16ਵੀਂ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦਾ ਅੱਜ ਤੀਜਾ ਤੇ ਆਖਰੀ ਦਿਨ ਹੈ। ਜਾਣਕਾਰੀ ਅਨੁਸਾਰ ਅੱਜ 4 ਪ੍ਰਸਤਾਵਾਂ ਨੂੰ ਮਨਜ਼ੂਰੀ ਲਈ ਸਦਨ ਵਿੱਚ ਰੱਖਿਆ ਜਾਵੇਗਾ।
ਜਾਣੋ ਕਿਹੜੇ ਹਨ ਪ੍ਰਸਤਾਵ
ਇਨ੍ਹਾਂ ਵਿੱਚ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ ਬਿੱਲ 2024, ਪੰਜਾਬ ਪੰਚਾਇਤੀ ਰਾਜ ਸੋਧ ਬਿੱਲ 2024, ਪੰਜਾਬ ਐਗਰੀਕਲਚਰਲ ਪ੍ਰੋਡਕਟਸ ਮਾਰਕੀਟ ਸੋਧ ਬਿੱਲ 2024 ਅਤੇ ਪੰਜਾਬ ਗੁੱਡਜ਼ ਐਂਡ ਸਰਵਿਸਿਜ਼ ਟੈਕਸ ਸੋਧ ਬਿੱਲ 2024 ਸ਼ਾਮਲ ਹਨ।
ਫਿਰ ਹੋ ਸਕਦਾ ਹੰਗਾਮਾ
ਵਿਧਾਨ ਸਭਾ ਵਿੱਚ ਵਿਰੋਧੀ ਪਾਰਟੀਆਂ ਵੀ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰ ਸਕਦੀਆਂ ਹਨ। ਇਸ ਦੇ ਨਾਲ ਹੀ ਅਸੀਂ ਸਦਨ ਨੂੰ ਵਧਾਉਣ ਦੀ ਮੰਗ ਵੀ ਹੋ ਸਕਦੀ ਹੈ। ਵਿਰੋਧੀ ਪਹਿਲੇ ਦਿਨ ਤੋਂ ਹੀ ਕਹਿ ਰਹੇ ਹਨ ਕਿ ਸਦਨ ਦਾ ਸਮਾਂ ਘੱਟ ਹੈ। ਇਸ ਵਿੱਚ ਸਾਰੇ ਵਿਧਾਇਕਾਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦਾ ਉਚਿਤ ਸਮਾਂ ਨਹੀਂ ਮਿਲੇਗਾ। ਦੱਸ ਦੇਈਏ ਕਿ ਬੀਤੇ ਦਿਨ ਵੀ ਸਦਨ ਵਿਚ ਖੂਬ ਹੰਗਾਮਾ ਹੋਇਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਚਕਾਰ ਬਹਿਸਬਾਜ਼ੀ ਹੋਈ ਇਸ ਦੇ ਨਾਲ ਹੀ ਬਾਜਵਾ ਮੰਤਰੀ ਕੁਲਦੀਪ ਧਾਲੀਵਾਲ ਨਾਲ ਵੀ ਖਹਿਬੜਦੇ ਹੋਏ ਨਜ਼ਰ ਆਏ।
ਬੀਤੇ ਦਿਨ ਇਹ ਬਿੱਲ ਹੋਇਆ ਪਾਸ
ਦੱਸ ਦੇਈਏ ਕਿ ਸਦਨ ਦੀ ਦੂਜੇ ਦਿਨ ਦੀ ਕਾਰਵਾਈ ਦੌਰਾਨ ਪੰਜਾਬ ਅਪਾਰਟਮੈਂਟ-ਪ੍ਰਾਪਰਟੀ ਰੈਗੂਲੇਸ਼ਨ ਬਿੱਲ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਇਸ ਮੌਕੇ ਸੀ ਐਮ ਮਾਨ ਨੇ ਕਿਹਾ ਕਿ ਇਸ ਬਿੱਲ ਨਾਲ ਆਮ ਲੋਕਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਵਿਰੋਧੀ ਪਾਰਟੀਆਂ ਦੇ ਆਗੂਆਂ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ।
ਉਨ੍ਹਾਂ ਦੱਸਿਆ ਕਿ 2 ਨਵੰਬਰ ਤੱਕ 500 ਵਰਗ ਗਜ਼ ਤੱਕ ਦੇ ਪਲਾਟ ਬਿਨਾਂ ਐਨ.ਓ.ਸੀ. ਤੋਂ ਰਜਿਸਟਰਡ ਕਰਵਾ ਸਕਣਗੇ। ਹਾਲਾਂਕਿ ਇਸ ਲਈ ਸੌਦੇ 31 ਜੁਲਾਈ ਤੱਕ ਹੋਣੇ ਚਾਹੀਦੇ ਹਨ। ਇਸ ਦੇ ਦਸਤਾਵੇਜ਼ ਦਿਖਾਉਣੇ ਪੈਣਗੇ। ਇਸ ਬਿੱਲ ਨਾਲ ਗੈਰ-ਕਾਨੂੰਨੀ ਕਲੋਨੀਆਂ ਨੂੰ ਰੈਗੂਲਰ ਨਹੀਂ ਕੀਤਾ ਜਾਵੇਗਾ, ਸਗੋਂ ਪਲਾਟ ਹੀ ਰੈਗੂਲਰ ਕੀਤੇ ਜਾਣਗੇ।