ਅਮਰੀਕਾ ਦੇ ਰਾਸ਼ਟਰਪਤੀ ਬਣਦੇ ਹੀ ਡੋਨਾਲਡ ਟਰੰਪ ਨੇ ਦੇਸ਼ ਵਿੱਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਲੋਕਾਂ ਨੂੰ ਬਾਹਰ ਕੱਢਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਵ੍ਹਾਈਟ ਹਾਊਸ ਨੇ ਐਕਸ 'ਤੇ ਇੱਕ ਫੋਟੋ ਸਾਂਝੀ ਕੀਤੀ ਹੈ, ਜਿਸ ਵਿੱਚ ਲੋਕਾਂ ਦੇ ਹੱਥ-ਪੈਰ ਜ਼ੰਜੀਰਾਂ ਅਤੇ ਹੱਥਕੜੀਆਂ ਨਾਲ ਬੰਨ੍ਹੇ ਹੋਏ ਹਨ ਅਤੇ ਉਨ੍ਹਾਂ ਨੂੰ ਜਹਾਜ਼ ਵਿੱਚ ਲਿਜਾਇਆ ਜਾ ਰਿਹਾ ਹੈ। ਜੋ ਹੁਣ ਪੂਰੀ ਦੁਨੀਆ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ।
ਵ੍ਹਾਈਟ ਹਾਊਸ ਨੇ ਲਿਖਿਆ- ਟਰੰਪ ਦਾ ਦੁਨੀਆ ਨੂੰ ਸਪੱਸ਼ਟ ਸੰਦੇਸ਼
ਵ੍ਹਾਈਟ ਹਾਊਸ ਨੇ ਆਪਣੀ ਪੋਸਟ 'ਚ ਲਿਖਿਆ ਕਿ ਡਿਪੋਰਟਸ਼ਨ ਦੀਆਂ ਉਡਾਣਾਂ ਸ਼ੁਰੂ ਹੋ ਗਈਆਂ ਹਨ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪੂਰੀ ਦੁਨੀਆ ਨੂੰ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਜੇਕਰ ਤੁਸੀਂ ਅਮਰੀਕਾ ਵਿੱਚ ਦਾਖਲ ਹੁੰਦੇ ਹੋ, ਤਾਂ ਤੁਹਾਨੂੰ ਇਸਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਟਰੰਪ ਦੇ ਵਾਅਦੇ ਅਨੁਸਾਰ, ਸਮੂਹਿਕ ਦੇਸ਼ ਨਿਕਾਲੇ ਦਾ ਮਿਸ਼ਨ ਚੰਗੀ ਤਰ੍ਹਾਂ ਚੱਲ ਰਿਹਾ ਹੈ।
ਅਮਰੀਕਾ ਵਿੱਚ ਰਹਿ ਰਹੇ ਪ੍ਰਵਾਸੀਆਂ 'ਚ ਡਰ
ਵ੍ਹਾਈਟ ਹਾਊਸ ਦੇ ਅਨੁਸਾਰ, ਹੁਣ ਤੱਕ 538 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚ ਇੱਕ ਅੱਤਵਾਦੀ ਅਤੇ ਜਿਨਸੀ ਅਪਰਾਧਾਂ ਵਿੱਚ ਸ਼ਾਮਲ ਚਾਰ ਲੋਕ ਸ਼ਾਮਲ ਹਨ। ਟਰੰਪ ਸਰਕਾਰ ਦੀ ਇਸ ਕਾਰਵਾਈ ਤੋਂ ਬਾਅਦ ਅਮਰੀਕਾ ਵਿੱਚ ਰਹਿਣ ਵਾਲੇ ਪ੍ਰਵਾਸੀਆਂ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।
ਚੋਣਾਂ ਦੌਰਾਨ ਕੀਤਾ ਸੀ ਐਲਾਨ
ਤੁਹਾਨੂੰ ਦੱਸ ਦੇਈਏ ਕਿ ਰਾਸ਼ਟਰਪਤੀ ਚੋਣਾਂ ਦੌਰਾਨ ਹੀ ਟਰੰਪ ਨੇ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਲੋਕਾਂ ਵਿਰੁੱਧ ਕਾਰਵਾਈ ਕਰਨ ਦਾ ਵਾਅਦਾ ਕੀਤਾ ਸੀ। ਰਾਸ਼ਟਰਪਤੀ ਬਣਦੇ ਹੀ ਟਰੰਪ ਨੇ ਆਪਣਾ ਵਾਅਦਾ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਅਤੇ ਪ੍ਰਵਾਸੀਆਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ। ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੀ ਕਾਰਵਾਈ ਦੇਖੀ ਜਾ ਸਕਦੀ ਹੈ।