ਕੈਨੇਡਾ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ ਸੜਕ ਹਾਦਸੇ ਵਿਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕੈਨੇਡਾ ਦੇ ਓਨਟਾਰੀਓ ਵਿੱਚ ਇਹ ਭਿਆਨਕ ਸੜਕ ਹਾਦਸਾ ਵਾਪਰਿਆ। ਓਨਟਾਰੀਓ 'ਚ ਲੋਂਗ ਲੇਕ ਹਾਈਵੇਅ 11 'ਤੇ ਦੋ ਟਰੱਕਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ 'ਚ ਦੋ ਪੰਜਾਬੀ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਹਾਦਸੇ ਵਿੱਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ
ਇਸ ਹਾਦਸੇ ਵਿੱਚ ਟਰੱਕ ਦੇ ਪਿੱਛੇ ਬੈਠੇ ਦੋ ਨੌਜਵਾਨਾਂ ਦੀ ਜਾਨ ਬਚ ਗਈ। ਫਿਲਹਾਲ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਜਸਵਿੰਦਰ ਸਿੰਘ ਜੱਸੀ ਵਾਸੀ ਪਟਿਆਲਾ ਵਜੋਂ ਹੋਈ ਹੈ, ਜਦਕਿ ਦੂਜੇ ਮ੍ਰਿਤਕ ਨੌਜਵਾਨ ਦੀ ਪਛਾਣ ਰਾਹੁਲ ਬਜਾਜ ਵਾਸੀ ਮੁਹਾਲੀ ਵਜੋਂ ਹੋਈ ਹੈ।
ਪਰਿਵਾਰਕ ਮੈਂਬਰਾਂ ਦੀ ਭਾਰਤ ਸਰਕਾਰ ਨੂੰ ਅਪੀਲ
ਦੱਸਿਆ ਜਾ ਰਿਹਾ ਹੈ ਕਿ ਜਸਵਿੰਦਰ ਸਿੰਘ ਜੱਸੀ ਭੰਗੜਾ ਕੋਚ ਸੀ, ਜੋ ਟਰੱਕ ਡਰਾਈਵਰੀ ਵੀ ਕਰਦਾ ਸੀ। ਹਾਦਸੇ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰਕ ਮੈਂਬਰਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰਾਂ ਦੀਆਂ ਮ੍ਰਿਤਕ ਦੇਹਾਂ ਨੂੰ ਜਲਦ ਤੋਂ ਜਲਦ ਵਾਪਸ ਪੰਜਾਬ ਲਿਆਂਦਾ ਜਾਵੇ ਤਾਂ ਜੋ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ।