ਬੁੱਧਵਾਰ, ੨੭ ਚੇਤ (ਸੰਮਤ ੫੫੭ ਨਾਨਕਸ਼ਾਹੀ) ੯ ਅਪ੍ਰੈਲ, ੨੦੨੫ (ਅੰਗ: ੫੧੮)
ਸਲੋਕ ਮ:੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ ਮ: ੫ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥
ਵਿਆਖਿਆ
ਹੇ ਸੱਜਣ! ਮੈਂ ਸਦਾ ਤੇਰੇ ਪੈਰਾਂ ਦੀ ਖ਼ਾਕ ਹੋਇਆ ਰਹਾਂ, ਗੁਰੂ ਨਾਨਕ ਜੀ ਅਰਦਾਸ ਕਰਦੇ ਹਨ ਹੈ ਕਿ ਮੈਂ ਤੇਰੀ ਸਰਨ ਪਿਆ ਰਹਾਂ ਅਤੇ ਤੈਨੂੰ ਹੀ ਆਪਣੇ ਅੰਗ-ਸੰਗ ਵੇਖਾਂ ॥੧॥ (ਵਿਕਾਰਾਂ ਵਿਚ) ਡਿੱਗੇ ਹੋਏ ਭੀ ਬੇਅੰਤ ਜੀਵ ਪਵਿਤ੍ਰ ਹੋ ਜਾਂਦੇ ਹਨ ਜੇ ਉਹਨਾਂ ਦਾ ਮਨ ਪ੍ਰਭੂ ਦੇ ਚਰਨਾਂ ਵਿਚ ਲੱਗ ਜਾਏ, ਪ੍ਰਭੂ ਦਾ ਨਾਮ ਹੀ ਅਠਾਹਠ ਤੀਰਥ ਹੈ, ਪਰ, (ਗੁਰੂ ਨਾਨਕ ਜੀ ਆਪ ਨੂੰ ਕਹਿੰਦੇ ਹਨ) ਹੇ ਨਾਨਕ! (ਇਹ ਉਸ ਨੂੰ ਮਿਲਦਾ ਹੈ) ਜਿਸ ਦੇ ਮੱਥੇ ਤੇ ਭਾਗ (ਲਿਖੇ) ਹਨ ॥੨॥