ਸ਼ੁੱਕਰਵਾਰ, ੨੧ ਮੱਘਰ (ਸੰਮਤ ੫੫੬ ਨਾਨਕਸ਼ਾਹੀ)
ਧਨਾਸਰੀ ਮਹਲਾ ੫ ॥
ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥
( ਵਿਆਖਿਆ )
ਹੇ ਭਾਈ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ । ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ) ।੧। ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ । ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ । ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ ।੧।ਰਹਾਉ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਜਿਸ ਮਨੁੱਖ ਦੇ ਪਾਸ ਹੈ, ਉਹੀ ਪੂਰਾ ਸਾਹੂਕਾਰ ਹੈ । ਉਹ ਮਨੁੱਖ ਹਰਿ-ਨਾਮ ਸਿਮਰਨ ਨੂੰ ਹੀ ਆਪਣਾ ਅਸਲੀ ਵਿਹਾਰ ਸਮਝਦਾ ਹੈ, ਨਾਮ ਦਾ ਹੀ ਉਸ ਨੂੰ ਆਸਰਾ ਰਹਿੰਦਾ ਹੈ, ਨਾਮ ਦੀ ਹੀ ਉਹ ਖੱਟੀ ਖੱਟਦਾ ਹੈ ।੨।੬।੩੭।