ਪੰਜਾਬ ਦੀਆਂ ਚਾਰ ਸੀਟਾਂ 'ਤੇ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਦੀ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਅਤੇ ਰਵਨੀਤ ਸਿੰਘ ਬਿੱਟੂ ਉਪ ਚੋਣਾਂ ਵਿੱਚ ਪ੍ਰਚਾਰ ਕਰਨਗੇ।
13 ਨਵੰਬਰ ਨੂੰ ਚੋਣਾਂ, ਇਹ ਹਨ ਉਮੀਦਵਾਰ
ਦੱਸ ਦੇਈਏ ਕਿ ਪੰਜਾਬ ਦੇ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿੱਚ 13 ਨਵੰਬਰ ਨੂੰ ਵੋਟਾਂ ਪੈਣੀਆਂ ਹਨ ਅਤੇ 23 ਨਵੰਬਰ ਨੂੰ ਨਤੀਜਾ ਐਲਾਨਿਆ ਜਾਣਾ ਹੈ। ਭਾਜਪਾ ਨੇ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ, ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਅਤੇ ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ ਨੂੰ ਉਮੀਦਵਾਰ ਬਣਾਇਆ ਹੈ। ਭਾਜਪਾ ਨੇ ਅਜੇ ਤੱਕ ਚੱਬੇਵਾਲ ਤੋਂ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ।
ਇਨ੍ਹਾਂ ਵੱਡੇ ਨੇਤਾਵਾਂ ਦੇ ਨਾਂ ਵੀ ਸੂਚੀ 'ਚ ਸ਼ਾਮਲ ਹਨ
ਇਸ ਦੇ ਨਾਲ ਹੀ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ, ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਸਮ੍ਰਿਤੀ ਇਰਾਨੀ, ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦੇ ਨਾਂ ਵੀ ਸੂਚੀ ਵਿੱਚ ਸ਼ਾਮਲ ਹਨ। ਸੰਸਦ ਮੈਂਬਰ ਮਨੋਜ ਤਿਵਾੜੀ ਅਤੇ ਰਵੀ ਕਿਸ਼ਨ, ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਵੀ ਪਾਰਟੀ ਲਈ ਪ੍ਰਚਾਰ ਕਰਨਗੇ।
ਲੋਕ ਸਭਾ ਦੌਰਾਨ ਖਾਲੀ ਹੋਈਆਂ ਸੀਟਾਂ
ਗਿੱਦੜਬਾਹਾ ਸੀਟ ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਲੁਧਿਆਣਾ ਤੋਂ ਲੋਕ ਸਭਾ ਲਈ ਚੁਣੇ ਜਾਣ ਤੋਂ ਬਾਅਦ ਖਾਲੀ ਹੋਈ ਸੀ। ਬਰਨਾਲਾ ਸੀਟ ਸੰਗਰੂਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਗੁਰਮੀਤ ਸਿੰਘ ਹੇਅਰ ਦੇ ਜਿੱਤਣ ਤੋਂ ਬਾਅਦ ਖਾਲੀ ਹੋ ਗਈ ਸੀ। ਉਹ 2017 ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬਰਨਾਲਾ ਸੀਟ ਤੋਂ ਜਿੱਤੇ ਸਨ।
ਡੇਰਾ ਬਾਬਾ ਨਾਨਕ ਸੀਟ ਗੁਰਦਾਸਪੁਰ ਤੋਂ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਦੇ ਲੋਕ ਸਭਾ ਲਈ ਚੁਣੇ ਜਾਣ ਤੋਂ ਬਾਅਦ ਖਾਲੀ ਹੋ ਗਈ ਸੀ। ਚੱਬੇਵਾਲ ਸੀਟ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਰਾਜ ਕੁਮਾਰ ਚੱਬੇਵਾਲ, ਜੋ ਬਾਅਦ ਵਿੱਚ ‘ਆਪ’ ਵਿੱਚ ਸ਼ਾਮਲ ਹੋਏ, ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਬਣੇ ਹਨ।
25 ਅਕਤੂਬਰ ਆਖਰੀ ਤਰੀਕ
ਦੱਸ ਦੇਈਏ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 25 ਅਕਤੂਬਰ ਹੈ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ ਨੂੰ ਹੋਵੇਗੀ। ਉਮੀਦਵਾਰ 30 ਅਕਤੂਬਰ ਤੱਕ ਨਾਮਜ਼ਦਗੀ ਵਾਪਸ ਲੈ ਸਕਦੇ ਹਨ।