿੱਚ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਪਟਿਆਲਾ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਤੇ ਪੂਰੇ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਮੁਤਾਬਕ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।
ਵਿਭਾਗ ਦੇ ਇਸ ਅਲਰਟ ਨੇ ਪੰਜਾਬ ਦੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਮੀਂਹ ਅਤੇ ਨਮੀ ਵਾਲੇ ਰਾਤ ਦੇ ਤਾਪਮਾਨ ਕਾਰਨ ਕਣਕ ਦੀ ਵਾਢੀ ਪਹਿਲਾਂ ਹੀ ਪਛੜ ਚੁੱਕੀ ਹੈ ਪਰ ਇਸ ਵਿੱਚ ਹੋਰ ਦੇਰੀ ਹੋਣ ਦੀ ਸੰਭਾਵਨਾ ਨਹੀਂ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਗੜੇਮਾਰੀ ਕਾਰਨ ਫਸਲਾਂ ਦੇ ਨੁਕਸਾਨ ਦਾ ਵੀ ਡਰ ਹੈ। ਇਸ ਤੋਂ ਪਹਿਲਾਂ ਵੀ ਮੀਂਹ ਕਾਰਨ ਫ਼ਸਲਾਂ ਦਾ ਨੁਕਸਾਨ ਹੋ ਚੁੱਕਾ ਹੈ।
ਗੜੇਮਾਰੀ ਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਦੀ ਸੰਭਾਵਨਾ
ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਉੱਤਰ-ਪੱਛਮੀ ਉੱਤਰ ਪ੍ਰਦੇਸ਼ ਸਮੇਤ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਗਰਜ, ਬਿਜਲੀ, ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਅਗਲੇ ਦੋ ਦਿਨਾਂ ਵਿੱਚ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਚਾਰ ਤੋਂ ਪੰਜ ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਵੈਸਟਰਨ ਡਿਸਟਰਬੈਂਸ ਕਾਰਨ ਰਾਜਧਾਨੀ 'ਚ ਬਾਰਿਸ਼ ਹੋਵੇਗੀ ਤੇ ਆਸਮਾਨ 'ਚ ਬੱਦਲ ਛਾਏ ਰਹਿਣਗੇ। ਜ਼ਿਕਰਯੋਗ ਹੈ ਕਿ ਦਿੱਲੀ 'ਚ ਪਿਛਲੇ ਤਿੰਨ ਦਿਨਾਂ ਤੋਂ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਦੇ ਆਸ-ਪਾਸ ਬਣਿਆ ਹੋਇਆ ਹੈ, ਜਦਕਿ ਸ਼ੁੱਕਰਵਾਰ ਨੂੰ ਘੱਟੋ-ਘੱਟ ਤਾਪਮਾਨ 21.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।