ਜਲੰਧਰ ਪੱਛਮੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਆਮ ਆਦਮੀ ਪਾਰਟੀ (ਆਪ) 'ਚ ਸ਼ਾਮਲ ਹੋ ਗਈ ਹੈ। ਜਿਸ ਤੋਂ ਬਾਅਦ ਜਲੰਧਰ ਕੈਂਟ ਤੋਂ ਅਕਾਲੀ ਦਲ ਦੇ ਇੰਚਾਰਜ ਹਰਜਾਪ ਸਿੰਘ ਸੰਘਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਸੁਰਜੀਤ ਕੌਰ ਬਾਗੀ ਉਮੀਦਵਾਰ ਸੀ । ਜਿਨ੍ਹਾਂ ਨੇ 'ਆਪ' 'ਚ ਸ਼ਾਮਲ ਹੋਣ ਦਾ ਫੈਸਲਾ ਲਿਆ । ਅਕਾਲੀ ਦਲ ਇਸ ਫੈਸਲੇ ਦੀ ਸਖ਼ਤ ਨਿਖੇਧੀ ਕਰਦਾ ਹੈ।
ਪਹਿਲਾਂ ਹੀ ਪਾਰਟੀ ਨੇ ਸੁਰਜੀਤ ਤੋਂ ਸਮਰਥਨ ਵਾਪਸ ਲਿਆ
ਦੱਸ ਦੇਈਏ ਕਿ ਅਕਾਲੀ ਦਲ 'ਚ ਬਗਾਵਤ ਤੋਂ ਬਾਅਦ ਪਾਰਟੀ ਨੇ ਸੁਰਜੀਤ ਕੌਰ ਨੂੰ ਸਮਰਥਨ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਹਰਜਾਪ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਕਈ ਬਾਗੀ ਆਗੂਆਂ ਨੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਸਿਆਸੀ ਵਿਸ਼ਵਾਸਘਾਤ ਦਾ ਰਾਹ ਚੁਣਿਆ ਹੈ। ਇਸੇ ਕਾਰਨ ਪਾਰਟੀ ਨੇ ਸੁਰਜੀਤ ਕੌਰ ਤੋਂ ਪਹਿਲਾਂ ਹੀ ਆਪਣਾ ਸਮਰਥਨ ਵਾਪਸ ਲੈ ਲਿਆ ਸੀ। ਇਹ ਬਾਗੀ ਆਗੂ ਹਿੱਤ ਧਰਕਾਂ ਸਮੇਤ ਪੰਜਾਬ ਦੇ ਲੋਕਾਂ 'ਚ ਘੱਟਾ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਇਨ੍ਹਾਂ ਦੇ ਇਰਾਦੇ ਕਦੇ ਵੀ ਕਾਮਯਾਬ ਨਹੀਂ ਹੋਣਗੇ।
ਮਾਫੀ ਮੰਗਣ ਦਾ ਝੂਠ ਨਾਟਕ ਕਰਕੇ ਅੱਖਾਂ ਚ ਪਾ ਰਹੇ ਧੂੜ
ਉਨਾਂ ਨੇ ਦਰਬਾਰ ਸਾਹਿਬ ਜਾ ਕੇ, ਕਬੂਲਨਾਮੇ ਅਤੇ ਪਛਤਾਵੇ ਦਾ ਝੂਠ ਨਾਟਕ ਕਰਕੇ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਪਰ ਸੱਚਾਈ ਇਹ ਹੈ ਕਿ ਸਾਡੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲ ਤਖ਼ਤ ਸਾਹਿਬ, ਜੋ ਕਿ ਸਿੱਖਾਂ ਦੀ ਸਿਆਸੀ ਤਾਕਤ ਹੈ, ਦਿਲੋਂ ਮੁਆਫੀ ਮੰਗੀ। ਇਹ ਬਾਗੀ ਆਗੂ ਸਿਰਫ਼ ਆਪਣੇ ਨਿੱਜੀ ਹਿੱਤਾਂ ਲਈ ਸੰਗਤਾਂ ਦੀਆਂ ਅੱਖਾਂ ਵਿੱਚ ਧੂੜ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ
ਹਰਜਾਪ ਦਾ ਕਹਿਣਾ ਹੈ ਕਿ ਅਕਾਲੀ ਦਲ ਸਪੱਸ਼ਟ ਕਰਨਾ ਚਾਹੁੰਦਾ ਹੈ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇਤਾਵਾਂ ਨੂੰ ਬਖਸ਼ਿਆ ਨਹੀਂ ਜਾਵੇਗਾ , ਜੋ ਅਕਾਲੀ ਦਲ 'ਚ ਤਾਂ ਹੈ ਹਨ ਪਰ ਭਾਸ਼ਾ ਕੇਂਦਰੀ ਪਾਰਟੀਆਂ ਦੀ ਬੋਲ ਰਹੇ ਹਨ। ਉਨ੍ਹਾਂ ਦੇ ਨਿੱਜੀ ਹਿੱਤਾਂ ਨੇ ਪਾਰਟੀ ਨੂੰ ਨੁਕਸਾਨ ਪਹੁੰਚਾਇਆ ਹੈ ਅਤੇ ਉਹ ਹਾਰ ਲਈ ਦੂਜਿਆਂ 'ਤੇ ਦੋਸ਼ ਲਗਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਕੰਮ ਕਰਦਾ ਰਹੇਗਾ |