ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਪਹੁੰਚੇ ਕਿਸਾਨਾਂ ਨੂੰ ਅੱਜ 200 ਦਿਨ ਪੂਰੇ ਹੋ ਗਏ ਹਨ। ਇਸ ਪ੍ਰਦਰਸ਼ਨ 'ਚ ਕਿਸਾਨਾਂ ਦਾ ਸਾਥ ਦੇਣ ਲਈ ਓਲੰਪਿਅਨ ਪਹਿਲਵਾਨ ਵਿਨੇਸ਼ ਫੋਗਾਟ ਵੀ ਸ਼ਾਮਲ ਹੋਈ । ਕਿਸਾਨ ਅੰਦੋਲਨ ਦੇ 200 ਦਿਨ ਪੂਰੇ ਹੋਣ 'ਤੇ ਇੱਥੇ ਇੱਕ ਪ੍ਰੋਗਰਾਮ ਕਰਵਾਇਆ ਗਿਆ। ਜਿੱਥੇ ਕਿਸਾਨ ਆਗੂਆਂ ਨੇ ਮੰਚ ’ਤੇ ਉਨ੍ਹਾਂ ਦਾ ਸਨਮਾਨ ਕੀਤਾ।
ਸਰਕਾਰ ਨੂੰ ਕੀਤੀ ਅਪੀਲ
ਵਿਨੇਸ਼ ਫੋਗਾਟ ਖਨੌਰੀ ਬਾਰਡਰ 'ਤੇ ਚੱਲ ਰਹੇ ਕਿਸਾਨ ਅੰਦੋਲਨ 'ਚ ਪਹੁੰਚੀ । ਇਸ ਦੌਰਾਨ ਵਿਨੇਸ਼ ਫੋਗਾਟ ਨੇ ਕਿਹਾ ਕਿ ਉਨ੍ਹਾਂ ਨੂੰ ਇੱਥੇ ਬੈਠੇ ਨੂੰ 200 ਦਿਨ ਹੋ ਗਏ ਹਨ। ਇਹ ਦੇਖ ਕੇ ਦੁੱਖ ਹੁੰਦਾ ਹੈ। ਸਾਰੇ ਇਸ ਦੇਸ਼ ਦੇ ਨਾਗਰਿਕ ਹਨ। ਕਿਸਾਨ ਦੇਸ਼ ਚਲਾ ਰਹੇ ਹਨ। ਉਨ੍ਹਾਂ ਤੋਂ ਬਿਨਾਂ ਕੁਝ ਵੀ ਸੰਭਵ ਨਹੀਂ ਹੈ |
ਮੈਂ ਸਰਕਾਰ ਨੂੰ ਅਪੀਲ ਕਰਦੀ ਹਾਂ ਉਨ੍ਹਾਂ ਦੀ ਗੱਲ ਨੂੰ ਸੁਣਨ । ਉਨ੍ਹਾਂ ਨੇ ਪਿਛਲੀ ਵਾਰ ਆਪਣੀ ਗਲਤੀ ਮੰਨ ਲਈ ਸੀ , ਉਨ੍ਹਾਂ ਨੂੰ ਆਪਣੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ। ਜੇਕਰ ਲੋਕ ਇਸੇ ਤਰ੍ਹਾਂ ਸੜਕਾਂ 'ਤੇ ਬੈਠੇ ਰਹੇ ਤਾਂ ਦੇਸ਼ ਤਰੱਕੀ ਨਹੀਂ ਕਰੇਗਾ।
ਕੱਲ੍ਹ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
ਇਸ ਤੋਂ ਪਹਿਲਾਂ ਵਿਨੇਸ਼ ਸ਼ੁੱਕਰਵਾਰ (30 ਅਗਸਤ) ਨੂੰ ਆਪਣੇ ਪਰਿਵਾਰ ਨਾਲ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੀ ਸੀ। ਇੱਥੇ ਉਨ੍ਹਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਸਨਮਾਨ ਕੀਤਾ ਗਿਆ। ਇਸ ਦੌਰਾਨ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਨੇਸ਼ ਨੂੰ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।