ਅਮਰੀਕਾ ਤੋਂ ਬਾਅਦ ਹੁਣ ਯੂਨਾਈਟਿਡ ਕਿੰਗਡਮ (ਯੂਕੇ) ਨੇ ਵੀ ਦੇਸ਼ ਵਿੱਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਲੋਕਾਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ ਹੈ। ਹਾਲ ਹੀ ਵਿੱਚ, ਯੂਕੇ ਵਿੱਚ 828 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ, ਜਿੱਥੋਂ 609 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਰਿਪੋਰਟ ਦੇ ਅਨੁਸਾਰ, ਗ੍ਰਿਫ਼ਤਾਰ ਕੀਤੇ ਗਏ ਜ਼ਿਆਦਾਤਰ ਲੋਕ ਪੰਜਾਬੀ ਹਨ, ਜੋ ਪੜ੍ਹਾਈ ਜਾਂ ਟੂਰਿਸਟ ਵੀਜ਼ੇ 'ਤੇ ਗਏ ਸਨ ਅਤੇ ਵੀਜ਼ੇ ਦੀ ਮਿਆਦ ਪੁੱਗਣ ਦੇ ਬਾਵਜੂਦ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਸਨ।
ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਰੁਜ਼ਗਾਰ ਦੇਣ ਵਾਲਿਆਂ ਵਿਰੁੱਧ ਵੀ ਹੋਵੇਗੀ ਕਾਰਵਾਈ
ਉੱਤਰੀ ਇੰਗਲੈਂਡ ਦੇ ਹੰਬਰਸਾਈਡ ਵਿੱਚ ਇੱਕ ਭਾਰਤੀ ਰੈਸਟੋਰੈਂਟ ਤੋਂ ਸੱਤ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਵਿੱਚੋਂ ਚਾਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਲੇਬਰ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਲਗਭਗ 19,000 ਵਿਦੇਸ਼ੀ ਅਪਰਾਧੀਆਂ ਅਤੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਹੈ। ਇਨ੍ਹਾਂ ਵਿੱਚੋਂ ਵੀ ਬਹੁਗਿਣਤੀ ਪੰਜਾਬੀ ਹਨ। ਇਸ ਸਖ਼ਤ ਕਾਰਵਾਈ ਦੇ ਨਤੀਜੇ ਵਜੋਂ, ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਨੌਕਰੀ 'ਤੇ ਰੱਖਣ ਵਾਲੇ ਮਾਲਕਾਂ 'ਤੇ ਭਾਰੀ ਜੁਰਮਾਨੇ ਵੀ ਲਗਾਏ ਜਾ ਰਹੇ ਹਨ। ਕਿਸੇ ਗੈਰ-ਕਾਨੂੰਨੀ ਕਰਮਚਾਰੀ ਨੂੰ ਨੌਕਰੀ 'ਤੇ ਰੱਖਣ 'ਤੇ ਮਾਲਕ ਨੂੰ £60,000 (60 ਲੱਖ ਰੁਪਏ) ਤੱਕ ਦਾ ਜੁਰਮਾਨਾ ਹੋ ਸਕਦਾ ਹੈ।
ਯੂਕੇ 'ਚ ਰਹਿਣ ਵਾਲੇ ਭਾਰਤੀਆਂ 'ਚ ਚਿੰਤਾ
