ਖ਼ਬਰਿਸਤਾਨ ਨੈੱਟਵਰਕ- ਪੰਜਾਬ ਇਸ ਸਮੇਂ ਹੜ੍ਹਾਂ ਅਤੇ ਮੀਂਹ ਦੀ ਮਾਰ ਝੱਲ ਰਿਹਾ ਹੈ। ਇਸ ਕਾਰਣ ਰਾਜਨੀਤਿਕ ਪਾਰਟੀਆਂ ਤੋਂ ਲੈ ਕੇ ਗੈਰ-ਸਰਕਾਰੀ ਸੰਗਠਨਾਂ ਤੱਕ ਹਰ ਕੋਈ ਹੜ੍ਹ ਪੀੜਤਾਂ ਦੀ ਮਦਦ ਲਈ ਕੰਮ ਕਰ ਰਿਹਾ ਹੈ। ਇਸ ਦੇ ਨਾਲ ਹੀ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪੰਜਾਬ ਆਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸਾਂਝੀ ਕਰ ਕੇ ਇਹ ਜਾਣਕਾਰੀ ਦਿੱਤੀ ਹੈ।
ਪੰਜਾਬ ਨੂੰ ਮਦਦ ਦਾ ਐਲਾਨ ਕੀਤਾ
ਸ਼ਿਵਰਾਜ ਸਿੰਘ ਚੌਹਾਨ ਨੇ ਲਿਖਿਆ ਕਿ ਅੱਜ ਉਨ੍ਹਾਂ ਨੇ ਪੰਜਾਬ ਦੇ ਰਾਜਪਾਲ, ਮੁੱਖ ਮੰਤਰੀ ਅਤੇ ਖੇਤੀਬਾੜੀ ਮੰਤਰੀ ਨਾਲ ਚਰਚਾ ਕੀਤੀ ਅਤੇ ਪੰਜਾਬ ਵਿੱਚ ਜ਼ਿਆਦਾ ਬਾਰਿਸ਼ਾਂ ਕਾਰਨ ਪੈਦਾ ਹੋਈ ਹੜ੍ਹ ਦੀ ਸਥਿਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ। ਮੈਂ ਕੱਲ੍ਹ ਸਵੇਰੇ ਪੰਜਾਬ ਪਹੁੰਚਾਂਗਾ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਆਪਣੇ ਭੈਣਾਂ-ਭਰਾਵਾਂ ਨੂੰ ਮਿਲਾਂਗਾ। ਸੰਕਟ ਦੀ ਇਸ ਘੜੀ ਵਿੱਚ, ਕੇਂਦਰ ਸਰਕਾਰ ਪੂਰੀ ਤਾਕਤ ਨਾਲ ਪੰਜਾਬ ਦੇ ਭੈਣਾਂ-ਭਰਾਵਾਂ ਨਾਲ ਖੜ੍ਹੀ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ।