ਗੁਰਦਾਸਪੁਰ ਦੇ ਗੋਹਤ ਪੋਖਰ 'ਚ ਗੁਰਦੁਆਰੇ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਗੁੱਟਾਂ 'ਚ ਤਕਰਾਰ ਹੋ ਗਈ। ਗੁਰਦੁਆਰਾ ਸਾਹਿਬ ਦੇ ਅਹੁਦੇ ਸਬੰਧੀ ਮੀਟਿੰਗ ਬੁਲਾਈ ਗਈ। ਮਾਹੌਲ ਗਰਮਾਇਆ ਦੇਖ ਪਿੰਡ ਦੀਆਂ ਕੁਝ ਔਰਤਾਂ ਨੇ ਮਾਮਲਾ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਮਾਮਲਾ ਹੋਰ ਭਖ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਦੋਵੇਂ ਧਿਰਾਂ ਆਪਸ ਵਿੱਚ ਭਿੜ ਗਈਆਂ।
ਗੁਰਦੁਆਰੇ ਦੇ ਮੁਖੀ ਨੇ ਸਰਪੰਚ 'ਤੇ ਲਾਏ ਦੋਸ਼
ਗੁਰਦੁਆਰਾ ਸਾਹਿਬ ਦੇ ਮੌਜੂਦਾ ਪ੍ਰਧਾਨ ਜਸਬੀਰ ਸਿੰਘ ਨੇ ਦੱਸਿਆ ਕਿ ਪਿੰਡ ਦੇ ਮੌਜੂਦਾ ਸਰਪੰਚ ਨੇ ਤਿੰਨ ਸਾਲਾਂ ਲਈ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਉਨ੍ਹਾਂ ਨੂੰ ਸੌਂਪੀ ਸੀ। ਮੇਰੇ ਕਾਰਜਕਾਲ ਵਿੱਚ ਅਜੇ ਡੇਢ ਸਾਲ ਬਾਕੀ ਹੈ। ਉਨ੍ਹਾਂ ਕਿਹਾ ਕਿ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਗਏ ਹਨ ਅਤੇ ਪਿੰਡ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਗਈ। ਪਰ ਪਿੰਡ ਦੇ ਸਰਪੰਚ ਅਤੇ ਕੁਝ ਲੋਕ ਮੈਨੂੰ ਇਸ ਅਹੁਦੇ ਤੋਂ ਹਟਾ ਕੇ ਗੁਰਦੁਆਰਾ ਸਾਹਿਬ ਦੀ ਗੋਲਕ 'ਚੋਂ ਪੈਸੇ ਕਢਵਾਉਣਾ ਚਾਹੁੰਦੇ ਹਨ। ਮੈਂ ਉਨ੍ਹਾਂ ਨੂੰ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿੰਦਾ, ਜਿਸ ਕਾਰਨ ਉਹ ਮੈਨੂੰ ਇਸ ਅਹੁਦੇ ਤੋਂ ਹਟਾਉਣਾ ਚਾਹੁੰਦੇ ਹਨ।
ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਬੁਲਾਈ ਗਈ ਮੀਟਿੰਗ
ਗੁਰਦੁਆਰੇ ਦੇ ਮੁਖੀ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਪ੍ਰਧਾਨ ਦੇ ਅਹੁਦੇ ਲਈ ਮੁੜ ਮੀਟਿੰਗ ਸੱਦੀ ਗਈ ਹੈ। ਇੱਥੇ ਸਰਪੰਚ ਨੇ ਆਪਣੇ ਸਾਥੀਆਂ ਸਮੇਤ ਬਾਹਰੋਂ ਲੋਕਾਂ ਨੂੰ ਬੁਲਾ ਕੇ ਸਾਡੇ ਨਾਲ ਲੜਾਈ ਕਰਨੀ ਸੀ ਪਰ ਪਿੰਡ ਵਾਸੀਆਂ ਨੇ ਅਜਿਹਾ ਨਹੀਂ ਹੋਣ ਦਿੱਤਾ।
ਪ੍ਰਧਾਨ ਆਪਣੇ ਅਹੁਦੇ ਦੀ ਕਰ ਰਿਹਾ ਹੈ ਦੁਰਵਰਤੋਂ-ਸਰਪੰਚ
ਦੂਸਰੀ ਧਿਰ ਤੋਂ ਆਏ ਸਰਪੰਚ ਹਰਜਿੰਦਰ ਸਿੰਘ ਨੇ ਦੱਸਿਆ ਕਿ ਜਸਬੀਰ ਨੂੰ ਤਿੰਨ ਸਾਲਾਂ ਲਈ ਪ੍ਰਧਾਨ ਬਣਾਇਆ ਹੋਇਆ ਸੀ। ਉਸ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕੀਤੀ ਅਤੇ ਹਰ ਕਿਸੇ ਨਾਲ ਦੁਰਵਿਵਹਾਰ ਕਰ ਰਿਹਾ ਹੈ। ਪਿੰਡ ਦੇ ਲੋਕ ਮੇਰੇ ਕੋਲ ਕਈ ਸ਼ਿਕਾਇਤਾਂ ਲੈ ਕੇ ਆਉਂਦੇ ਸਨ। ਜਿਸ ਕਾਰਨ ਸਰਬਸੰਮਤੀ ਨਾਲ ਮੀਟਿੰਗ ਬੁਲਾਈ ਗਈ।
ਪੁਲਿਸ ਨੇ ਮਾਮਲਾ ਸੁਲਝਾ ਲਿਆ
ਇਸ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ। ਜਿੱਥੇ ਦੋਵੇਂ ਧਿਰਾਂ ਸ਼ਾਂਤ ਹੋ ਗਈਆਂ। ਅੱਗੇ ਜੋ ਵੀ ਸ਼ਿਕਾਇਤ ਆਵੇਗੀ ਉਸ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।