ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਦਸੂਹਾ ਵਿਖੇ ਮਰੀਜ਼ਾਂ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਦੀ ਟਰੱਕ ਨਾਲ ਟੱਕਰ ਹੋ ਗਈ। ਜਿਸ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਜਦਕਿ 5 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। 3 ਹੋਰਾਂ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ।
ਹਾਦਸਾ ਸਵੇਰੇ 3 ਵਜੇ ਵਾਪਰਿਆ
ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸਵੇਰੇ ਕਰੀਬ 3 ਵਜੇ ਵਾਪਰਿਆ। ਹਾਦਸਾ ਇੰਨਾ ਦਰਦਨਾਕ ਸੀ ਕਿ ਐਂਬੂਲੈਂਸ ਦੇ ਸ਼ੀਸ਼ੇ ਟੁੱਟ ਗਏ ਅਤੇ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। 2 ਜ਼ਖ਼ਮੀਆਂ ਨੂੰ ਮੁਕੇਰੀਆਂ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਦਕਿ 3 ਲੁਧਿਆਣਾ ਦੇ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।
ਐਂਬੂਲੈਂਸ ਅਚਾਨਕ ਕੰਟਰੋਲ ਤੋਂ ਬਾਹਰ ਹੋ ਗਈ
ਐਂਬੂਲੈਂਸ ਚਾਲਕ ਅਰੁਣ ਨੇ ਹਾਦਸੇ ਬਾਰੇ ਦੱਸਿਆ ਕਿ ਉਹ ਮਰੀਜ਼ਾਂ ਨੂੰ ਜੰਮੂ ਤੋਂ ਲੁਧਿਆਣਾ ਲੈ ਕੇ ਜਾ ਰਿਹਾ ਸੀ। ਇਸੇ ਦੌਰਾਨ ਦਸੂਹਾ ਨੇੜੇ ਐਂਬੂਲੈਂਸ ਅਚਾਨਕ ਬੇਕਾਬੂ ਹੋ ਕੇ ਸਾਹਮਣੇ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ 'ਚ ਐਂਬੂਲੈਂਸ 'ਚ ਸਵਾਰ ਲੋਕ ਜ਼ਖਮੀ ਹੋ ਗਏ।
ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ
ਪੁਲਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਦੋਵੇਂ ਵਾਹਨਾਂ, ਐਂਬੂਲੈਂਸ ਅਤੇ ਟਰੱਕ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।