ਯੂਕੇ ਵਿੱਚ ਰਹਿਣ ਵਾਲੇ ਕਿਰਪਾਲ ਸਿੰਘ ਦਾ ਕਹਿਣਾ ਹੈ ਕਿ ਇਹ ਕਦਮ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸਖ਼ਤ ਪ੍ਰਵਾਸ ਨੀਤੀ ਦੇ ਅਨੁਸਾਰ ਹੈ, ਜਿਨ੍ਹਾਂ ਨੇ ਹਾਲ ਹੀ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ 'ਤੇ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ। ਬ੍ਰਿਟੇਨ 'ਚ ਇਸ ਮੁਹਿੰਮ ਤੋਂ ਬਾਅਦ ਭਾਰਤੀ ਭਾਈਚਾਰੇ ਵਿੱਚ ਚਿੰਤਾ ਵਧ ਗਈ ਹੈ। ਖਾਸ ਕਰਕੇ ਛੋਟੇ ਕਾਰੋਬਾਰੀ ਮਾਲਕਾਂ ਵਿੱਚ, ਜਿਨ੍ਹਾਂ ਨੂੰ ਡਰ ਹੈ ਕਿ ਜੇਕਰ ਉਨ੍ਹਾਂ ਦਾ ਕੋਈ ਸਟਾਫ਼ ਗੈਰ-ਕਾਨੂੰਨੀ ਪ੍ਰਵਾਸੀ ਨਿਕਲਦਾ ਹੈ ਤਾਂ ਉਨ੍ਹਾਂ ਨੂੰ ਭਾਰੀ ਜੁਰਮਾਨੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਮਨੁੱਖੀ ਅਧਿਕਾਰ ਸੰਗਠਨ ਪ੍ਰਵਾਸੀਆਂ ਦੇ ਸਮਰਥਨ 'ਚ
ਮਨੁੱਖੀ ਅਧਿਕਾਰ ਸੰਗਠਨਾਂ ਨੇ ਕਿਹਾ ਹੈ ਕਿ ਸਰਕਾਰ ਨੂੰ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਬਾਹਰ ਕੱਢਣ ਦੀ ਬਜਾਏ ਉਨ੍ਹਾਂ ਨੂੰ ਕਾਨੂੰਨੀ ਬਣਾਉਣ ਦਾ ਮੌਕਾ ਦੇਣਾ ਚਾਹੀਦਾ ਹੈ ਪਰ ਸਰਕਾਰ ਆਪਣੀ ਸਖ਼ਤੀ ਜਾਰੀ ਰੱਖਣ ਦੇ ਮੂਡ ਵਿੱਚ ਹੈ। ਗ੍ਰਹਿ ਦਫ਼ਤਰ ਦੇ ਇਨਫੋਰਸਮੈਂਟ ਮੁਖੀ ਐਡੀ ਮੋਂਟਗੋਮਰੀ ਨੇ ਕਿਹਾ ਕਿ ਸਾਡੇ ਸਿਸਟਮ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਯੂਕੇ 'ਚ 7 ਲੱਖ ਤੋਂ ਵੱਧ ਹਨ ਪੰਜਾਬੀ
ਇਸ ਵੇਲੇ ਯੂਕੇ ਵਿੱਚ 7 ਲੱਖ ਤੋਂ ਵੱਧ ਪੰਜਾਬੀ ਹਨ ਅਤੇ ਜ਼ਿਆਦਾਤਰ ਸਿੱਖ ਭਾਈਚਾਰੇ ਦੇ ਹਨ। ਯੂਕੇ ਨੇ 2008 ਤੋਂ ਸਟੱਡੀ ਵੀਜ਼ਾ ਦੇ ਨਿਯਮਾਂ ਵਿੱਚ ਢਿੱਲ ਦਿੱਤੀ, ਜਿਸਦਾ ਫਾਇਦਾ ਉਠਾਉਂਦੇ ਹੋਏ ਵੱਡੀ ਗਿਣਤੀ ਵਿੱਚ ਨੌਜਵਾਨ ਸਟੱਡੀ ਵੀਜ਼ਾ 'ਤੇ ਯੂਕੇ ਗਏ। ਤਾਜ਼ਾ ਅਧਿਕਾਰਤ ਅੰਕੜਿਆਂ ਅਨੁਸਾਰ, ਯੂਕੇ ਵਿੱਚ 10 ਲੱਖ ਵਿਦਿਆਰਥੀਆਂ ਦੀ ਅੰਗਰੇਜ਼ੀ ਦੂਜੀ ਭਾਸ਼ਾ ਹੈ, ਜਦੋਂ ਕਿ ਜਿਨ੍ਹਾਂ ਵਿਦਿਆਰਥੀਆਂ ਦੀ ਪਹਿਲੀ ਭਾਸ਼ਾ ਅੰਗਰੇਜ਼ੀ ਨਹੀਂ ਹੈ, ਉਨ੍ਹਾਂ ਵਿੱਚੋਂ ਪੰਜਾਬੀ ਸਭ ਤੋਂ ਵੱਧ ਬੋਲੀ ਜਾਣ ਵਾਲੀ ਭਾਸ਼ਾ ਹੈ।