ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ। ਸੈਸ਼ਨ ਦੀ ਸ਼ੁਰੂਆਤ ਮਰਹੂਮ ਸਾਬਕਾ ਕ੍ਰਿਕਟਰ ਬਿਸ਼ਨ ਸਿੰਘ ਬੇਦੀ ਤੇ ਸੁਲਤਾਨਪੁਰ ਲੋਧੀ ਵਿੱਚ ਨਿਹੰਗ ਸਿੰਘਾਂ ਅਤੇ ਪੁਲਸ ਦਰਮਿਆਨ ਹੋਈ ਝੜਪ ਵਿੱਚ ਸ਼ਹੀਦ ਹੋਏ ਹੋਮਗਾਰਡ ਜਸਪਾਲ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਗਈ। ਸੈਸ਼ਨ ਦੌਰਾਨ 2 ਮਿੰਟ ਦਾ ਮੌਨ ਵਰਤ ਰੱਖ ਕੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਬਾਅਦ ਸੈਸ਼ਨ ਦੀ ਕਾਰਵਾਈ ਅੱਧੇ ਘੰਟੇ ਲਈ ਮੁਲਤਵੀ ਕਰ ਦਿੱਤੀ ਗਈ।
ਵਿਧਾਇਕ ਪਰਗਟ ਸਿੰਘ ਨੇ ਰੋਪੜ ਦੀ ਮਹਿਲਾ ਪ੍ਰੋਫੈਸਰ ਨੂੰ ਸ਼ਰਧਾਂਜਲੀ ਦੇਣ ਦੀ ਕੀਤੀ ਮੰਗ
ਜਲੰਧਰ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਵੀ ਵਿਧਾਨ ਸਭਾ ਵਿੱਚ ਮੰਗ ਕੀਤੀ ਕਿ ਰੋਪੜ ਵਿੱਚ ਖੁਦਕੁਸ਼ੀ ਕਰਨ ਵਾਲੀ ਪ੍ਰੋਫੈਸਰ ਬਲਵਿੰਦਰ ਕੌਰ ਨੂੰ ਸ਼ਰਧਾਂਜਲੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਇਕ ਹੋਣਹਾਰ ਬੱਚਾ ਗੁਆ ਦਿੱਤਾ ਹੈ। ਸਦਨ ਨੂੰ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਦੇਣੀ ਚਾਹੀਦੀ ਹੈ।
ਪਰਗਟ ਸਿੰਘ ਨੇ ਹਰਜੋਤ ਬੈਂਸ 'ਤੇ ਚੁੱਕੇ ਸਵਾਲ
ਇਸ ਤੋਂ ਬਾਅਦ ਉਨ੍ਹਾਂ ਹਰਜੋਤ ਸਿੰਘ ਬੈਂਸ 'ਤੇ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਪਰਗਟ ਸਿੰਘ ਨੇ ਕਿਹਾ ਕਿ ਕਿਸ ਦੇ ਇਸ਼ਾਰੇ 'ਤੇ ਵਿਧਾਇਕ ਦੇ ਹਲਕੇ 'ਚ ਨਾਜਾਇਜ਼ ਮਾਈਨਿੰਗ ਹੋ ਰਹੀ ਹੈ | ਇਸ ਦਾ ਜਵਾਬ ਦਿੰਦਿਆਂ ਹਰਜੋਤ ਬੈਂਸ ਨੇ ਕਿਹਾ ਕਿ ਮੈਂ ਨਾਰਕੋ ਟੈਸਟ ਕਰਵਾਉਣ ਲਈ ਤਿਆਰ ਹਾਂ।
ਪ੍ਰਤਾਪ ਬਾਜਵਾ ਨੇ ਮੁਹੱਲਾ ਕਲੀਨਿਕ ਸਬੰਧੀ ਪੁੱਛੇ ਸਵਾਲ
ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਸਿਹਤ ਮੰਤਰੀ ਡਾ: ਬਲਬੀਰ ਤੋਂ ਪੁੱਛਿਆ ਕਿ ਪੰਜਾਬ ਵਿੱਚ ਹੁਣ ਤੱਕ ਕਿੰਨੇ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ ਤੇ ਉਨ੍ਹਾਂ ਦੇ ਹਲਕੇ ਵਿੱਚ ਕਿੰਨੇ ਖੋਲ੍ਹੇ ਗਏ ਹਨ। ਇਸ ਸਬੰਧੀ ਡਾ: ਬਲਬੀਰ ਸਿੰਘ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹਾ ਗੁਰਦਾਸਪੁਰ ਅੰਦਰ 35 ਮੁਹੱਲਾ ਕਲੀਨਿਕ ਚੱਲ ਰਹੇ ਹਨ, ਜਦੋਂ ਕਿ ਗੁਰਦਾਸਪੁਰ ਅਤੇ ਪਠਾਨਕੋਟ ਵਿੱਚ 70 ਹੋਰ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਗਈ ਹੈ।
ਬਿਨਾਂ ਪੀਲੀ ਨੰਬਰ ਪਲੇਟ ਵਾਲੀਆਂ ਟੈਕਸੀਆਂ 'ਤੇ ਕਾਰਵਾਈ ਕੀਤੀ ਜਾਵੇਗੀ
ਸੈਸ਼ਨ ਸ਼ੁਰੂ ਹੋਣ 'ਤੇ 'ਆਪ' ਵਿਧਾਇਕ ਕੁਲਵੰਤ ਸਿੰਘ ਨੇ ਨਾਜਾਇਜ਼ ਟੈਕਸੀਆਂ ਦਾ ਮੁੱਦਾ ਉਠਾਇਆ। ਜਿਸ 'ਤੇ ਮੰਤਰੀ ਲਾਲਜੀਤ ਭੁੱਲਰ ਨੇ ਕਿਹਾ ਕਿ 2023 ਦੀ ਨੀਤੀ 'ਤੇ ਕੰਮ ਕੀਤਾ ਜਾ ਰਿਹਾ ਹੈ। ਜਿਸ ਵਿੱਚ ਓਲਾ, ਉਬਰ ਅਤੇ ਬਲਾ-ਬਲਾ ਟੈਕਸੀਆਂ ਰਜਿਸਟਰਡ ਹੋਣਗੀਆਂ। ਜੇਕਰ ਕੋਈ ਟੈਕਸੀ ਪੀਲੀ ਨੰਬਰ ਪਲੇਟ ਤੋਂ ਬਿਨਾਂ ਚੱਲ ਰਹੀ ਹੈ ਤਾਂ ਉਸ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।